ਬੀਜ, ਖਾਦਾਂ ਤੇ ਕੀਟਨਾਸ਼ਕਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਪੰਜ ਫਲਾਇੰਗ ਸਕੁਐਡ ਟੀਮਾਂ ਬਣਾਈਆਂ | Farmers of Punjab
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਕਿਸਾਨਾਂ ਨੂੰ ਆਰਥਿਕ ਸੋਸ਼ਣ ਤੋਂ ਬਚਾਉਣ ਅਤੇ ਮਿਆਰੀ ਬੀਜ, ਖਾਦਾਂ ਅਤੇ ਕੀਟਨਾਸ਼ਕਾਂ ਦੀ ਸਪਲਾਈ ਯਕੀਨੀ ਬਣਾਉਣ ਵਾਸਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਹਾੜ੍ਹੀ ਦੇ ਸੀਜ਼ਨ ਲਈ ਫਲਾਇੰਗ ਸਕੁਐਡ ਦੀਆਂ ਪੰਜ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਹ ਟੀਮਾਂ ਬੀਜਾਂ, ਖਾਦਾਂ ਅਤੇ ਕੀਟਨਾਸ਼ਕਾਂ ਦੇ ਨਿਰਮਾਣ/ਮਾਰਕੀਟਿੰਗ ਯੂਨਿਟਾਂ ਅਤੇ ਰਿਟੇਲ/ਹੋਲਸੇਲ ਡੀਲਰਾਂ ਦੀਆਂ ਦੁਕਾਨਾਂ ਦੀ ਚੈਕਿੰਗ ਕਰਨਗੀਆਂ। (Farmers of Punjab)
ਇਸ ਦੇ ਨਾਲ ਹੀ ਇਹ ਟੀਮਾਂ ਇਨ੍ਹਾਂ ਉਤਪਾਦਾਂ ਦੀ ਗੁਣਵੱਤਾ ਦੀ ਨਿਯਮਤ ਤੌਰ ’ਤੇ ਜਾਂਚ ਕਰਨ ਅਤੇ ਨਮੂਨੇ ਲੈਣ ਦੇ ਨਾਲ-ਨਾਲ ਕਿਸਾਨਾਂ ਨੂੰ ਵੇਚੇ ਜਾਣ ਵਾਲੇ ਉਕਤ ਉਤਪਾਦਾਂ ਦੀ ਕੀਮਤ ’ਤੇ ਵੀ ਨਜ਼ਰ ਰੱਖਣਗੀਆਂ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇੱਕ ਫਲਾਇੰਗ ਸਕੁਐਡ ਟੀਮ ਨੂੰ ਚਾਰ ਤੋਂ ਪੰਜ ਜ਼ਿਲ੍ਹੇ ਅਲਾਟ ਕੀਤੇ ਗਏ ਹਨ ਅਤੇ ਵਿਭਾਗ ਦੇ ਜੁਆਇੰਟ ਡਾਇਰੈਕਟਰਾਂ ਅਤੇ ਮੁੱਖ ਖੇਤੀਬਾੜੀ ਅਫ਼ਸਰਾਂ ਦੀ ਅਗਵਾਈ ਹੇਠ ਗਠਿਤ ਇਹ ਫਲਾਇੰਗ ਸਕੁਐੱਡ ਟੀਮਾਂ ਕਿਸਾਨਾਂ ਦੇ ਹਿੱਤਾਂ ਲਈ ਬੀਜਾਂ, ਕੀਟਨਾਸ਼ਕਾਂ ਅਤੇ ਖਾਦਾਂ ਦੀ ਵਿੱਕਰੀ ’ਤੇ ਨੇੜਿਓਂ ਨਜ਼ਰ ਰੱਖਣ ਦੇ ਨਾਲ-ਨਾਲ ਕਿਸਾਨਾਂ ਨੂੰ ਲੋਂੜੀਦੇ ਉਤਪਾਦਾਂ ਦੀ ਮੰਗ ਅਤੇ ਸਪਲਾਈ ਦਾ ਵੀ ਧਿਆਨ ਰੱਖਣਗੀਆਂ। ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਈ ਵੀ ਖੇਤੀ ਉਤਪਾਦ ਖਰੀਦਣ ਵੇਲੇ ਵਿਕਰੇਤਾ ਤੋਂ ਉਸ ਦਾ ਬਿੱਲ ਜ਼ਰੂਰ ਲੈਣ ਅਤੇ ਬਿੱਲ ’ਤੇ ਦਰਸਾਈ ਗਈ ਰਕਮ ਹੀ ਅਦਾ ਕਰਨ।