ਸੂਬਾ ਚੋਣ ਕਮਿਸ਼ਨ ਨੇ ਐਲਾਨ ਕੀਤਾ ਚੋਣ ਪ੍ਰੋਗਰਾਮ, ਸੂਬੇ ਵਿੱਚ ਲੱਗਿਆ ਚੋਣ ਜਾਬਤਾ
30 ਜਨਵਰੀ ਤੋਂ ਸ਼ੁਰੂ ਹੋਣਗੀਆਂ ਨਾਮਜ਼ਦਗੀਆਂ, ਆਖ਼ਰੀ ਤਰੀਕ 3 ਫਰਵਰੀ
ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਵਿਧਾਨ ਸਭਾ ਚੋਣਾਂ ਦੇ ਫਾਈਨਲ ਤੋਂ ਪਹਿਲਾਂ ਪੰਜਾਬ ਵਿੱਚ ਸ਼ਹਿਰੀ ਚੋਣਾਂ ਦਾ ਸੈਮੀਫਾਈਨਲ 14 ਫਰਵਰੀ ਨੂੰ ਹੋਣ ਜਾ ਰਿਹਾ ਹੈ। ਸੂਬਾ ਚੋਣ ਕਮਿਸ਼ਨ ਵੱਲੋਂ ਸ਼ਹਿਰੀ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। 16 ਜਨਵਰੀ ਨੂੰ ਇਨਾਂ ਚੋਣ ਪ੍ਰੋਗਰਾਮ ਦੇ ਐਲਾਨ ਹੁੰਦੇ ਸਾਰ ਹੀ ਪੰਜਾਬ ਵਿੱਚ ਚੋਣ ਜਾਬਤਾ ਲੱਗ ਗਿਆ ਹੈ ਤੇ 30 ਜਨਵਰੀ ਤੋਂ ਸ਼ਹਿਰੀ ਚੋਣਾਂ ਦੀ ਪ੍ਰਕਿਰਿਆ ਸ਼ੁਰੂ ਹੋ ਜਾਏਗੀ। 30 ਜਨਵਰੀ ਤੋਂ ਉਮੀਦਵਾਰ ਆਪਣੇ ਨਾਮਜਦਗੀ ਕਾਗਜ਼ ਦਾਖਲ ਕਰ ਸਕਣਗੇ। ਸੂਬਾ ਚੋਣ ਕਮਿਸ਼ਨਰ ਜਗਪਾਲ ਸੰਧੂ ਵਲੋਂ ਐਲਾਨ ਕੀਤੇ ਗਏ ਚੋਣ ਪ੍ਰੋਗਰਾਮ ਅਨੁਸਾਰ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 30 ਜਨਵਰੀ ਤੋਂ ਸ਼ੁਰੂ ਹੋਵੇਗੀ ਅਤੇ 3 ਫਰਵਰੀ ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ ਹੋਵੇਗੀ।
ਨਾਮਜ਼ਦਗੀਆਂ ਦੀ ਪੜਤਾਲ 4 ਫਰਵਰੀ ਨੂੰ ਕੀਤੀ ਜਾਏਗੀ ਜਦੋਂ ਕਿ ਨਾਮਜਦਗੀਆਂ ਵਾਪਸ ਲੈਣ ਦੀ ਤਰੀਕ 5 ਫਰਵਰੀ ਹੈ ਅਤੇ ਇਸੇ ਤਾਰੀਖ਼ ਨੂੰ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। ਚੋਣ ਪ੍ਰਚਾਰ ਮਿਤੀ 12 ਫਰਵਰੀ ਨੂੰ ਸਾਮ 5 ਵਜੇ ਤੱਕ ਕੀਤਾ ਜਾ ਸਕੇਗਾ। ਜਗਪਾਲ ਸੰਧੂ ਅਨੁਸਾਰ 14 ਫਰਵਰੀ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ ਤਾਂ ਵੋਟਾਂ ਦੀ ਗਿਣਤੀ 17 ਫਰਵਰੀ ਨੂੰ ਕੀਤੀ ਜਾਏਗੀ। ਚੋਣਾਂ ਕਰਵਾਉਣ ਲਈ 145 ਰਿਟਰਨਿੰਗ ਅਫ਼ਸਰ ਅਤੇ 145 ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕੀਤੇ ਗਏ ਹਨ। ਇਨਾਂ ਚੋਣਾਂ ਨੂੰ ਨਿਰਪੱਖਤਾ ਅਤੇ ਪਾਰਦਰਸੀ ਤਰੀਕੇ ਨਾਲ ਨੇਪਰੇ ਚਾੜਨ ਲਈ 30 ਆਈ.ਏ.ਐਸ./ਪੀ.ਸੀ.ਐਸ. ਨੂੰ ਚੋਣ ਅਬਜਰਵਰ ਅਤੇ 6 ਆਈ.ਪੀ.ਐਸ. ਅਧਿਕਾਰੀਆਂ ਨੂੰ ਪੁਲਿਸ ਅਬਜਰਵਰ ਲਗਾਏ ਗਏ ਹਨ।
ਸੂਬਾ ਚੋਣ ਕਮਿਸ਼ਨਰ ਜਗਪਾਲ ਸਿੰਘ ਸੰਧੂ ਨੇ ਦੱਸਿਆ ਕਿ 8 ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਇਸ ਪ੍ਰੋਗਰਾਮ ਅਨੁਸਾਰ ਹੋਣਗੀਆਂ। ਇਨਾਂ ਚੋਣਾਂ ਲਈ ਸੂਬੇ ਵਿੱਚ 20,49,777 ਪੁਰਸ਼, 18,65,354 ਮਹਿਲਾ ਅਤੇ 149 ਟ੍ਰਾਂਸਜੈਂਡਰ ਵੋਟਰਾਂ ਦੇ ਨਾਲ ਕੁੱਲ 39,15,280 ਰਜਿਸਟਰਡ ਵੋਟਰ ਹਨ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜਗਪਾਲ ਸਿੰਘ ਸੰਧੂ ਨੇ ਕਿਹਾ ਕਿ ਉਨਾਂ ਕਿਹਾ ਕਿ ਸੂਬੇ ਵਿੱਚ 8 ਨਗਰ ਨਿਗਮਾਂ ਲਈ 400 ਅਤੇ 109 ਨਗਰ ਕੌਂਸਲਾਂ/ਨਗਰ ਪੰਚਾਇਤਾਂ ਲਈ 1902 ਮੈਂਬਰ ਚੁਣੇ ਜਾਣਗੇ। ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਿਉਂਸੀਪਲ ਚੋਣਾਂ ਵਿੱਚ ਮਹਿਲਾਵਾਂ ਲਈ 50 ਫੀਸਦੀ ਰਾਖਵਾਂਕਰਨ ਦਿੱਤਾ ਗਿਆ ਹੈ। ਚੋਣ ਕਮਿਸ਼ਨ ਵੱਲੋਂ 4102 ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ ਅਤੇ 18000 ਕਰਮਚਾਰੀਆਂ ਦੀ ਚੋਣ ਡਿਊਟੀ ਲਗਾਈ ਜਾਵੇਗੀ। ਇਹ ਚੋਣਾਂ ਈ.ਵੀ.ਐਮ. ਰਾਹੀਂ ਹੋਣਗੀਆਂ। ਇਸ ਮੰਤਵ ਲਈ 7000 ਈ.ਵੀ.ਐਮਜ਼ ਦਾ ਪ੍ਰਬੰਧ ਕੀਤਾ ਗਿਆ ਹੈ।
ਰਾਜ ਚੋਣ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਨਗਰ ਨਿਗਮ ਦੇ ਉਮੀਦਵਾਰ ਲਈ ਖਰਚਾ ਹੱਦ 3 ਲੱਖ ਰੁਪਏ, ਨਗਰ ਕੌਂਸਲ ਕਲਾਸ -1 ਦੇ ਉਮੀਦਵਾਰ ਲਈ 2.70 ਲੱਖ ਰੁਪਏ, ਕਲਾਸ-2 ਲਈ 1.70 ਲੱਖ ਰੁਪਏ, ਕਲਾਸ-3 ਲਈ 1.45 ਲੱਖ ਰੁਪਏ ਅਤੇ ਨਗਰ ਪੰਚਾਇਤਾਂ ਦੇ ਉਮੀਦਵਾਰਾਂ ਲਈ ਖ਼ਰਚਾ ਹੱਦ 1.05 ਲੱਖ ਰੁਪਏ ਨਿਰਧਾਰਤ ਕੀਤੀ ਗਈ ਹੈ। ਉਨਾਂ ਦੱਸਿਆ ਕਿ ਨਗਰ ਨਿਗਮ ਲਈ ਅਬੋਹਰ, ਬਟਾਲਾ, ਕਪੂਰਥਲਾ, ਮੋਹਾਲੀ, ਹੁਸਿਆਪੁਰ, ਪਠਾਨਕੋਟ, ਮੋਗਾ, ਬਠਿੰਡਾ ਇਸ ਤੋਂ ਇਲਾਵਾ ਨਗਰ ਨਿਗਮ ਅੰਮਿ੍ਰਤਸਰ ਦੇ ਵਾਰਡ ਨੰ. 37 ਬੀ.ਸੀ. ਲਈ ਰਾਖਵਾਂ, ਵਿੱਚ ਜ਼ਿਮਨੀ ਚੋਣਾਂ ਹੋਣਗੀਆਂ।
ਫਗਵਾੜਾ ਨਿਗਮ ਦੀਆਂ ਲੇਟ ਹੋਣਗੀਆਂ ਚੋਣਾਂ
ਸੂਬਾ ਚੋਣ ਕਮਿਸ਼ਨਰ ਜਗਪਾਲ ਸੰਧੂ ਨੇ ਦੱਸਿਆ ਕਿ ਨਗਰ ਨਿਗਮ ਫਗਵਾੜਾ ਦੇ ਈ.ਆਰ.ਉ. ਵਲੋਂ ਤਿਆਰ ਕੀਤੀਆਂ ਗਈਆਂ ਵੋਟਰ ਸੂਚੀਆਂ ਵਿੱਚ ਕਮੀਆਂ ਸਾਹਮਣੇ ਆਈਆਂ ਹਨ ਜਿਸ ਕਾਰਨ ਵੋਟਰ ਸੂਚੀਆਂ ਦੁਬਾਰਾ ਤਿਆਰ ਕਰਨ ਉਪਰੰਤ ਹੀ ਨਗਰ ਨਿਗਮ ਫਗਵਾੜਾ ਦੀਆਂ ਚੋਣਾਂ ਕਰਵਾਈ ਜਾਣਗੀਆਂ। ਇਸ ਸਬੰਧੀ ਚੋਣ ਪ੍ਰੋਗਰਾਮ ਬਾਅਦ ਵਿੱਚ ਐਲਾਨ ਕੀਤਾ ਜਾਏਗਾ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.