ਜ਼ਹਿਰੀਲੀ ਸ਼ਰਾਬ ਮਾਮਲਾ: ਸਾਲ 2012 ਤੇ 2016 ‘ਚ ਅਕਾਲੀ ਸਰਕਾਰ ਸਮੇਂ ਵਾਪਰ ਚੁੱਕੀਆਂ ਨੇ ਅਜਿਹੀਆਂ ਘਟਨਾਵਾਂ: ਖੇਡ ਮੰਤਰੀ

ਕਿਹਾ, ‘ਅਕਾਲੀਆਂ ਦੀ ਦੂਸ਼ਣਬਾਜ਼ੀ ‘ਸੌ ਚੂਹੇ ਖਾ ਕੇ ਬਿੱਲੀ ਹੱਜ ਨੂੰ ਚੱਲੀ’ ਵਰਗੀ

ਫਿਰੋਜ਼ਪੁਰ, (ਸਤਪਾਲ ਥਿੰਦ)। ਜ਼ਹਿਰੀਲੀ ਸ਼ਰਾਬ ਮਾਮਲੇ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਖ਼ਿਲਾਫ਼ ਦੂਸ਼ਣਬਾਜ਼ੀ ਕਰ ਰਹੇ ਅਕਾਲੀਆਂ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਇਹ ਦੂਸ਼ਣਬਾਜ਼ੀ ‘ਸੌ ਚੂਹੇ ਖਾ ਕੇ ਬਿੱਲੀ ਹੱਜ ਨੂੰ ਚੱਲੀ’ ਵਾਲੀ ਕਹਾਵਤ ਵਾਂਗ ਹੈ ਕਿਉਂਕਿ ਅਕਾਲੀਆਂ ਦੇ ਰਾਜ ਦੌਰਾਨ ਸਾਲ 2012 ਤੇ 2016 ਵਿੱਚ ਕ੍ਰਮਵਾਰ ਗੁਰਦਾਸਪੁਰ ਤੇ ਬਟਾਲਾ ਵਿੱਚ ਅਜਿਹੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। ਪ੍ਰੈੱਸ ਬਿਆਨ ਵਿੱਚ ਰਾਣਾ ਸੋਢੀ ਨੇ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਸਰਕਾਰ ਦੇ ਕਾਰਜਕਾਲ ਦੌਰਾਨ ਵਾਪਰੀਆਂ ਇਨ੍ਹਾਂ ਘਟਨਾਵਾਂ ਵਿੱਚ ਸੈਂਕੜੇ ਜਾਨਾਂ ਗਈਆਂ ਸਨ।

ਉਨ੍ਹਾਂ ਕਿਹਾ ਕਿ ਬਟਾਲਾ ਘਟਨਾ ਸਬੰਧੀ ਨਾ ਤਾਂ ਕੋਈ ਐਫ.ਆਈ.ਆਰ. ਦਰਜ ਹੋਈ ਸੀ ਅਤੇ ਨਾ ਹੀ ਮੁੱਖ ਮੁਲਜ਼ਮ ਖ਼ਿਲਾਫ਼ ਕੋਈ ਕਾਰਵਾਈ ਕੀਤੀ ਗਈ ਪਰ ਕੈਪਟਨ ਅਮਰਿੰਦਰ ਸਿੰਘ ਨੇ ਮਾਮਲੇ ਦੀ ਗੰਭੀਰਤਾ ਨੂੰ ਸਮਝਦਿਆਂ ਤੁਰੰਤ ਡਿਵੀਜ਼ਨਲ ਕਮਿਸ਼ਨਰ ਨੂੰ ਮੈਜਿਸਟਰੇਟੀ ਜਾਂਚ ਕਰਨ ਅਤੇ ਇੱਕ ਮਹੀਨੇ ਵਿੱਚ ਰਿਪੋਰਟ ਦੇਣ ਦਾ ਆਦੇਸ਼ ਦਿੱਤਾ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਆਬਕਾਰੀ ਤੇ ਕਰ ਵਿਭਾਗ ਦੇ ਸੱਤ ਅਧਿਕਾਰੀਆਂ ਤੇ ਇੰਸਪੈਕਟਰਾਂ ਦੇ ਨਾਲ-ਨਾਲ ਪੰਜਾਬ ਪੁਲਿਸ ਦੇ ਦੋ ਡੀ.ਐਸ.ਪੀਜ਼. ਤੇ ਚਾਰ ਐਸ.ਐਚ.ਓਜ਼. ਨੂੰ ਮੁਅੱਤਲ ਕਰਨ ਤੇ ਉਨ੍ਹਾਂ ਖ਼ਿਲਾਫ਼ ਜਾਂਚ ਦਾ ਹੁਕਮ ਦਿੱਤਾ।

ਜ਼ਿਕਰਯੋਗ ਹੈ ਕਿ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੁਣ ਤੱਕ ਤਿੰਨ ਜ਼ਿਲ੍ਹਿਆਂ ਤਰਨ ਤਾਰਨ, ਅੰਮ੍ਰਿਤਸਰ ਦਿਹਾਤੀ ਤੇ ਗੁਰਦਾਸਪੁਰ ਵਿੱਚ 100 ਤੋਂ ਵੱਧ ਜਾਨਾਂ ਗਈਆਂ ਹਨ। ਮੰਤਰੀ ਨੇ ਇਸ ਤ੍ਰਾਸਦੀ ਦੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਸ਼ਾਮਲ ਸਾਰੇ ਅਨਸਰਾਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਕਿਉਂਕਿ ਮੁੱਖ ਮੰਤਰੀ ਪਹਿਲਾਂ ਹੀ ਚੇਤਾਵਨੀ ਦੇ ਚੁੱਕੇ ਹਨ ਕਿ ਸ਼ਰਾਬ ਦੇ ਕਾਰੋਬਾਰ ਵਿੱਚ ਸ਼ਾਮਲ ਲੋਕ ਗੈਰ-ਕਾਨੂੰਨੀ ਧੰਦਾ ਤੁਰੰਤ ਬੰਦ ਕਰ ਦੇਣ, ਨਹੀਂ ਤਾਂ ਉਨ੍ਹਾਂ ਨੂੰ ਗੰਭੀਰ ਸਿੱਟੇ ਭੁਗਤਣੇ ਪੈਣਗੇ।

ਲੋਕ ਸ਼੍ਰੋਮਣੀ ਅਕਾਲੀ ਦਲ ਅਗਵਾਈ ‘ਤੇ ਭਰੋਸਾ ਗੁਆ ਚੁੱਕੇ ਹਨ

ਜ਼ਹਿਰੀਲੀ ਸ਼ਰਾਬ ਦੇ ਮੁੱਦੇ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ‘ਤੇ ਧਾਵਾ ਬੋਲਦਿਆਂ ਰਾਣਾ ਸੋਢੀ ਨੇ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਲੋਕ ਤੁਹਾਡੀ ਅਗਵਾਈ ‘ਤੇ ਭਰੋਸਾ ਗੁਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਢਹਿ-ਢੇਰੀ ਹੋਣ ਦੇ ਕੰਢੇ ਹੈ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਉਨ੍ਹਾਂ ਦੀ ਸੰਤਾਨ ਵੱਲੋਂ ਇੱਕ ਸਦੀ ਤੋਂ ਵੱਧ ਪੁਰਾਣੀ ਸਿਆਸੀ ਪਾਰਟੀ ‘ਤੇ ਕਬਜ਼ਾ ਕਰਨ ਦੀ ਬਿਰਤੀ ਅਤੇ ਤਾਨਾਸ਼ਾਹੀ ਰਵੱਈਏ ਤੋਂ ਤੰਗ ਤੇ ਦਮ-ਘੁਟਿਆ ਮਹਿਸੂਸ ਕਰ ਰਹੇ ਪਾਰਟੀ ਦੇ ਵੱਡੇ ਅਹੁਦੇਦਾਰ ਤੇ ਭਰੋਸੇਮੰਦ ਪਹਿਲਾਂ ਹੀ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਵਿੱਚ ਸ਼ਾਮਲ ਹੋ ਚੁੱਕੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

LEAVE A REPLY

Please enter your comment!
Please enter your name here