Holiday: ਭਵਾਨੀਗੜ੍ਹ-ਸੁਨਾਮ-ਭੀਖੀ-ਕੋਟਸ਼ਮੀਰ ਸੜਕ ਦਾ ਨਾਂਅ ਹੁਣ ‘ਸ਼ਹੀਦ ਊਧਮ ਸਿੰਘ ਮਾਰਗ’ ਹੋਵੇਗਾ: ਅਮਨ ਅਰੋੜਾ
Holiday: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਕੈਬਨਿਟ ਮੰਤਰੀ ਅਤੇ ‘ਆਪ’ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਦੱਸਿਆ ਕਿ ਸ਼ਹੀਦ ਊਧਮ ਸਿੰਘ ਜੀ ਦੀ ਅਮੀਰ ਵਿਰਾਸਤ ਦੇ ਸਨਮਾਨ ਅਤੇ ਲੋਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਇਸ ਮਹਾਨ ਆਜ਼ਾਦੀ ਘੁਲਾਟੀਏ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ।
ਅੱਜ ਇਥੇ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਭਵਾਨੀਗੜ੍ਹ-ਸੁਨਾਮ-ਭੀਖੀ-ਕੋਟਸ਼ਮੀਰ ਸੜਕ ਦਾ ਨਾਂਅ ਸ਼ਹੀਦ ਊਧਮ ਸਿੰਘ ਮਾਰਗ ਰੱਖਣ ਦਾ ਵੀ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਮਹਾਨ ਇਨਕਲਾਬੀ ਆਜ਼ਾਦੀ ਘੁਲਾਟੀਏ ਸ. ਊਧਮ ਸਿੰਘ ਜੀ ਦੇ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਉਨ੍ਹਾਂ ਦੀ ਜਨਮ ਭੂਮੀ ਸੁਨਾਮ ਵਿਖੇ ਇੱਕ ਰਾਜ ਪੱਧਰੀ ਸਮਾਗਮ ਕਰਵਾਉਣ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 31 ਜੁਲਾਈ ਨੂੰ ਇਸ ਸੂਬਾ ਪੱਧਰੀ ਸਮਾਗਮ ਦੌਰਾਨ ਅਧਿਕਾਰਤ ਤੌਰ ’ਤੇ ਸ਼ਹੀਦ ਊਧਮ ਸਿੰਘ ਦੇ ਨਾਂਅ ’ਤੇ ਸੜਕ ਦਾ ਨਾਂਅ ਰੱਖਣਗੇ। Holiday
ਉਨ੍ਹਾਂ ਕਿਹਾ ਕਿ ਲੰਡਨ ਜਾ ਕੇ ਜਲ੍ਹਿਆਂਵਾਲਾ ਬਾਗ਼ ਕਤਲੇਆਮ ਦਾ ਬਦਲਾ ਲੈਣ ਵਾਲੇ ਸ਼ਹੀਦ ਊਧਮ ਸਿੰਘ ਜੀ ਦੀ ਸ਼ਾਨਾਮੱਤੀ ਵਿਰਾਸਤ ਦੇ ਸਨਮਾਨ ਵਿੱਚ ਇਹ ਉਪਰਾਲਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹੀ ਕੀਤਾ ਹੈ, ਜਦੋਂ ਕਿ ਇਸ ਤੋਂ ਪਹਿਲਾਂ ਦੀ ਸਰਕਾਰਾਂ ਵੱਲੋਂ ਸਿਰਫ਼ ਉਨ੍ਹਾਂ ਦੇ ਨਾਂਅ ’ਤੇ ਸਿਆਸਤ ਹੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇੰਨੀ ਵੱਡੀ ਸ਼ਖਸੀਅਤ ਦੇ ਸਨਮਾਨ ਵਿੱਚ ਸਿਰਫ਼ ਸੰਗਰੂਰ ਜ਼ਿਲ੍ਹੇ ਵਿੱਚ ਹੀ ਛੁੱਟੀ ਐਲਾਨੀ ਜਾਂਦੀ ਸੀ, ਜਦੋਂ ਕਿ ਹੁਣ ਤੋਂ ਬਾਅਦ ਪੰਜਾਬ ਭਰ ਵਿੱਚ ਛੁੱਟੀ ਹੋਵੇਗੀ।
ਅਮਨ ਅਰੋੜਾ ਨੇ ਕੇਂਦਰ ਸਰਕਾਰ ਨੂੰ ਪਟਿਆਲਾ-ਭਵਾਨੀਗੜ੍ਹ ਸੜਕ ਦਾ ਨਾਂਅ ਸ਼ਹੀਦ ਊਧਮ ਸਿੰਘ ਜੀ ਦੇ ਨਾਂਅ ’ਤੇ ਰੱਖਣ ਦੀ ਵੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਹ ਮਾਮਲਾ ਕੇਂਦਰ ਸਰਕਾਰ ਕੋਲ ਵੀ ਉਠਾਇਆ ਜਾ ਰਿਹਾ ਹੈ।