ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਨੇ ਕਈ ਹਜ਼ਾਰ ਕਰੋੜ ਰੁਪਏ ਦੇ ਪਰਲ ਗਰੁੱਪ ਘੁਟਾਲੇ (Pearl Group scam) ਦੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਰਲ ਗਰੁੱਪ ਵੱਲੋਂ ਠੱਗੀ ਮਾਰਨ ਵਾਲਿਆਂ ਨੂੰ ਇਨਸਾਫ਼ ਦਿਵਾਉਣ ਦਾ ਵਾਅਦਾ ਕੀਤਾ ਸੀ। ਪਰਲ ਘੁਟਾਲੇ ’ਚ ਫਿਰੋਜਪੁਰ ਜ਼ਿਲ੍ਹੇ ਦੇ ਜੀਰਾ ਥਾਣੇ ਵਿੱਚ ਅਤੇ ਸਟੇਟ ਕ੍ਰਾਈਮ ਥਾਣਾ ਮੁਹਾਲੀ (ਐਸਏਐਸ ਨਗਰ) ਵਿੱਚ ਦਰਜ ਹੈ।
ਮਾਮਲੇ ਦੀ ਜਾਂਚ ਵਿਜੀਲੈਂਸ ਤੇ ਆਰਥਿਕ ਸ਼ਾਖਾ ਕਰੇਗੀ। ਮਾਮਲੇ ਦੀਆਂ ਪਰਤਾਂ ਖੋਲ੍ਹਣ ਲਈ ਅਧਿਕਾਰੀਆਂ ਦੀਆਂ ਟੀਮਾਂ ਬਣਾਈਆਂ ਗਈਆਂ ਹਨ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਕਈ ਸਾਲਾਂ ਵਿੱਚ ਪਰਲ ਗਰੁੱਪ ਨੇ ਹਜ਼ਾਰਾਂ ਕਰੋੜ ਰੁਪਏ ਦੀ ਹੇਰਾਫੇਰੀ ਕੀਤੀ ਹੈ। ਸਰਕਾਰ ਨੇ ਵਿਜੀਲੈਂਸ ਨੂੰ ਹੁਕਮ ਦਿੱਤੇ ਹਨ ਕਿ ਇਸ ਮਾਮਲੇ ਵਿੱਚ ਦੋਸ਼ੀ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਾ ਜਾਵੇ। ਪੰਜਾਬ ਵਿੱਚ ਕਰੀਬ 10 ਲੱਖ ਲੋਕ ਪਰਲ ਗਰੁੱਪ ਦੀ ਧੋਖਾਧੜੀ ਦਾ ਸ਼ਿਕਾਰ ਹੋਏ।
ਵਿਜੀਲੈਂਸ ਨੂੰ ਇਸ ਮਾਮਲੇ ਵਿੱਚ ਸਬੂਤ ਇਕੱਠੇ ਕਰਨ ਲਈ ਕਿਹਾ ਗਿਆ ਸੀ। ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਦੀਆਂ ਸਿਫਾਰਸਾਂ ਕਾਰਨ ਇਹ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪੀ ਗਈ ਹੈ। ਦੱਸ ਦੇਈਏ ਕਿ ਸੁਪਰੀਮ ਕੋਰਟ ਦੇ ਜਸਟਿਸ ਆਰਐੱਮ ਦੀ ਅਗਵਾਈ ਹੇਠ ਇਕ ਕਮੇਟੀ ਦਾ ਗਠਨ ਕੀਤਾ ਗਿਆ। ਇਸ ਕਮੇਟੀ ਨੇ ਸਿਫਾਰਿਸ਼ ਕੀਤੀ ਹੈ ਕਿ ਜਿੱਥੇ ਲੋਕਾਂ ਨਾਲ ਵੱਡੇ ਪੱਧਰ ’ਤੇ ਠੱਗੀ ਹੋਈ ਹੈ, ਉਸ ਦੀ ਵਿਸ਼ੇਸ਼ ਜਾਂਚ ਹੋਣੀ ਚਾਹੀਦੀ ਹੈ। ਪਰਲ ਗਰੁੱਪ ਦੇ ਕਈ ਕੇਸ ਅਦਾਲਤਾਂ ਵਿੱਚ ਚੱਲ ਰਹੇ ਹਨ। ਵਿਜੀਲੈਂਸ ਦੀ ਜਾਂਚ ਤੋਂ ਬਾਅਦ ਉਨ੍ਹਾਂ ਨਿਵੇਸ਼ਕਾਂ ਲਈ ਉਮੀਦ ਦੀ ਕਿਰਨ ਦਿਖਾਈ ਦੇਣ ਲੱਗੀ ਹੈ, ਜਿਨ੍ਹਾਂ ਦੇ ਕਰੋੜਾਂ ਰੁਪਏ ਇਸ ਘੁਟਾਲੇ ਵਿੱਚ ਡੁੱਬ ਗਏ ਹਨ। ਪਰਲ ਗਰੁੱਪ ਨੇ ਜਾਇਦਾਦ ’ਚ ਨਿਵੇਸ਼ ਕਰਨ ਦੇ ਨਾਂਅ ’ਤੇ ਲੋਕਾਂ ਤੋਂ ਹਜ਼ਾਰਾਂ ਕਰੋੜ ਰੁਪਏ ਲੁੱਟੇ ਸਨ।
5.50 ਕਰੋੜ ਨਿਵੇਸ਼ਕਾਂ ਨਾਲ 60 ਹਜਾਰ ਕਰੋੜ ਦੀ ਠੱਗੀ
ਪਰਲ ਗਰੁੱਪ ’ਤੇ ਦੋਸ਼ ਹੈ ਕਿ ਉਸ ਨੇ ਦੇਸ਼ ਭਰ ’ਚ ਕਰੀਬ 5.50 ਕਰੋੜ ਲੋਕਾਂ ਨੂੰ ਜਾਇਦਾਦਾਂ ’ਚ ਨਿਵੇਸ਼ ਕਰਨ ਲਈ ਕਿਹਾ ਹੈ। ਇਸ ਤੋਂ ਕਰੀਬ 60 ਹਜਾਰ ਕਰੋੜ ਰੁਪਏ ਕਮਾਏ। ਨਿਵੇਸ਼ਕਾਂ ਨੂੰ ਫਰਜੀ ਅਲਾਟਮੈਂਟ ਪੱਤਰ ਸੌਂਪੇ ਗਏ। ਫਿਰ ਕੰਪਨੀ ਨੇ ਇਹ ਪੈਸਾ ਹੜੱਪ ਲਿਆ।
ਮਾਨ ਨੇ ਲੋਕ ਸਭਾ ਵਿੱਚ ਆਪਣੀ ਆਵਾਜ ਬੁਲੰਦ ਕੀਤੀ | Pearl Group scam
ਭਗਵੰਤ ਮਾਨ ਇਸ ਤੋਂ ਪਹਿਲਾਂ ਸੰਗਰੂਰ ਤੋਂ ਲੋਕ ਸਭਾ ਮੈਂਬਰ ਸਨ। ਇਸ ਦੌਰਾਨ ਉਨ੍ਹਾਂ ਨੇ ਸੰਸਦ ’ਚ ਪਰਲ ਗਰੁੱਪ ਦੀ ਧੋਖਾਧੜੀ ਦਾ ਮੁੱਦਾ ਉਠਾਇਆ। ਹੁਣ ਧੋਖਾਧੜੀ ਦੇ ਸ਼ਿਕਾਰ ਲੋਕਾਂ ਨੂੰ ਉਮੀਦ ਹੈ ਕਿ ਸੀਐਮ ਬਣਨ ਤੋਂ ਬਾਅਦ ਭਗਵੰਤ ਮਾਨ ਉਨ੍ਹਾਂ ਦੇ ਪੈਸੇ ਵਾਪਸ ਕਰਵਾ ਲੈਣਗੇ। ਪਰਲ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਨੂੰ ਜਨਵਰੀ ਵਿੱਚ ਗਿ੍ਰਫਤਾਰ ਕੀਤਾ ਗਿਆ ਸੀ।