ਮਲੋਟ (ਮਨੋਜ)। ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਅਸ਼ੀਰਵਾਦ ਸਕੀਮ (Ashirwad Scheme in Punjab) ਅਧੀਨ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀ ਪਰਿਵਾਰਾਂ ਲਈ 20 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ 2024-25 ਦੌਰਾਨ ਅਸ਼ੀਰਵਾਦ ਸਕੀਮ ਤਹਿਤ 12 ਜ਼ਿਲ੍ਹਿਆਂ ਤੋਂ ਪ੍ਰਾਪਤ ਹੋਈਆਂ 3922 ਅਰਜ਼ੀਆਂ ’ਤੇ ਕਾਰਵਾਈ ਕਰਦਿਆਂ 20 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਸ਼ੀਰਵਾਦ ਸਕੀਮ ਅਧੀਨ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀ ਦੇ ਵਿਆਹ ਲਈ 51000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।
Read Also : Punjab Toll Plaza News: ਹੁਣ ਪੰਜਾਬ ਦਾ ਇਹ ਟੋਲ ਪਲਾਜਾ ਵੀ ਹੋਇਆ ਮਹਿੰਗਾ
ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਿਨ੍ਹਾਂ 12 ਜ਼ਿਲ੍ਹਿਆਂ ਦੇ ਲਾਭਪਾਤਰੀਆਂ ਲਈ ਰਾਸ਼ੀ ਜਾਰੀ ਕੀਤੀ ਗਈ ਹੈ, ਉਨ੍ਹਾਂ ’ਚ ਅੰਮ੍ਰਿਤਸਰ ਦੇ 1476, ਬਰਨਾਲਾ ਦੇ 56, ਫਰੀਦਕੋਟ ਦੇ 111, ਫਿਰੋਜ਼ਪੁਰ ਦੇ 389, ਸ੍ਰੀ ਫਤਹਿਗੜ੍ਹ ਸਾਹਿਬ ਦੇ 84, ਫਾਜ਼ਿਲਕਾ ਦੇ 188, ਕਪੂਰਥਲਾ ਦੇ 216, ਲੁਧਿਆਣਾ ਦੇ 767, ਮਾਨਸਾ ਦੇ 96, ਸ੍ਰੀ ਮੁਕਤਸਰ ਸਾਹਿਬ ਦੇ 152, ਰੂਪਨਗਰ ਦੇ 89 ਤੇ ਐੱਸਬੀਐੱਸ ਨਗਰ ਦੇ 298 ਲਾਭਪਾਤਰੀ ਸ਼ਾਮਲ ਹਨ। Ashirwad Scheme in Punjab
ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਦਾ ਪੰਜਾਬ ਦਾ ਸਥਾਈ ਨਿਵਾਸੀ ਹੋਣਾ, ਪਰਿਵਾਰ ਦੀ ਸਾਲਾਨਾ ਆਮਦਨ 32,790 ਰੁਪਏ ਤੋਂ ਘੱਟ ਹੋਣਾ ਅਤੇ ਬਿਨੈਕਾਰ ਦਾ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਜਾਂ ਹੋਰ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨਾਲ ਸਬੰਧਿਤ ਹੋਣਾ ਲਾਜ਼ਮੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸਕੀਮ ਅਧੀਨ ਇਕ ਪਰਿਵਾਰ ਦੀਆਂ ਦੋ ਧੀਆਂ ਲਾਭਪਾਤਰੀ ਹੋ ਸਕਦੀਆਂ ਹਨ।