ਅੰਮ੍ਰਿਤਸਰ ’ਚ ਪ੍ਰਿੰਸੀਪਲਾਂ ਦੀ ਤਿੰਨ ਰੋਜ਼ਾ ਸੂਬਾ ਪੱਧਰੀ ਵਰਕਸ਼ਾਪ ਦੀ ਸ਼ੁਰੂਆਤ

Amritsar
‘ਸਕੂਲ ਆਫ਼ ਐਮੀਨੈਂਸ’ ਦੇ ਪ੍ਰਿੰਸੀਪਲਾਂ ਦੀ ਤਿੰਨ ਦਿਨਾਂ ਵਰਕਸ਼ਾਪ ਦੀ ਸ਼ੁਰੂਆਤ ਕਰਨ ਮੌਕੇ ਸੰਬੋਧਨ ਕਰਦੇ ਹੋਏ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ।

ਸਿੱਖਿਆ ਖੇਤਰ ’ਚ ਪੰਜਾਬ ਹੁਣ ਬਣੇਗਾ ਨੰਬਰ ਇਕ ਸੂਬਾ : ਬੈਂਸ

(ਰਾਜਨ ਮਾਨ) ਅੰਮ੍ਰਿਤਸਰ। ਪੰਜਾਬ ਸਰਕਾਰ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਨੂੰ ਹੋਣਹਾਰ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਚਾਨਣ ਮੁਨਾਰਾ ਦੱਸਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਹੁਣ ਪੰਜਾਬ ਸਹੀ ਮਾਅਨਿਆਂ ਵਿਚ ਸਿੱਖਿਆ ਦੇ ਖੇਤਰ ਵਿਚ ਅੱਵਲ ਸੂਬਾ ਬਣੇਗਾ।(Amritsar )

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਡੀਟੋਰੀਅਮ ਵਿੱਖੇ ਅੱਜ ‘ਸਕੂਲ ਆਫ਼ ਐਮੀਨੈਂਸ’ ਦੇ ਪ੍ਰਿੰਸੀਪਲਾਂ ਦੀ ਤਿੰਨ ਦਿਨਾਂ ਵਰਕਸ਼ਾਪ ਦੀ ਸ਼ੁਰੂਆਤ ਕਰਨ ਮੌਕੇ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ (Harjot Singh Bains) ਨੇ ਕਿਹਾ ਕਿ ਇਹ ਪੰਜਾਬ ਦੀ ਬਦਕਿਸਮਤੀ ਹੈ ਕਿ ਸਰਕਾਰੀ ਸਕੂਲ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ ਪਰ ਪਿਛਲੀਆਂ ਸਰਕਾਰਾਂ ਨੇ ਸਿੱਖਿਆ ਵਰਗੇ ਖੇਤਰਾਂ ਨੂੰ ਪੂਰੀ ਤਰ੍ਹਾਂ ਅਣਗੌਲਿਆਂ ਕੀਤਾ ਜਿਸ ਨਾਲ ਸਾਡੇ ਹਜ਼ਾਰਾਂ ਬੱਚਿਆਂ ਨੂੰ ਪੜ੍ਹਾਈ ਲਈ ਅੱਗੇ ਵਧਣ ਦੇ ਮੌਕੇ ਨਸੀਬ ਨਹੀਂ ਹੋਏ। ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਲੜਕੀਆਂ ਨੂੰ ਸਾਧਨਾਂ ਦੀ ਘਾਟ ਕਾਰਨ ਪੜ੍ਹਾਈ ਅੱਧ-ਵਿਚਾਲੇ ਛੱਡਣੀ ਪਈ ਜੋ ਪਿਛਲੀਆਂ ਸਰਕਾਰਾਂ ਦੀ ਨਾਕਾਮੀ ਨੂੰ ਸਿੱਧ ਕਰਦੀਆਂ ਹਨ।

ਇਹ ਵੀ ਪੜ੍ਹੋ : ਸਟੈਂਪ ਪੇਪਰ ਦੀ ਕਲਰ ਕੋਡਿੰਗ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

ਸ. ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ (Chief Minister Bhagwant Maan) ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਦੀ ਸਿੱਖਿਆ ਦਾ ਪੱਧਰ ਵਿਸ਼ਵ ਦੇ ਹਾਣ ਦਾ ਬਣਾਉਣ ਦਾ ਪ੍ਰਣ ਕੀਤਾ ਹੈ ਅਤੇ ਉਹ ਸਮਾਂ ਦੂਰ ਨਹੀਂ ਜਦੋਂ ਪੰਜਾਬ ਦਾ ਤਾਲੀਮਯਾਫ਼ਤਾ ਬੱਚਾ ਦੁਨੀਆ ਦੀਆਂ ਚੋਟੀ ਦੀਆਂ ਸੰਸਥਾਵਾਂ ਵਿਚ ਮੁਕਾਮ ਹਾਸਲ ਕਰੇਗਾ।

ਸੂਬੇ ਦੇ 23 ਜ਼ਿਲ੍ਹਿਆਂ ਵਿੱਚ ਬਣਾਏ ਗਏ 117 ‘ਸਕੂਲ ਆਫ਼ ਐਮੀਨੈਂਸ’

ਸੂਬੇ ਦੇ 23 ਜ਼ਿਲ੍ਹਿਆਂ ਵਿੱਚ ਬਣਾਏ ਗਏ 117 ‘ਸਕੂਲ ਆਫ਼ ਐਮੀਨੈਂਸ’ ਨੂੰ ਹੋਣਹਾਰ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਦੀਆਂ ਸੰਸਥਾਵਾਂ ਦੱਸਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਸਿੱਖਿਆ ਖੇਤਰ ਵਿਚ ਨਵਾਂ ਇਨਕਲਾਬ ਲੈ ਕੇ ਆਉਣ ਦਾ ਉਦੇਸ਼ ਹੋਣਹਾਰ ਅਤੇ ਕਾਬਲ ਵਿਦਿਆਰਥੀਆਂ ਖਾਸ ਕਰਕੇ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਲਈ ਸੇਧ ਅਤੇ ਮੌਕਾ ਦੇਣਾ ਹੈ ਤਾਂ ਕਿ ਇਹ ਵਿਦਿਆਰਥੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਦੇਸ਼ ਦੇ ਬਾਕੀ ਬੱਚਿਆਂ ਨੂੰ ਪਛਾੜ ਕੇ ਚੰਗੇ ਰੈਂਕ ਹਾਸਲ ਕਰ ਸਕਣ। ਇਨ੍ਹਾਂ ਸਕੂਲਾਂ ਨੂੰ ਵਿਦਿਆਰਥੀਆਂ ਦੇ ਛੁਪੇ ਹੋਏ ਹੁਨਰ ਨੂੰ ਤਰਾਸ਼ਣ ਤੇ ਨਿਖਾਰਨ ਵਾਲੀਆਂ ਸੰਸਥਾਵਾਂ ਦੇ ਰੂਪ ਵਿਚ ਵਿਕਸਤ ਕੀਤਾ ਜਾਵੇਗਾ ਤਾਂ ਕਿ ਵਿਦਿਆਰਥੀ ਆਪਣੇ ਮਨਪਸੰਦ ਕਿੱਤੇ ਦੀ ਚੋਣ ਕਰ ਸਕਣ।” (Amritsar )

ਅਧਿਆਪਕ ਕੌਮ ਦੇ ਨਿਰਮਾਤਾ

‘ਸਕੂਲ ਆਫ਼ ਐਮੀਨੈਂਸ’ ਨੂੰ ਦੇਸ਼ ਦੀ ਆਜ਼ਾਦੀ ਖਾਤਰ ਜੀਵਨ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਦੇ ਸਕੂਲ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਇਨ੍ਹਾਂ ਸਕੂਲ਼ਾਂ ਦੇ ਨਾਮ ਵੀ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਨਾਮ ਉੱਤੇ ਰੱਖਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਨਿਮਾਣਾ ਜਿਹਾ ਉਪਰਾਲਾ ਸਹੀ ਮਾਅਨਿਆਂ ਵਿੱਚ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਅਧਿਆਪਕਾਂ ਨੂੰ ਕੌਮ ਦੇ ਨਿਰਮਾਤਾ ਦੱਸਦੇ ਹੋਏ ਸਿੱਖਿਆ ਮੰਤਰੀ ਸ. ਬੈਂਸ ਨੇ ਕਿਹਾ ਕਿ ਸੂਬੇ ਵਿਚ ਸਿੱਖਿਆ ਦਾ ਪੱਧਰ ਉਚਾ ਚੁੱਕਣ ਵਿਚ ਸਭ ਤੋਂ ਅਹਿਮ ਭੂਮਿਕਾ ਅਧਿਆਪਕਾਂ ਨੇ ਨਿਭਾਉਣੀ ਹੈ ਜਿਸ ਕਰਕੇ ਹਰੇਕ ਅਧਿਆਪਕ ਨੂੰ ਸਿੱਖਿਆ ਦੀ ਨਵੀਂ ਕ੍ਰਾਂਤੀ ਵਿਚ ਵਧ-ਚੜ੍ਹ ਕੇ ਸ਼ਾਮਲ ਹੋਣਾ ਚਾਹੀਦਾ ਹੈ।

Amritsar
ਸਕੂਲ ਆਫ਼ ਐਮੀਨੈਂਸ’ ਦੇ ਪ੍ਰਿੰਸੀਪਲਾਂ ਦੀ ਤਿੰਨ ਦਿਨਾਂ ਵਰਕਸ਼ਾਪ ਦੌਰਾਨ ਪਹੁੰਚੇ ਅਧਿਆਪਕ।

ਕਾਬਲ ਬੱਚਾ ਸਿੱਖਿਆ ਦੇ ਚੰਗੇ ਮੌਕਿਆਂ ਤੋਂ ਵਾਂਝਾ ਨਹੀਂ ਰਹੇਗਾ (Amritsar )

‘ਸਕੂਲ ਆਫ਼ ਐਮੀਨੈਂਸ’ ਨੂੰ ਮੁੱਖ ਮੰਤਰੀ ਸ. ਭਗਵੰਤ ਮਾਨ ਦਾ ਸੁਪਨਮਈ ਪ੍ਰਾਜੈਕਟ ਕਰਾਰ ਦਿੰਦੇ ਹੋਏ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਭਰੋਸੇ ਨਾਲ ਕਿਹਾ ਕਿ ਇਹ ਸਕੂਲ, ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਕਾਰਗੁਜ਼ਾਰੀ ਦਿਖਾਉਣਗੇ ਅਤੇ ਹੁਣ ਕੋਈ ਵੀ ਕਾਬਲ ਬੱਚਾ ਸਿੱਖਿਆ ਦੇ ਚੰਗੇ ਮੌਕਿਆਂ ਤੋਂ ਵਾਂਝਾ ਨਹੀਂ ਰਹੇਗਾ। ਉਹਨਾਂ ਸਾਰੇ ਪ੍ਰਿੰਸੀਪਲ ਸਾਹਿਬਾਨ ਨੂੰ ਅਪੀਲ ਕੀਤੀ ਕਿ ਇਹਨਾਂ ਸਕੂਲਾਂ ਨੂੰ ਏਨੇ ਸ਼ਾਨਦਾਰ ਬਣਾਉਣ ਕਿ ਇਹਨਾਂ ਸਕੂਲਾਂ ਵੱਲ ਵਿਦਿਆਰਥੀ ਖਿੱਚੇ ਆਉਣ।

ਇਸ ਵਰਕਸ਼ਾਪ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸਨ ਸ਼੍ਰੀਮਤੀ ਸਤਬੀਰ ਬੇਦੀ, ਡਾਇਰੈਕਟਰ ਸਿੱਖਿਆ ਵਿਭਾਗ ਸੈਕੰਡਰੀ ਸਿੱਖਿਆ ਤੇਜਦੀਪ ਸਿੰਘ ਸੈਣੀ, ਡਾਇਰੈਕਟਰ ਐਸ. ਸੀ. ਈ. ਆਰ. ਟੀ. ਮਨਿੰਦਰ ਸਿੰਘ ਸਰਕਾਰੀਆ ਅਤੇ ਸਿੱਖਿਆ ਵਿਭਾਗ ਪੰਜਾਬ ਦੇ ਮੀਡੀਆ ਇਨਚਾਰਜ ਗੁਰਮੀਤ ਸਿੰਘ ਭਲਾਈਆਣਾ ਤੋਂ ਇਲਾਵਾ ਵਿਭਾਗ ਦੇ ਹੋਰ ਉੱਚ ਅਧਿਕਾਰੀਆਂ ਨੇ ਵੀ ਸੰਬੋਧਨ ਕੀਤਾ।