ਲੁਧਿਆਣਾ (ਸੱਚ ਕਹੂੰ ਨਿਊਜ਼)। ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਗਰਮੀ ਨੇ ਆਪਣਾ ਜ਼ੋਰ ਦਿਖਾਇਆ ਹੈ ਪਰ ਆਉਣ ਵਾਲੇ ਕੁਝ ਦਿਨ ਅੰਦਰ ਤਾਪਮਾਨ ’ਚ ਗਿਰਾਵਟ ਆਉਣ ਦੀ ਸੰਭਾਵਨਾ ਹੈ। ਬੀਤੇ ਦਿਨ ਤਾਪਮਾਨ ’ਚ 0.5 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਆਮ ਨਾਲੋਂ ਬੀਤੇ ਦਿਨ ਤਾਪਮਾਨ 4.8 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ ਹੈ। ਸੂਬੇ ’ਚ ਸਭ ਤੋਂ ਵੱਧ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਫਰੀਦਕੋਟ ਦਾ ਤਾਪਮਾਨ 42.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਦੂਜੇ ਪਾਸੇ ਘੱਟੋ-ਘੱਟ ਤਾਪਮਾਨ ’ਚ ਵੀ 0.2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਜੋ ਔਸਤਨ ਨਾਲੋਂ 2.2 ਡਿਗਰੀ ਸੈਲਸੀਅਸ ਵੱਧ ਹੈ।
Weather of Punjab
ਇਹ ਵੀ ਪੜੋ: ਤਿੰਨ ਮੰਜਲਾ ਇਮਾਰਤ ਡਿੱਗੀ, ਪ੍ਰਸ਼ਾਸਨ ਦੇ ਨਾਲ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੇ ਸੇਵਾਦਾਰ ਬਚਾਅ ਕਾਰਜਾਂ ’ਚ ਜੁਟੇ
ਪੰਜਾਬ ’ਚ ਸਭ ਤੋਂ ਘੱਟ ਤਾਪਮਾਨ ਹੁਸ਼ਿਆਰਪੁਰ ਅਤੇ ਸ੍ਰੀ ਮੁਕਤਸਰ ਸਾਹਿਬ ਦਾ 18.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਆਉਣ ਵਾਲੇ ਦਿਨਾਂ ’ਚ ਸੂਬੇ ਦੇ ਕੁਝ ਹਿੱਸਿਆ ’ਚ ਮੀਂਹ ਦੇ ਨਾਲ ਤੇਜ਼ ਹਵਾਵਾਂ ਤੇ ਗਰਜ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ। 17 ਅਪ੍ਰੈਲ ਦੀ ਅੱਧੀ ਰਾਤ ਤੋਂ ਬਾਅਦ ਪੱਛਮੀ ਪੌਣਾਂ ਦੇ ਸਰਗਰਮ ਹੋਣ ਨਾਲ ਪੰਜਾਬ ਦੇ ਉੱਤਰੀ ਹਿੱਸਿਆਂ ’ਚ ਹਲਕੀ ਤੋਂ ਮੱਧਮ ਮੀਂਹ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਕੁਝ ਹਿੱਸਿਆ ’ਚ 18 ਤੋਂ 20 ਅਪਰੈਲ ਦਰਮਿਆਨ ਹਲਕੀ ਤੋਂ ਮੱਧਮ ਬਾਰਿਸ਼ ਹੋਣ ਦੀ ਉਮੀਦ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਤੇਜ ਹਵਾਵਾਂ ਵੀ ਚੱਲਣ ਦੀ ਸੰਭਾਵਨਾ ਹੈ।
ਵਿਭਾਗ ਨੇ ਕਿਸਾਨਾਂ ਨੂੰ ਦਿੱਤੀ ਸਲਾਹ | Weather of Punjab
ਮੌਸਮ ਵਿਭਾਗ ਚੰਡੀਗੜ੍ਹ ਦੇ ਨਿਰਦੇਸ਼ਕ ਡਾ. ਮਨਮੋਹਨ ਸਿੰਘ ਮੁਤਾਬਕ ਇਸ ਹਫਤੇ ਪੰਜਾਬ ’ਚ ਕਈ ਥਾਵਾਂ ’ਤੇ ਮੀਂਹ ਪਵੇਗਾ। ਮੌਸਮ ਵਿਭਾਗ ਵੱਲੋਂ ਕਿਸਾਨਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਫਸਲਾਂ ਦੀ ਸਿੰਚਾਈ, ਖਾਦਾਂ ਤੇ ਕੀਟਨਾਸ਼ਕਾਂ ਦਾ ਇਸਤੇਮਾਲ ਖੇਤਾਂ ’ਚ ਨਾ ਕੀਤਾ ਜਾਵੇ। ਤੇਜ਼ ਹਵਾਵਾਂ ਦੀ ਸੰਭਾਵਨਾ ਨੂੰ ਦੇਖਦਿਆਂ ਹੋਇਆ ਦਰੱਖਤਾਂ ਹੇਠ ਨਾ ਰੁਕਣ, ਜਲ ਸਰੋਤਾਂ ਕੋਲ ਨਾ ਜਾਣ ਦੀ ਸਲਾਹ ਵੀ ਦਿੱਤੀ ਗਈ ਹੈ। ਅਗਲੇ ਕੁਝ ਦਿਨਾਂ ’ਚ ਤਾਪਮਾਨ ’ਚ 2 ਤੋਂ 4 ਡਿਗਰੀ ਸੈਲਸੀਅਸ ਦੀ ਕਮੀ ਆ ਸਕਦੀ ਹੈ।