ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਨੂੰ ਦਿੱਤੀ ਵੱਖ-ਵੱਖ ਰਾਜਨੀਤਿਕ ਆਗੂਆਂ ਦਿੱਤੀ ਸ਼ਰਧਾਂਜਲੀ
ਬਰਨਾਲਾ, (ਮਾਲਵਿੰਦਰ ਸਿੰਘ/ਰਾਜਿੰਦਰ ਸ਼ਰਮਾ) ਇੱਥੋਂ ਨੇੜਲੇ ਪਿੰਡ ਠੀਕਰੀਵਾਲਾ ਵਿਖੇ ਨਗਰ ਪੰਚਾਇਤ ਤੇ ਬਰਸੀ ਪ੍ਰਬੰਧਕਾਂ ਵੱਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਹੀਦ ਸ. ਸੇਵਾ ਸਿੰਘ ਠੀਕਰੀਵਾਲਾ (Shaheed Sewa Singh Thikriwala) ਦੀ ਮਨਾਈ ਜਾ ਰਹੀ 86ਵੀਂ ਬਰਸੀ ਮੌਕੇ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਦੇ ਲੀਡਰਾਂ ਨੇ ਨਤਮਸਤਕ ਹੁੰਦਿਆਂ ਮਹਾਨ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਆਮ ਆਦਮੀ ਪਾਰਟੀ ਵਲੋਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸ਼ਹੀਦ ਸ. ਸੇਵਾ ਸਿੰਘ ਨੂੰ ਸਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਸ਼ਹੀਦ ਸ. ਸੇਵਾ ਸਿੰਘ ਠੀਕਰੀਵਾਲਾ ਨੇ ਰਜਵਾੜਾਸ਼ਾਹੀ ਖਿਲਾਫ਼ ਜੰਗ ਲੜੀ ਅਤੇ ਸਾਨੂੰ ਅਜਿਹੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਸੇਧ ਲੈਣ ਦੀ ਜ਼ਰੂਰਤ ਹੈ।
ਇਸ ਮੌਕੇ ਉਨ੍ਹਾਂ ਪੰਜਾਬ ਦੀ ਮਾਲੀ ਹਾਲਤ ਬਾਰੇ ਬੋਲਦਿਆਂ ਕਿਹਾ ਕਿ 1992 ਵਿੱਚ ਪੰਜਾਬ ਸਿਰ 9 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਸੀ ਜਿਸ ਵਿੱਚੋਂ ਕੇਂਦਰ ਸਰਕਾਰ ਨੇ 6 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰ ਦਿੱਤਾ ਸੀ। ਮਾਫ਼ੀ ਤੋਂ ਬਾਅਦ ਪੰਜਾਬ ਸਿਰ 3 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਬਾਕੀ ਰਹਿ ਗਿਆ ਸੀ ਜਦਕਿ ਹੁਣ ਹਾਲਤ ਇਹ ਹੈ ਕਿ ਪੰਜਾਬ ਸਰਕਾਰ 25 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਹੈ ਜਿਸ ਦੇ ਵਿਆਜ ਮੋੜਨ ਲਈ ਵੀ ਦੁਬਾਰਾ ਕਰਜਾ ਲੈਣਾ ਪੈ ਰਿਹਾ ਹੈ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਤੇ ਕਾਂਗਰਸ ਦੀਆਂ ਮਾੜੀਆਂ ਨੀਤੀਆਂ ਕਾਰਨ ਇੰਡਸਟਰੀ ਤੇ ਯੂਨਿਟ ਵੀ ਬਾਹਰ ਚਲੇ ਗਏ ਹਨ। ਉਨ੍ਹਾਂ ਪੰਜਾਬ ਦੀ ਨੌਜਵਾਨੀ ਅਤੇ ਪਾਣੀਆਂ ‘ਤੇ ਵੀ ਚਿੰਤਾ ਪ੍ਰਗਟ ਕੀਤੀ। ਇਸ ਮੌਕੇ ਸ਼੍ਰੋਮਣੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼ਹੀਦ ਸ. ਸੇਵਾ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਕੌਮ ਨੂੰ ਬਹੁਤ ਵੱਡੀ ਦੇਣ ਹੈ ਜਿਨ੍ਹਾਂ ਨੇ ਅੰਗਰੇਜ਼ਾਂ ਤੇ ਰਾਜਿਆਂ ਦੀ ਗੁਲਾਮੀ ਤੋੜਨ ਲਈ ਸੰਘਰਸ਼ ਕੀਤਾ। ਅਸੀਂ ਅਜਿਹੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਕਰਕੇ ਅਜਾਦੀ ਮਾਣ ਰਹੇ ਹਾਂ। ਇਸ ਮੌਕੇ ਉਨ੍ਹਾਂ ਸ਼ਹੀਦ ਸੇਵਾ ਸਿੰਘ ਦੇ ਸਮਾਗਮ ਵਾਲੇ ਪਡਾਂਲ ਦੀ ਜਗ੍ਹਾ ‘ਤੇ ਸੈੱਡ ਬਣਵਾਉਣ ਦਾ ਵੀ ਐਲਾਨ ਕੀਤਾ। ਜੋ ਕਿ ਇੱਕ ਸਾਲ ਵਿੱਚ ਪੂਰਾ ਹੋ ਜਾਣ ਦਾ ਭਰੋਸਾ ਦਿਵਾਇਆ।
ਸ. ਠੀਕਰੀਵਾਲਾ ਨੇ ਪਿੰਡ ਦਾ ਨਾਮ ਦੁਨੀਆਂ ਭਰ ‘ਚ ਰੌਸ਼ਨ ਕੀਤਾ ਹੈ
ਇਸ ਮੌਕੇ ਅਕਾਲੀ ਆਗੂ ਇਕਬਾਲ ਸਿੰਘ ਝੂੰਦਾਂ ਅਤੇ ਸਾਬਕਾ ਵਿਧਾਇਕ ਬਲਵੀਰ ਸਿੰਘ ਘੁੰਨਸ ਨੇ ਕਿਹਾ ਕਿ ਸ. ਠੀਕਰੀਵਾਲਾ ਨੇ ਪਿੰਡ ਦਾ ਨਾਮ ਦੁਨੀਆਂ ਭਰ ‘ਚ ਰੌਸ਼ਨ ਕੀਤਾ ਹੈ। ਅਕਾਲੀ ਆਗੂ ਗਗਨਜੀਤ ਸਿੰਘ ਬਰਨਾਲਾ ਨੇ ਕਿਹਾ ਕਿ ਜੋ ਕੰਮ ਸ਼ਹੀਦ ਸ. ਸੇਵਾ ਸਿੰਘ ਠੀਕਰੀਵਾਲਾ ਨੇ ਕਰਵਾਏ ਹਨ ਉਹ ਸਦਾ ਅਮਰ ਰਹਿਣਗੇ। ਇਸ ਮੌਕੇ ਉਨ੍ਹਾਂ ਸ਼ਹੀਦ ਸ. ਸੇਵਾ ਸਿੰਘ ਦੀ ਜੀਵਨੀ ‘ਤੇ ਵੀ ਚਾਨਣਾ ਪਾਇਆ।
ਇਸ ਮੌਕੇ ਆਮ ਆਦਮੀ ਪਾਰਟੀ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਮਹਿਲ ਕਲਾਂ ਕੁਲਵੰਤ ਸਿੰਘ ਪੰਡੋਰੀ, ਐਸਜੀਪੀਸੀ ਮੈਂਬਰ ਬਲਦੇਵ ਸਿੰਘ ਚੂੰਘਾਂ, ਐਸਜੀਪੀਸੀ ਮੈਂਬਰ ਪਰਮਜੀਤ ਸਿੰਘ ਖਾਲਸਾ ਅਤੇ ਕੁਲਵੰਤ ਸਿੰਘ ਕੀਤੂ ਤੋਂ ਇਲਾਵਾ ਵੱਡੀ ਗਿਣਤੀ ‘ਚ ਵਰਕਰ ਹਾਜ਼ਰ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।