Punjab News: ਪੰਜਾਬ ਦੇ ਪਿੰਡਾਂ ਨੂੰ ਅੱਜ ਮਿਲਣਗੇ ਨਵੇਂ ਸਰਪੰਚ ਤੇ ਪੰਚ, ਪੈ ਰਹੀਆਂ ਨੇ ਵੋਟਾਂ

Punjab News

Punjab News: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਪਿੰਡਾਂ ਨੂੰ ਅੱਜ ਨਵੇਂ ਸਰਪੰਚ ਤੇ ਪੰਚ ਮਿਲਣਗੇ। ਅੱਜ ਪੰਜਾਬ ਵਿੱਚ ਪੰਚਾਇਤੀ ਚੋਣਾਂ ਦੀ ਪ੍ਰਕਿਰਿਆ ਲਗਾਤਾਰ ਚੱਲ ਰਹੀ ਹੈ। ਵੋਟਾਂ ਦੀ ਪ੍ਰਕਿਰਿਆ ਸ਼ੁਰੂ ਹੋਣ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਲੋਕਾਂ ਨੂੰ ਅਪੀਲ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਦਿਆਂ ਬਿਨਾਂ ਕਿਸੇ ਭੈਅ ਦੇ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਇਨ੍ਹਾਂ ਚੋਣਾਂ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਵੋਟਾਂ ਦੌਰਾਨ ਪਿੰਡਾਂ ਵਿੱਚ ਆਪਸੀ ਸਾਂਝ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ ਅਤੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਸਮਝਦਾਰੀ ਨਾਲ ਕਰਨੀ ਚਾਹੀਦੀ ਹੈ।

Read Also : Sweet Alert: ਸੁਨਾਮ ਵਿਖੇ ਮਿਠਾਈਆਂ ਦੀਆਂ ਦੁਕਾਨਾਂ ਚੈਕਿੰਗ ਕਰਕੇ ਖਾਦ ਪਦਾਰਥਾਂ ਦੇ ਸੈਂਪਲ ਭਰੇ

ਬੀਤੇ ਦਿਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਚਾਇਤੀ ਚੋਣਾਂ ਦੇ ਖ਼ਿਲਾਫ਼ ਪਈਆਂ 1 ਹਜ਼ਾਰ ਤੋਂ ਜ਼ਿਆਦਾ ਪਟੀਸ਼ਨਾਂ ਨੂੰ ਖ਼ਾਰਜ਼ ਕਰ ਦਿੱਤਾ ਗਿਆ। ਜਿਸ ਨਾਲ ਪੰਜਾਬ ਭਰ ਵਿੱਚ ਸਾਰੀਆਂ ਪੰਚਾਇਤਾਂ ਵਿੱਚ ਚੋਣਾਂ ਦਾ ਰਸਤਾ ਸਾਫ਼ ਹੋ ਗਿਆ। ਇਨ੍ਹਾਂ ਪਟੀਸ਼ਨਾਂ ਵਿੱਚ ਬੀਤੇ ਹਫ਼ਤੇ ਵਾਲੀਆਂ ਉਹ 250 ਪੰਚਾਇਤਾਂ ਵੀ ਸ਼ਾਮਲ ਹਨ, ਜਿਨ੍ਹਾਂ ਦੀ ਚੋਣ ’ਤੇ ਰੋਕ ਲਾਈ ਗਈ ਸੀ ਪੰਜਾਬ ਦੀ ਹਰ ਪੰਚਾਇਤ ’ਤੇ ਅੱਜ ਮੰਗਲਵਾਰ ਨੂੰ ਵੋਟਾਂ ਪੈਣਗੀਆਂ।

Punjab News

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਇਸ ਫੈਸਲੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਹਾਈ ਕੋਰਟ ਦਾ ਧੰਨਵਾਦ ਕੀਤਾ ਹੈ, ਕਿਉਂਕਿ ਉਹ ਚਾਹੁੰਦੇ ਸਨ ਕਿ ਪੰਜਾਬ ਦੀਆਂ ਸਾਰੀਆਂ ਪੰਚਾਇਤਾਂ ਦੀਆਂ ਚੋਣਾਂ ਇੱਕੋਂ ਸਮੇਂ ਹੋਣ। ਇਹ ਫੈਸਲੇ ਆਉਣ ਤੋਂ ਬਾਅਦ ਪਟੀਸ਼ਨ ਪਾਉਣ ਵਾਲੇ ਵਕੀਲਾਂ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਉਹ ਅੱਜ ਹੀ ਸੁਪਰੀਮ ਕੋਰਟ ਦਾ ਰੁਖ ਕਰਨਗੇ ਤਾਂ ਕਿ ਸਵੇਰੇ ਇਨ੍ਹਾਂ ਚੋਣਾਂ ’ਤੇ ਰੋਕ ਲਾਈ ਜਾ ਸਕੇ ਪਰ ਉਹ ਇਹ ਵੀ ਮੰਨ ਰਹੇ ਹਨ ਕਿ ਸਮਾਂ ਕਾਫ਼ੀ ਜ਼ਿਆਦਾ ਘੱਟ ਹੋਣ ਕਰਕੇ ਜੇਕਰ ਮੁਕੰਮਲ ਫੈਸਲੇ ਦੀ ਕਾਪੀ ਨਾ ਮਿਲੀ ਤਾਂ ਉਹ ਸੁਪਰੀਮ ਕੋਰਟ ਦਾ ਰੁਖ ਵੀ ਨਹੀਂ ਸਕਣਗੇ।

Punjab News

ਜਾਣਕਾਰੀ ਅਨੁਸਾਰ ਪੰਜਾਬ ਵਿੱਚ 15 ਅਕਤੂਬਰ 13 ਹਜ਼ਾਰ ਤੋਂ ਜ਼ਿਆਦਾ ਪੰਚਾਇਤਾਂ ਦੀ ਚੋਣਾਂ ਕਰਵਾਉਣਾ ਦਾ ਫੈਸਲਾ ਲਿਆ ਗਿਆ ਸੀ। ਇਨ੍ਹਾਂ ਚੋਣਾਂ ਦੀ ਪ੍ਰਕਿਰਿਆ ਸ਼ੁਰੂ ਹੋਣ ਤੋਂ ਬਾਅਦ ਵੱਡੇ ਪੱਧਰ ’ਤੇ ਚੋਣ ਪ੍ਰਕਿਰਿਆ ’ਤੇ ਉਂਗਲ ਉੱਠਣ ਤੋਂ ਬਾਅਦ ਪਿਛਲੇ ਹਫ਼ਤੇ 250 ਦੇ ਲਗਭਗ ਪਟੀਸ਼ਨਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪੁੱਜੀਆਂ ਸਨ। ਡਬਲ ਬੈਂਚ ਵੱਲੋਂ ਪੰਜਾਬ ਸਰਕਾਰ ਤੇ ਚੋਣ ਕਮਿਸ਼ਨ ਦੀ ਮਨਸ਼ਾ ’ਤੇ ਸੁਆਲੀਆ ਨਿਸ਼ਾਨ ਲਾਉਂਦੇ ਹੋਏ ਪਟੀਸ਼ਨਾਂ ਵਿੱਚ ਸ਼ਾਮਲ ਪੰਚਾਇਤਾਂ ਦੀ ਚੋਣ ’ਤੇ ਰੋਕ ਲਾ ਦਿੱਤੀ ਗਈ ਸੀ, ਜਿਸ ਤੋਂ ਬਾਅਦ ਅਗਲੀ ਤਾਰੀਖ਼ ਸੋਮਵਾਰ 14 ਅਕਤੂਬਰ ਤੈਅ ਕੀਤੀ ਗਈ ਸੀ।

ਇਸ ਦੌਰਾਨ 700 ਤੋਂ ਜ਼ਿਆਦਾ ਪਟੀਸ਼ਨਾਂ ਵੱਖ-ਵੱਖ ਦੋਸ਼ਾਂ ਤਹਿਤ ਹਾਈ ਕੋਰਟ ਵਿੱਚ ਪੁੱਜ ਗਈਆਂ ਸਨ ਸੋਮਵਾਰ ਨੂੰ ਸਾਰਾ ਦਿਨ ਹੀ ਇਨ੍ਹਾਂ ਪਟੀਸ਼ਨਾਂ ’ਤੇ ਸੁਣਵਾਈ ਕਰਦੇ ਹੋਏ ਹਾਈ ਕੋਰਟ ਵੱਲੋਂ ਸਾਰੀਆਂ ਪਟੀਸ਼ਨਾਂ ਨੂੰ ਖ਼ਾਰਜ ਕਰ ਦਿੱਤਾ ਗਿਆ। ਇਸ ਦੇ ਨਾਲ ਹੀ 250 ਗ੍ਰਾਮ ਪੰਚਾਇਤਾਂ ਦੀ ਚੋਣ ’ਤੇ ਲੱਗੀ ਰੋਕ ਵੀ ਹਟਾ ਦਿੱਤੀ ਗਈ ਹੈ। ਜਿਸ ਨਾਲ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ ਰਾਹਤ ਮਿਲੀ ਹੈ ਤਾਂ ਹਾਈ ਕੋਰਟ ਵਿੱਚ ਪੁੱਜੇ ਪਟੀਸ਼ਨਕਰਤਾ ਨੂੰ ਵੱਡਾ ਝਟਕਾ ਲੱਗਿਆ ਹੈ।

LEAVE A REPLY

Please enter your comment!
Please enter your name here