ਮੁਹਾਲੀ (ਸੱਚ ਕਹੂੰ ਨਿਊਜ਼)। ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਜਮਾਤ ਦਾ ਅੱਜ ਹੋਣ ਵਾਲਾ ਅੰਗਰੇਜੀ (English Paper) ਦਾ ਪੇਪਰ ਰੱਦ ਕਰ ਦਿੱਤਾ ਹੈ। ਸਿੱਖਿਆ ਬੋਰਡ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਅੰਗਰੇਜ਼ੀ ਵਿਸ਼ੇ ਦੀ ਪ੍ਰੀਖਿਆ ਕੁਝ ਪ੍ਰਸ਼ਾਸਨਿਕ ਕਾਰਨਾਂ ਕਰਕੇ ਮੁਲਤਵੀ ਕੀਤੀ ਗਈ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ ਦੇ ਦਸਤਖਤ ਵਾਲੇ ਪੱਤਰ ਰਾਹੀਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਦਿੱਤਾ ਗਿਆ ਅਤੇ ਇਹ ਪੱਤਰ ਸਕੂਲਾਂ ਦੇ ਨਾਲ-ਨਾਲ ਪ੍ਰਬੰਧਕਾਂ ਨੂੰ ਵੀ ਭੇਜਿਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਪੇਪਰ ਰੱਦ ਹੋਣ ਦਾ ਪਤਾ ਵਿਦਿਆਰਥੀਆਂ ਨੂੰ ਉਦੋਂ ਲੱਗਿਆ ਜਦੋਂ ਵਿਦਿਆਰਥੀ ਪ੍ਰੀਖਿਆ ਕੇਂਦਰ ਵਿੱਚ ਪਹੰੁਚ ਰਹੇ ਸਨ। ਅੰਗਰੇਜ਼ੀ ਵਿਸ਼ੇ ਦੀ ਪ੍ਰੀਖਿਆ ਦੁਪਹਿਰ 2 ਵਜੇ ਸ਼ੁਰੂ ਹੋਣੀ ਸੀ, ਇਯ ਲਈ ਪ੍ਰੀਖਿਆ ਕੇਂਦਰ ’ਚ ਵਿਦਿਆਰਥੀਆਂ ਦਾ ਇਕੱਠ ਸੀ ਅਤੇ ਵਿਦਿਆਰਥੀ ਆਪਣੇ-ਆਪਣੇ ਹਾਲ ’ਚ ਜਾਣ ਦੀ ਉਡੀਕ ਕਰ ਰਹੇ ਸਨ। ਇਸ ਸਮੇਂ ਹੀ ਉਨ੍ਹਾਂ ਨੂੰ ਆਪਣੇ ਅਧਿਆਪਕਾਂ ਤੋਂ ਇਸ ਗੱਲ ਦੀ ਜਾਣਕਾਰੀ ਮਿਲੀ। ਪ੍ਰੀਖਿਆ ਦੀ ਤਿਆਰੀ ਕਰ ਕੇ ਆਏ ਵਿਦਿਆਰਥੀਆਂ ਦੇ ਚਿਹਰਿਆਂ ’ਤੇ ਮਾਯੂਸੀ ਛਾ ਗਈ।