ਪੁਲਿਸ ਤੇ ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ | Punjab News
(ਐਮ ਕੇ ਸ਼ਾਇਨਾ) ਮੁਹਾਲੀ/ਚੰਡੀਗੜ੍ਹ। ਸੜਕ ਹਾਦਸਿਆਂ ’ਚ ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲਾਂ ਵਿੱਚ ਪਹੁੰਚਾਉਣ ਵਾਲੇ ਸਹਾਇਕਾਂ ਨੂੰ ਹੁਣ ਕੋਈ ਪੁਲਿਸ ਮੁਲਾਜ਼ਮਾਂ ਵੱਲੋਂ ਕਾਰਵਾਈ ਕਰਨ ਲਈ ਨਹੀਂ ਰੋਕਿਆ ਜਾਵੇਗਾ। ਨਾ ਹੀ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਨਾਲ ਪ੍ਰੇਸ਼ਾਨ ਕੀਤਾ ਜਾਵੇਗਾ। ਇਹ ਹੁਕਮ ਪੰਜਾਬ ਪੁਲਿਸ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਐਸਐਸਪੀ ਅਤੇ ਕਮਿਸ਼ਨਰਾਂ ਨੂੰ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਜ਼ਖਮੀਆਂ ਦੀ ਮੱਦਦ ਕਰਨ ਵਾਲੇ ਵਿਅਕਤੀਆਂ ਨੂੰ ਫਰਿਸ਼ਤੇ ਸਕੀਮ ਤਹਿਤ ਦੋ ਹਜ਼ਾਰ ਰੁਪਏ ਅਤੇ ਜੀਵਨ ਰੱਖਿਆ ਪ੍ਰਸ਼ੰਸਾ ਪੱਤਰ ਦੇ ਕੇ ਵੀ ਸਨਮਾਨਿਤ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਵਿਜੀਲੈਂਸ ਬਿਊਰੋ ਨੇ ਸਿਹਤ ਵਿਭਾਗ ਦੇ 4 ਅਧਿਕਾਰੀਆਂ ਨੂੰ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਰਾਜ ’ਚ ਸੜਕ ਹਾਦਸਿਆਂ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਤੁਰੰਤ ਮੱਦਦ ਮਿਲਣ ਨੂੰ ਯਕੀਨੀ ਬਣਾਉਣ ਲਈ ਸਰਕਾਰ ਨੇ ਇਹ ਕਦਮ ਚੁੱਕਿਆ ਹੈ। ਇੱਕ ਪਾਸੇ ਸੜਕ ਸੁਰੱਖਿਆ ਫੋਰਸ ਬਣਾਈ ਗਈ ਹੈ। ਇਸ ਦੇ ਨਾਲ ਹੀ ਹਸਪਤਾਲਾਂ ਵਿੱਚ ਜ਼ਖ਼ਮੀਆਂ ਦਾ ਮੁੱਢਲਾ ਇਲਾਜ ਵੀ ਮੁਫ਼ਤ ਕੀਤਾ ਗਿਆ ਹੈ। ਪਰ ਅਧਿਕਾਰੀਆਂ ਦੇ ਧਿਆਨ ਵਿੱਚ ਇਹ ਆਇਆ ਸੀ ਕਿ ਲੋਕ ਹਾਦਸਿਆਂ ਵਿੱਚ ਜ਼ਖਮੀ ਹੋਏ ਲੋਕਾਂ ਦੀ ਮੱਦਦ ਤਾਂ ਕਰਨਾ ਚਾਹੁੰਦੇ ਹਨ। ਪਰ ਪੁਲਿਸ ਕਾਰਵਾਈ ਜਾਂ ਜਾਂਚ ਆਦਿ ਕਾਰਨ ਲੋਕ ਇਸ ਕੰਮ ਤੋਂ ਪਿੱਛੇ ਹਟ ਜਾਂਦੇ ਹਨ। ਇਸ ਕਾਰਨ ਇਹ ਕਦਮ ਚੁੱਕਿਆ ਗਿਆ ਹੈ।