ਬਾਰ੍ਹਵੀਂ ‘ਚ ਅੱਵਲ ਬੱਚਿਆਂ ਨੂੰ ਮਿਲੇਗੀ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ

PSEB 12th Result

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਬੱਚਿਆਂ ਨੂੰ ਦਿੱਤੀ ਵਧਾਈ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐੱਸ.ਈ.ਬੀ.) ਵੱਲੋਂ ਬੁੱਧਵਾਰ ਨੂੰ ਐਲਾਨੇ ਗਏ ਬਾਰ੍ਹਵੀਂ ਦੀ ਪ੍ਰੀਖਿਆ ਦੇ ਨਤੀਜੇ (PSEB 12th Result) ਵਿੱਚੋਂ ਅੱਵਲ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਜਲਦੀ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ 51 ਹਜ਼ਾਰ ਰੁਪਏ ਦੇ ਨਕਦ ਪੁਰਸਕਾਰ ਨਾਲ ਸਨਮਾਨਿਤ ਕਰੇਗੀ।

ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਲੜਕੀਆਂ ਨੇ ਇਕ ਵਾਰ ਫਿਰ ਪ੍ਰੀਖਿਆ ਵਿੱਚ ਮੂਹਰਲੇ ਸਥਾਨ ਹਾਸਲ ਕਰਕੇ ਲੜਕਿਆਂ ਨੂੰ ਪਛਾੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਵੀ ਖੁਸ਼ੀ ਵਾਲੀ ਗੱਲ ਹੈ ਕਿ ਇਨ੍ਹਾਂ ਪ੍ਰੀਖਿਆਵਾਂ ਦੇ ਨਤੀਜੇ ਵਿੱਚ ਮਾਨਸਾ ਜ਼ਿਲ੍ਹੇ ਨੇ ਸੂਬੇ ਭਰ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਭਗਵੰਤ ਮਾਨ ਨੇ ਪ੍ਰੀਖਿਆ ਪਾਸ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।

PSEB 12th Result
12ਵੀਂ ਜਮਾਤ ’ਚੋਂ ਟਾਪਰ ਰਹੀਆਂ ਸੁਜਾਨ ਕੌਰ, ਸ਼੍ਰੇਆ ਸਿੰਗਲਾ ਅਤੇ ਨਵਪ੍ਰੀਤ ਕੌਰ।

ਇਹ ਵੀ ਪੜ੍ਹੋ : ਪੰਜਾਬ ਬੋਰਡ ਦਾ 12ਵੀਂ ਦਾ ਨਤੀਜਾ, ਵੇਖੋ ਖਾਸ ਅਪਡੇਟ

ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬੇ ਲਈ ਇਤਿਹਾਸਕ ਦਿਨ ਹੈ ਕਿਉਂਕਿ ਇਨ੍ਹਾਂ ਵਿਦਿਆਰਥੀਆਂ ਨੇ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੇ ਇਮਤਿਹਾਨਾਂ ਵਿੱਚ ਕਾਮਯਾਬ ਹੋਣ ਲਈ ਅਣਥੱਕ ਮਿਹਨਤ ਤੇ ਲਗਨ ਨਾਲ ਆਪਣਾ ਨਾਮ ਚਮਕਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਹੱਤਵਪੂਰਨ ਦਿਨ ਹੈ, ਜਿਸ ਲਈ ਵਿਦਿਆਰਥੀ, ਉਨ੍ਹਾਂ ਦੇ ਮਾਪੇ ਅਤੇ ਅਧਿਆਪਕ ਵਧਾਈ ਦੇ ਹੱਕਦਾਰ ਹਨ। (PSEB 12th Result)

PSEB 12th Result
ਗਰਲਜ਼ ਸਕੂਲ ਗੁਰੂਹਰਸਹਾਏ ਦੀਆਂ ਧੀਆਂ ਨੇ ਮਾਰੀਆ ਮੱਲਾਂ

ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਵਿਦਿਆਰਥੀ ਹੋਰ ਵਿਦਿਆਰਥੀਆਂ ਲਈ ਰੋਲ ਮਾਡਲ ਬਣਨਗੇ ਅਤੇ ਉਨ੍ਹਾਂ ਨੂੰ ਉੱਚ ਸਿੱਖਿਆ ਹਾਸਲ ਕਰਕੇ ਸਿੱਖਿਆ ਦੇ ਖੇਤਰ ਵਿੱਚ ਮੱਲਾਂ ਮਾਰਨ ਲਈ ਪ੍ਰੇਰਿਤ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਖਾਸ ਕਰਕੇ ਲੜਕੀਆਂ ਲਈ ਸਕੂਲੀ ਸਿੱਖਿਆ ਵਾਸਤੇ ਵਧੀਆ ਮਾਹੌਲ ਦੇਣ ਲਈ ਵਚਨਬੱਧ ਹੈ ਤਾਂ ਜੋ ਉਹ ਆਪਣੇ ਜੀਵਨ ਵਿੱਚ ਸਫ਼ਲ ਹੋ ਸਕਣ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਨਕਦ ਇਨਾਮ ਵਿਦਿਆਰਥੀਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕਰਨਗੇ ਅਤੇ ਉਨ੍ਹਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਆਪਣਾ ਮੁਕਾਮ ਬਣਾਉਣ ਦੇ ਯੋਗ ਬਣਾਉਣਗੇ।