ਪੰਜਾਬ ਦੇ ਰਾਜਪਾਲ ਵੱਲੋਂ ਸੈਸ਼ਨ ਸੱਦਣ ਦੀ ਇਜਾਜ਼ਤ ਨੂੰ ਲਿਆ ਗਿਆ ਵਾਪਸ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਭਗਵੰਤ ਮਾਨ ਦੀ ਸਰਕਾਰ ਵਲੋਂ ਸੱਦੇ ਗਏ ਇੱਕ ਦਿਨਾਂ ਵਿਧਾਨ ਸਭਾ ਸੈਸ਼ਨ ਨੂੰ ਪੰਜਾਬ ਦੇ ਰਾਜਪਾਲ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਹੁਣ ਅੱਜ ਵੀਰਵਾਰ ਨੂੰ ਹੋਣ ਵਾਲੇ ਵਿਧਾਨ ਸਭਾ ਸੈਸ਼ਨ ਦੀ ਬੈਠਕ ਨੂੰ ਨਹੀਂ ਕੀਤਾ ਜਾ ਸਕਦਾ ਹੈ। ਪੰਜਾਬ ਦੇ ਰਾਜਪਾਲ ਵੱਲੋਂ 20 ਸਤੰਬਰ ਨੂੰ ਦਿੱਤੀ ਗਈ ਸੈਸ਼ਨ ਸੱਦਣ ਦੀ ਇਜਾਜ਼ਤ ਨੂੰ ਵਾਪਸ ਲੈ ਲਿਆ ਗਿਆ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਇਹ ਵੱਡੀ ਕਾਰਵਾਈ ਕੀਤੀ ਗਈ ਹੈ, ਜਿਸ ਨਾਲ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਵੱਡਾ ਝਟਕਾ ਲੱਗਿਆ ਹੈ। (Punjab Vidhan Sabha Update)
-
ਕਾਨੂੰਨੀ ਸਲਾਹ ਲੈਣ ਤੋਂ ਬਾਅਦ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਲਿਆ ਫੈਸਲਾ
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਬੁੱਧਵਾਰ ਸ਼ਾਮ ਨੂੰ ਇੱਕ ਆਦੇਸ਼ ਜਾਰੀ ਕਰਦੇ ਹੋਏ ਕਿਹਾ ਗਿਆ ਕਿ ਉਨਾਂ ਦੇ ਦਫ਼ਤਰ ਨੂੰ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਤੇ ਸੁਖਪਾਲ ਖਹਿਰਾ ਵਲੋਂ ਇੱਕ ਪੱਤਰ ਭੇਜਿਆ ਗਿਆ ਸੀ। ਜਿਸ ਵਿੱਚ ਇਹ ਲਿਖਿਆ ਗਿਆ ਸੀ ਕਿ ਪੰਜਾਬ ਸਰਕਾਰ ਵਲੋਂ ਸੱਦਿਆ ਗਿਆ ਸੈਸ਼ਨ ਨਿਯਮਾਂ ਤੋਂ ਉਲਟ ਹੈ, ਕਿਉਂਕਿ ਹਮੇਸ਼ਾ ਹੀ ਸਰਕਾਰ ’ਤੇ ਬੇਭਰੋਸਗੀ ਪੇਸ਼ ਕਰਨ ਲਈ ਮਤਾ ਪੇਸ਼ ਕੀਤਾ ਜਾਂਦਾ ਰਿਹਾ ਹੈ ਪਰ ਸਰਕਾਰ ਵੱਲੋਂ ਭਰੋਸਗੀ ਮਤਾ ਪੇਸ਼ ਕੀਤਾ ਜਾਏਗਾ, ਇਹ ਸੰਵਿਧਾਨ ਦੀ ਪਰਿਭਾਸ਼ਾ ਵਿੱਚ ਹੀ ਨਹੀਂ ਹੈ ਅਤੇ ਵਿਧਾਨ ਸਭਾ ਦੇ ਨਿਯਮਾਂ ਵਿੱਚ ਵੀ ਇਹੋ ਜਿਹਾ ਕੁਝ ਨਹੀਂ ਹੈ।
ਬਨਵਾਰੀ ਲਾਲ ਪੁਰੋਹਿਤ ਦੇ ਦਫ਼ਤਰ ਅਨੁਸਾਰ ਇਸ ਮਾਮਲੇ ਵਿੱਚ ਏ.ਐਸ.ਜੀ ਭਾਰਤ ਸਰਕਾਰ ਸੱਤਿਆ ਪਾਲ ਜੈਨ ਨੂੰ ਕਾਨੂੰਨੀ ਸਲਾਹ ਦੇਣ ਲਈ ਕਿਹਾ ਸੀ ਤਾਂ ਸੱਤਿਆ ਪਾਲ ਜੈਨ ਵੱਲੋਂ ਆਪਣੀ ਸਲਾਹ ਦਿੱਤੀ ਗਈ ਕਿ ਪੰਜਾਬ ਵਿਧਾਨ ਸਭਾ ਦੇ ਨਿਯਮਾਂ ਵਿੱਚ ਭਰੋਸਗੀ ਦਾ ਮਤਾ ਪੇਸ਼ ਕਰਨ ਲਈ ਕੋਈ ਖ਼ਾਸ ਨਿਯਮ ਨਹੀਂ ਹੈ। ਇਸ ਸਲਾਹ ਮਿਲਣ ਤੋਂ ਬਾਅਦ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਵਿਧਾਨ ਸਭਾ ਦਾ ਸੈਸ਼ਨ ਸੱਦਣ ਦੀ ਇਜਾਜ਼ਤ ਨੂੰ ਵਾਪਸ ਲੈ ਲਿਆ ਗਿਆ।
ਇਹ ਵੀ ਪੜ੍ਹੋ :ਆਮ ਆਦਮੀ ਪਾਰਟੀ ਨੇ ਜਾਰੀ ਕੀਤਾ ਵਿੱਪ, ਸਾਰੇ ਵਿਧਾਇਕਾਂ ਨੂੰ ਹਾਜ਼ਰ ਰਹਿਣ ਦੇ ਆਦੇਸ਼ ਜਾਰੀ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ