ਪੰਜਾਬ ਦੇ ਸੁਵਿਧਾ ਮੁਲਾਜ਼ਮਾਂ ਦੀਆਂ ਨੌਕਰੀ ਦੇ ਬਹਾਲ ਹੋਣ ਦੀ ਆਸ ਜਾਗੀ

Prospects, Jobless, Facility, Punjab, Restored

ਸਾਦਿਕ, (ਅਰਸ਼ਦੀਪ ਸੋਨੀ)। ਪਿਛਲੇ ਕਰੀਬ ਡੇਢ ਸਾਲ ਤੋਂ ਬੇਰੁਜ਼ਗਾਰੀ ਦੀ ਮਾਰ ਝੱਲ ਰਹੇ ਪੰਜਾਬ ਦੇ ਸਮੂਹ ਸੁਵਿਧਾ ਸੈਂਟਰਾਂ ਦੇ 1100 ਮੁਲਾਜ਼ਮਾਂ ਦੀਆਂ ਆਸਾਂ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ। ਬੀਤੇ ਦਿਨ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੀ ਅਗਵਾਈ ਵਾਲੀ ਤਿੰਨ ਮੈਂਬਰ ਸਬ ਕਮੇਟੀ ਨਾਲ ਸੁਵਿਧਾ ਮੁਲਾਜ਼ਮਾਂ ਦੇ ਆਗੂਆਂ ਨੇ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਸੂਬਾ ਪ੍ਰਧਾਨ ਰਵਿੰਦਰ ਰਵੀ ਅਤੇ ਖ਼ਜ਼ਾਨਚੀ ਰਾਜੇਸ਼ ਕੁਮਾਰ ਸ਼ਾਮਲ ਹੋਏ। ਮੀਟਿੰਗ ਦੌਰਾਨ ਆਗੂਆਂ ਨੇ ਆਪਣੀਆਂ ਮੰਗਾਂ ਸਬੰਧੀ ਪੈਨਲ ਨੂੰ ਜਾਣੂ ਕਰਵਾਇਆ।

ਇਸ ਸਬੰਧੀ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਵਿਧਾ ਯੂਨੀਅਨ ਦੇ ਸੂਬਾ ਪ੍ਰਧਾਨ ਰਵਿੰਦਰ ਰਵੀ ਨੇ ਗੱਲਬਾਤ ਦੌਰਾਨ ਦੱਸਿਆ ਕਿ ਚੰਡੀਗੜ੍ਹ ਦੇ ਪੰਜਾਬ ਭਵਨ ‘ਚ ਪੰਜਾਬ ਦੇ ਸਮੂਹ ਮੁਲਾਜ਼ਮਾਂ ਦੀਆਂ ਮੰਗਾਂ ਦੀ ਪੂਰਤੀ ਬਾਰੇ ਵਿਚਾਰ-ਚਰਚਾ ਕਰਨ ਲਈ 3 ਮੈਂਬਰੀ ਸਬ ਕਮੇਟੀ ਗਠਿਤ ਕੀਤੀ ਗਈ ਸੀ ਜਿਸ ਵਿੱਚ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਸਿੱਖਿਆ ਮੰਤਰੀ ਓਪੀ ਸੋਨੀ ਸ਼ਾਮਲ ਸਨ, ਨਾਲ ਪੰਜਾਬ ਦੀਆਂ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਬੁਲਾਇਆ ਗਿਆ ਸੀ ਜਿਸ ਵਿੱਚ ਸੁਵਿਧਾ ਮੁਲਾਜ਼ਮਾਂ ਨੂੰ ਵੀ ਸੱਦਾ ਦਿੱਤਾ ਗਿਆ ਸੀ।