ਮੈਂਬਰ ਪਾਰਲੀਮੈਂਟ ਔਜਲਾ ਦੀ ਅਗਵਾਈ ’ਚ ਅੰਮ੍ਰਿਤਸਰ ਦੇ ਕਈ ਹਲਕਿਆਂ ’ਚ ਕਿਸਾਨਾਂ ਦੇ ਹੱਕ ’ਚ ਟਰੈਕਟਰ ਮਾਰਚ

Amritsar News
ਮੈਂਬਰ ਪਾਰਲੀਮੈਂਟ ਔਜਲਾ ਦੀ ਅਗਵਾਈ ’ਚ ਅੰਮ੍ਰਿਤਸਰ ਦੇ ਕਈ ਹਲਕਿਆਂ ’ਚ ਕਿਸਾਨਾਂ ਦੇ ਹੱਕ ’ਚ ਟਰੈਕਟਰ ਮਾਰਚ

ਕਾਂਗਰਸ ਪਾਰਟੀ ਕਿਸਾਨਾਂ ਦੇ ਨਾਲ ਖੜੀ : ਔਜਲਾ

(ਰਾਜਨ ਮਾਨ) ਅੰਮ੍ਰਿਤਸਰ। ਸ਼ੰਭੂ ਅਤੇ ਖਨੌਰੀ ਬਾਰਡਰਾਂ ਤੇ ਹੱਕੀ ਮੰਗਾਂ ਲਈ ਜੂਝਦੇ ਕਿਸਾਨਾਂ ਨਾਲ ਹਮਦਰਦੀ ਅਤੇ ਇਕਜੁੱਟਤਾ ਦਾ ਪ੍ਰਗਟਾਵਾ ਕਰਨ ਲਈ ਅੱਜ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦੀ ਅਗਵਾਈ ਹੇਠ ਵੱਡੀ ਤਾਦਾਦ ਵਿੱਚ ਕਾਂਗਰਸੀ ਵਰਕਰਾਂ ਵੱਲੋਂ ਵਿਧਾਨ ਸਭਾ ਹਲਕਾ ਮਜੀਠਾ ਅਤੇ ਰਾਜਾਸਾਂਸੀ ਵਿੱਚ ਇਲਾਕੇ ਦੇ ਪਿੰਡਾਂ ਵਿੱਚ ਟਰੈਕਟਰ ਮਾਰਚ ਕੀਤਾ ਗਿਆ। Amritsar News

ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਨੂੰ ਲਾਮਬੰਦ ਹੋ ਕੇ ਕਿਸਾਨੀ ਮੰਗਾਂ ਦੇ ਹੱਕ ਵਿੱਚ ਡਟਣ ਦਾ ਸੁਨੇਹਾ ਦਿੰਦਿਆਂ ਔਜਲਾ ਨੇ ਕਿਹਾ ਕਿ ਸੰਭੂ ਅਤੇ ਖਨੌਰੀ ਬਾਰਡਰ ’ਤੇ ਆਪਣੀਆਂ ਜਾਇਜ਼ ਮੰਗਾਂ ਲਈ ਕਿਸਾਨ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਿਸਾਨਾਂ ਦੇ ਮਸਲੇ ਹੱਲ ਕਰਨ ਦੀ ਥਾਂ ਕੇਂਦਰ ਸਰਕਾਰ ਦੀ ਸ਼ਹਿ ’ਤੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਉੱਤੇ ਬੇਰਹਿਮੀ ਨਾਲ ਅੱਥਰੂ ਗੈਸ ਅਤੇ ਗੋਲੀਆਂ ਚਲਾਈਆਂ ਗਈਆਂ, ਜਿਸ ਕਾਰਨ ਨੌਜਵਾਨ ਕਿਸਾਨ ਸੁਭਕਰਮ ਸਿੰਘ ਦੀ ਮੌਤ ਹੋ ਗਈ ਅਤੇ ਸੈਂਕੜੇ ਕਿਸਾਨ ਗੰਭੀਰ ਜ਼ਖ਼ਮੀ ਹੋ ਗਏ ਹਨ। Amritsar News

ਇਹ ਵੀ ਪੜ੍ਹੋ: ਕਾਂਗਰਸ ਵੱਲੋਂ ਰਾਜ ਬਖਸ਼ ਕੰਬੋਜ ਦੀ ਅਗਵਾਈ ’ਚ ਕਿਸਾਨਾਂ ਦੀ ਹਮਾਇਤ ਲਈ ਟਰੈਕਟਰ ਰੈਲੀ ਕੀਤੀ

ਉਨ੍ਹਾਂ ਦੱਸਿਆ ਕਿ ਕਾਂਗਰਸ ਪਾਰਟੀ ਵੱਲੋਂ ਪੂਰੇ ਪੰਜਾਬ ਵਿੱਚ ਕਿਸਾਨਾਂ ਦੇ ਹੱਕ ਵਿੱਚ ਅਵਾਜ਼ ਬੁਲੰਦ ਕੀਤੀ ਗਈ ਹੈ। ਉਹਨਾਂ ਕਿਹਾ ਕਿ ਅੱਜ ਦੇਸ਼ ਦਾ ਅੰਨਦਾਤਾ ਸੜਕਾਂ ਉਪਰ ਰੁਲ ਰਿਹਾ ਹੈ ਅਤੇ ਮੋਦੀ ਸਰਕਾਰ ਇਹਨਾਂ ਦਾ ਦਰਦ ਸਮਝਣ ਦੀ ਬਜਾਏ ਇਹਨਾਂ ਉਪਰ ਡਾਂਗਾਂ ਅਤੇ ਗੋਲੀਆਂ ਚਲਾ ਰਹੀ ਹੈ। ਉਹਨਾਂ ਕਿਹਾ ਕਿ ਸ਼ਾਂਤਮਈ ਆਪਣੇ ਹੱਕਾਂ ਦੀ ਮੰਗ ਕਰ ਰਹੇ ਕਿਸਾਨਾਂ ਉਪਰ ਅੱਤਿਆਚਾਰ ਕਰਕੇ ਮਨੁੱਖੀ ਹੱਕਾਂ ਨੂੰ ਤਾਰ ਤਾਰ ਕੀਤਾ ਜਾ ਰਿਹਾ ਹੈ।

ਕਿਸਾਨਾਂ ਨਾਲ ਕਿਸੇ ਤਰ੍ਹਾਂ ਦਾ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ

Amritsar News

ਉਹਨਾਂ ਕਿਹਾ ਕਿ ਲੋਕਤੰਤਰ ਵਿੱਚ ਹਰ ਇਕ ਨੂੰ ਆਪਣੇ ਹੱਕਾਂ ਦੀ ਆਵਾਜ਼ ਉਠਾਉਣ ਦਾ ਪੂਰਾ ਹੱਕ ਹੈ ਅਤੇ ਇਹ ਜ਼ਾਲਮ ਮੋਦੀ ਤੇ ਖੱਟਰ ਸਰਕਾਰ ਲੋਕਾਂ ਦੀ ਆਵਾਜ਼ ਬੰਦ ਕਰਨ ਲਈ ਅੱਤਿਆਚਾਰ ਕਰ ਰਹੀ ਹੈ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਕਿਸਾਨਾਂ ਨਾਲ ਕਿਸੇ ਤਰ੍ਹਾਂ ਦਾ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਭਗਵੰਤਪਾਲ ਸਿੰਘ ਸੱਚਰ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਲੋਕ ਭਾਜਪਾ ਨੂੰ ਹੁਣ ਦੇਸ਼ ਦੀ ਸੱਤਾ ਤੋਂ ਲਾਂਭੇ ਕਰਨ ਲਈ ਲਾਮਬੰਦ ਹੋਣ। ਉਹਨਾਂ ਕਿਹਾ ਕਿ ਭਾਜਪਾ ਦਾ ਇਕੋ ਇਕ ਮਕਸਦ ਕਾਰਪੋਰੇਟ ਘਰਾਣਿਆਂ ਨੂੰ ਅੱਗੇ ਲੈ ਕੇ ਆਉਣਾ ਹੈ।

ਉਹਨਾਂ ਕਿਹਾ ਕਿ ਭਾਜਪਾ ਸਰਕਾਰ ਵੱਲੋਂ ਆਪਣੇ ਆਕਾਵਾਂ ਨੂੰ ਖੁਸ਼ ਕਰਨ ਲਈ ਨਿਹੱਥੇ ਬੇਕਸੂਰ ਕਿਸਾਨਾਂ ਉਪਰ ਗੋਲੀਆਂ ਚਲਾਈਆਂ ਜਾ ਰਹੀਆਂ ਹਨ ਅਤੇ ਕਈ ਕਿਸਾਨ ਸ਼ਹਾਦਤ ਦਾ ਜਾਮ ਪੀ ਗਏ ਹਨ। ਉਹਨਾਂ ਕਿਹਾ ਕਿ ਅੰਨਦਾਤਾ ਉਪਰ ਕੀਤੇ ਤਸ਼ੱਦਦ ਦਾ ਭਾਜਪਾ ਨੂੰ ਖਮਿਆਜ਼ਾ ਭੁਗਤਣਾ ਪਵੇਗਾ। ਇਸ ਮੌਕੇ ’ਤੇ ਸੈਂਕੜੇ ਟਰੈਕਟਰ ਸੜਕਾਂ ਉਪਰ ਕਿਸਾਨੀ ਤੇ ਕਾਂਗਰਸ ਪਾਰਟੀ ਦੇ ਝੰਡੇ ਲਾ ਕੇ ਸੜਕਾਂ ’ਤੇ ਕਿਸਾਨਾਂ ਦੇ ਹੱਕ ਵਿੱਚ ਚੱਲੇ।