ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਕਿਸਾਨਾਂ ਨੇ ਕੀਤਾ ਰੇਲਾਂ ਦਾ ਚੱਕਾ ਜਾਮ

ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਕਿਸਾਨਾਂ ਨੇ ਕੀਤਾ ਰੇਲਾਂ ਦਾ ਚੱਕਾ ਜਾਮ

(ਸੁਖਜੀਤ ਮਾਨ)
ਬਠਿੰਡਾ । ਖੇਤੀ ਕਾਨੂੰਨਾਂ ਦੀ ਵਾਪਸੀ ਮੌਕੇ ਕੇਂਦਰ ਸਰਕਾਰ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨਾਲ ਮੀਟਿੰਗਾਂ ਕਰਕੇ ਜੋ ਮੰਗਾਂ ਮੰਨੀਆਂ ਸੀ, ਉਨਾਂ ਨੂੰ ਹਾਲੇ ਤੱਕ ਲਾਗੂ ਨਹੀਂ ਕੀਤਾ ਗਿਆ। ਮੰਨੀਆਂ ਮੰਗਾਂ ਲਾਗੂ ਨਾ ਹੋਣ ਦੇ ਵਿਰੋਧ ’ਚ ਕਿਸਾਨ ਲਗਾਤਾਰ ਕੇਂਦਰ ਸਰਕਾਰ ਖਿਲਾਫ਼ ਪ੍ਰਦਰਸ਼ਨ ਕਰਦੇ ਆ ਰਹੇ ਹਨ। ਇਨਾਂ ਰੋਸ ਪ੍ਰਦਰਸ਼ਨਾਂ ਨੂੰ ਹੋਰ ਤਿੱਖਾ ਕਰਦਿਆਂ ਅੱਜ ਮੋਰਚੇ ਦੇ ਸੱਦੇ ਤਹਿਤ ਰੇਲ ਗੱਡੀਆਂ ਦਾ ਚੱਕਾ ਜਾਮ ਕੀਤਾ ਗਿਆ ਹੈ। ਸਵੇਰੇ 11 ਵਜੇ ਤੋਂ ਸ਼ੁਰੂ ਹੋਇਆ ਇਹ ਚੱਕਾ ਜਾਮ ਬਾਅਦ ਦੁਪਹਿਰ 3 ਵਜੇ ਤੱਕ ਜਾਰੀ ਰਹੇਗਾ।

ਬਠਿੰਡਾ ਰੇਲਵੇ ਜੰਕਸਨ ’ਤੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਦੀ ਅਗਵਾਈ ’ਚ ਕਿਸਾਨਾਂ ਨੇ ਰੇਲਾਂ ਰੋਕੀਆਂ। ਕਿਸਾਨਾਂ ਨੇ ਰੇਲ ਗੱਡੀ ’ਤੇ ਚੜ ਕੇ ਕੇਂਦਰ ਸਰਕਾਰ ਖਿਲਾਫ਼ ਜੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਿਸਾਨ ਆਗੂਆਂ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਦਿੱਲੀ ਅੰਦੋਲਨ ਦੀ ਸਮਾਪਤੀ ਮੌਕੇ ਸਾਰੀਆਂ ਫਸਲਾਂ ਦੇ ਐਮਐਸਪੀ ਮਿੱਥ ਕੇ ਸਰਕਾਰੀ ਖ਼ਰੀਦ ਦੀ ਗਰੰਟੀ ਕਰਨ ,ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜ ਲੱਖ ਰੁਪਏ ਪ੍ਰਤੀ ਪਰਿਵਾਰ ਸਹਾਇਤਾ ਦੇਣ ਅਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੇਣ ,ਦਿੱਲੀ ਸਮੇਤ ਸਾਰੇ ਰਾਜਾਂ ’ਚ ਕਿਸਾਨਾਂ ਤੇ ਦਰਜ ਹੋਏ ਪੁਲਸ ਕੇਸ ਰੱਦ ਕਰਨ ਆਦਿ ਮੰਗਾਂ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨਾਲ ਮੀਟਿੰਗ ਦੌਰਾਨ ਮੰਨੀਆਂ ਹੋਈਆਂ ਸਨ।

ਪਰ ਕੇਂਦਰ ਸਰਕਾਰ ਹੁਣ ਮੰਗਾਂ ਲਾਗੂ ਕਰਨ ਤੋਂ ਭੱਜ ਰਹੀ ਹੈ । ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਐਮਐਸਪੀ ਤੇ ਕਮੇਟੀ ਬਣਾ ਕੇ ਮੰਗ ਨੂੰ ਠੰਢੇ ਬਸਤੇ ਵਿਚ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਕਿਸਾਨ ਅਜਿਹਾ ਨਹੀਂ ਹੋਣ ਦੇਣਗੇ। ਰੇਲਾਂ ਦੇ ਇਸ ਚੱਕਾ ਜਾਮ ਦੌਰਾਨ ਵੱਡੀ ਗਿਣਤੀ ਕਿਸਾਨ ਵੀਰਾਂ ਤੋਂ ਇਲਾਵਾ ਮਹਿਲਾਵਾਂ ਵੀ ਪੁੱਜੀਆਂ ਹੋਈਆਂ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ