ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਭਾਰਤ ਵੱਲੋਂ ਸ਼ਹੀਦ ਊਧਮ ਸਿੰਘ ਨੂੰ ਦਿੱਤੀਆਂ ਸ਼ਰਧਾਂਜਲੀਆਂ

ਸ਼ਹੀਦਾ ਵੱਲੋਂ ਦਿੱਤੇ ਗਏ ਬਲੀਦਾਨ ਕਰਕੇ ਹੀ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ : ਜਗਜੀਤ ਸਿੰਘ ਡੱਲੇਵਾਲ

ਲੌਂਗੋਵਾਲ (ਹਰਪਾਲ)। ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਭਾਰਤ ਵੱਲੋ ਅਨਾਜ ਮੰਡੀ ਲੌਗੋਵਾਲ ਵਿਖੇ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਪੱਤਰਕਾਰਾਂ ਨਾਲ ਗੱਲਬਾਤ ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਜਗਜੀਤ ਸਿੰਘ ਡੱਲੇਵਾਲ ਸੂਬਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪਰ ਨੇ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਅਸੀ ਉਹਨਾਂ ਸ਼ਹੀਦਾ ਵੱਲੋਂ ਦਿੱਤੇ ਗਏ ਬਲੀਦਾਨ ਕਰਕੇ ਹੀ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ।

ਸ਼ਹੀਦ ਊਧਮ ਸਿੰਘ ਉਹ ਯੋਧਾ ਸੀ ਜਿਸ ਨੇ ਇੰਨੇ ਸਾਲ ਬਦਲੇ ਦੀ ਅੱਗ ਨੂੰ ਆਪਣੇ ਸੀਨੇ ਵਿੱਚ ਬਾਲ ਕੇ ਰੱਖਿਆ ਅਤੇ ਜਲ੍ਹਿਆਂਵਾਲੇ ਬਾਗ ਵਿੱਚ ਨਿਹੱਥੇ ਸਿੱਖਾਂ ਦੇ ਕਾਤਲ ਤੋਂ 21 ਸਾਲ ਬਾਅਦ ਲੰਡਨ ਦੇ ਵਿਚ ਜਾ ਕੇ ਬਦਲਾ ਲਿਆ ਸੀ ਜਿਨ੍ਹਾਂ ਦੀ ਸ਼ਹੀਦੀ ਨੂੰ ਸਿਜਦਾ ਕਰਦੇ ਹੋਏ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਤੇ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਅੱਜ ਵੱਡੀ ਗਿਣਤੀ ਵਿਚ ਗੈਰ ਰਾਜਨੀਤਿਕ SKM ਦੀਆਂ ਜੱਥੇਬੰਦੀਆਂ ਵੱਲੋਂ ਵੱਡੇ ਕਾਫਲਿਆਂ ਦੇ ਰੂਪ ਵਿੱਚ ਲੌਂਗੋਵਾਲ ਦੀ ਅਨਾਜ ਮੰਡੀ ਵਿਖੇ ਸ਼ਮੂਲੀਅਤ ਕੀਤੀ ਗਈ। ਜਿਸ ਤੋਂ ਬਾਅਦ SKM ਵੱਲੋ ਇੱਕ ਕਾਫਲੇ ਦੇ ਰੂਪ ਵਿੱਚ ਸੁਨਾਮ ਵਿਖੇ ਜਾ ਕੇ ਸ੍ਰ ਊਧਮ ਸਿੰਘ ਦੀ ਸ਼ਹਾਦਤ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।

ਅਨਾਜ ਮੰਡੀ ਲੌਂਗੋਵਾਲ ਵਿਖੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਭਾਰਤ ਵੱਲੋ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ। ਫੋਟੋ ਹਰਪਾਲ

kisan

ਭਾਰਤ ਸਰਕਾਰ ਵੱਲੋਂ ਭਾਰਤ ਮਾਲਾ ਪ੍ਰਾਜੈਕਟ ਤਹਿਤ ਪੰਜਾਬ ਦੇ ਪਿੰਡਾਂ ਨੂੰ ਉਜਾੜਿਆ ਜਾ ਰਿਹਾ ਹੈ

ਜਗਜੀਤ ਸਿੰਘ ਡੱਲੇਵਾਲ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਭਾਰਤ ਮਾਲਾ ਪ੍ਰਾਜੈਕਟ ਤਹਿਤ ਪੰਜਾਬ ਦੇ ਪਿੰਡਾਂ ਨੂੰ ਉਜਾੜਿਆ ਜਾ ਰਿਹਾ ਹੈ ਇਸੇ ਤਰ੍ਹਾਂ ਪਹਿਲਾਂ ਵੀ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਚੰਡੀਗੜ੍ਹ ਵਸਾਇਆ ਗਿਆ ਸੀ ਅਤੇ ਉਨ੍ਹਾਂ ਕਿਸਾਨਾਂ ਵੱਲੋ ਗੁਜਰਾਤ ਵਿੱਚ ਜਾ ਕੇ ਜ਼ਮੀਨਾਂ ਖਰੀਦੀਆਂ ਗਈਆਂ ਸਨ ਤੇ ਹੁਣ ਗੁਜਰਾਤ ਸਰਕਾਰ ਉਨ੍ਹਾਂ ਤੋਂ ਧੱਕੇ ਨਾਲ ਜ਼ਮੀਨਾਂ ਖੋਹ ਕੇ ਉਹਨਾਂ ਨੂੰ ਉਜਾੜਿਆ ਜਾ ਰਿਹਾ ਹੈ ਜਿਸ ਦਾ ਅਸੀਂ ਸਖਤ ਵਿਰੋਧ ਕਰਦੇ ਹਾਂ ਅਤੇ ਉਹਨਾਂ ਕਿਸਾਨਾਂ ਨਾਲ SKM ਡੱਟ ਕੇ ਖੜ੍ਹੇਗਾ।

ਅੱਗੇ ਗੱਲਬਾਤ ਕਰਦਿਆਂ ਆਗੂਆਂ ਨੇ ਦੱਸਿਆ ਕਿ ਪੰਜਾਬ ਦੀਆਂ ਸਰਕਾਰੀ ਅਤੇ ਪ੍ਰਾਈਵੇਟ ਖੰਡ ਮਿੱਲਾਂ ਵੱਲ ਕਿਸਾਨਾਂ ਦਾ ਪਿੱਛਲੇ ਸਾਲ ਦਾ 420 ਕਰੋੜ ਰੁਪਇਆ ਖੜਾ ਹੈ ਇਸ ਲਈ ਸਰਕਾਰ ਸਾਡੇ ਨਾਲ ਕੀਤੇ ਵਾਅਦੇ ਅਨੁਸਾਰ ਇੱਕ ਵਾਰ ਹੀ ਸਾਰਾ ਪੈਸਾ ਜਾਰੀ ਕਰੇ,ਪਰ ਇੰਨਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਸਰਕਾਰ ਵੱਲੋਂ ਕਿਸਾਨਾਂ ਦਾ ਉਹ ਪੈਸਾ ਜਾਰੀ ਨਹੀਂ ਕੀਤਾ ਗਿਆ ਜਿਸ ਨੂੰ ਅਸੀਂ ਸਰਕਾਰ ਦੀ ਨਲਾਇਕੀ ਹੀ ਕਹਿ ਸਕਦੇ ਹਾਂ। ਉਹਨਾਂ ਕਿਹਾ ਕਿ ਇੱਕ ਪਾਸੇ ਤਾਂ ਪੰਜਾਬ ਸਰਕਾਰ ਕਿਸਾਨ ਹਿਤੈਸ਼ੀ ਹੋਣ ਦੀ ਗੱਲ ਕਰਦੀ ਹੈ ਪਰ ਕਿਸਾਨ ਨੂੰ ਉਸ ਦੀ ਹੀ ਫ਼ਸਲ ਦਾ ਪੈਸਾ ਨਹੀਂ ਦਿੱਤਾ ਜਾ ਰਿਹਾ ਜਿਸ ਕਾਰਨ ਕਿਸਾਨ ਕਰਜ਼ੇ ਦਾ ਬੋਝ ਨਾ ਝੱਲ ਦੇ ਹੋਏ ਆਰਥਿਕ ਤੰਗੀ ਕਾਰਨ ਖੁਦਕੁਸ਼ੀਆਂ ਕਰ ਰਿਹਾ ਹੈ ਕਿਉਂਕਿ ਕਿਸਾਨ ਦੀ ਫਸਲ ਦਾ ਆਪਣਾ ਹੀ ਪੈਸਾ ਸਰਕਾਰ ਅਤੇ ਮਿੱਲਾਂ ਵੱਲ ਖਡ਼੍ਹਾ ਹੈ ਉਹ ਕਿਸਾਨਾਂ ਨੂੰ ਨਹੀਂ ਦਿੱਤਾ ਜਾ ਰਿਹਾ ਹੈ।

ਕਿਸਾਨਾਂ ਨੇ ਸਰਕਾਰ ਤੋਂ ਕੀਤੀ ਮੁਆਵਜ਼ੇ ਦੀ ਮੰਗ

ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਵਾਅਦਾ ਖਿਲਾਫੀ ਦੇ ਰੋਸ ਵਜੋਂ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਵੱਲੋਂ 3 ਅਗਸਤ ਨੂੰ ਪੰਜਾਬ ਵਿੱਚ ਧਾਲੀਵਾਲ,ਦਸੂਹਾ,ਤਪਾ,ਬੱਲੂਆਣਾ ,ਫਤਹਿਗੜ੍ਹ ਸਾਹਿਬ,ਗੰਗਾਨਗਰ ਵਿੱਚ ਗੰਨੇ ਦੀ ਫਸਲ ਦੇ ਬਕਾਇਆ ਪੈਸੇ,ਕਣਕ ਉੱਤੇ ਸਰਕਾਰ ਵੱਲੋਂ ਬੋਨਸ ਦੇਣ ਦੇ ਕੀਤੇ ਵਾਅਦੇ, ਮੂੰਗੀ ਉੱਤੇ ਐੱਮ.ਐੱਸ.ਪੀ, ਬਰਸਾਤਾਂ ਕਰਕੇ ਨੁਕਸਾਨੇ ਗਏ ਝੋਨੇ ਅਤੇ ਮੂੰਗੀ ਦੀ ਫ਼ਸਲ ਦੇ ਨੁਕਸਾਨ ਦਾ ਮੁਆਵਜ਼ਾ, ਪਿੱਛਲੇ ਸਾਲ ਦਾ ਚਿੱਟੀ ਮੱਖੀ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ,ਪਿੱਛਲੇ ਸਾਲ ਦੀ ਝੋਨੇ ਦੀ ਫਸਲ ਦੇ ਨੁਕਸਾਨ ਦਾ ਮੁਆਵਜ਼ਾ,ਕਿਸਾਨੀ ਸੰਘਰਸ਼ ਦੌਰਾਨ ਕਿਸਾਨਾਂ ਉੱਪਰ ਚੰਡੀਗੜ੍ਹ ਵਿੱਚ ਹੋਏ ਪਰਚੇ ਅਤੇ ਦਿੱਲੀ ਮੋਰਚੇ ਦੇ ਸ਼ਹੀਦ ਕਿਸਾਨਾਂ ਦੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਪੰਜ ਲੱਖ ਦਾ ਮੁਆਵਜ਼ਾ ਦੇਣ ਆਦਿ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਰੋਡ ਜਾਮ ਕਰਨ ਲਈ ਮਜਬੂਰ ਹੋਣਾ ਪਵੇਗਾ ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

ਉਹਨਾਂ ਸਾਰੇ ਪੰਜਾਬ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦਾ ਸਾਥ ਦੇਣ ਅਤੇ ਉਪਰੋਕਤ ਦਿੱਤੇ ਹੋਏ ਛੇ ਪੁਆਇੰਟਾਂ ਉੱਪਰ ਸਫ਼ਰ ਕਰਨ ਤੋਂ ਪ੍ਰਹੇਜ਼ ਕਰਨ ਤਾਂ ਜੋ ਉਨ੍ਹਾਂ ਨੂੰ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਆਗੂਆਂ ਨੇ ਦੱਸਿਆ ਕਿ 22 ਅਗਸਤ 2022 ਨੂੰ ਦਿੱਲੀ ਦੇ ਜੰਤਰ ਮੰਤਰ ਵਿਖੇ ਦਿੱਲੀ ਮੋਰਚੇ ਦੀਆਂ ਬਾਕੀ ਰਹਿੰਦਿਆਂ ਮੰਗਾਂ ਡਾ ਸਵਾਮੀਨਾਥਨ ਕਮਿਸ਼ਨ ਦੇ C’2+50 ਫੀਸਦੀ ਫਾਰਮੂਲੇ ਦੇ ਅਨੁਸਾਰ ਐੱਮ.ਐੱਸ.ਪੀ ਉੱਪਰ ਗਰੰਟੀ ਕਾਨੂੰਨ,ਲਖੀਮਪੁਰ ਖੀਰੀ ਕਾਂਡ ਦੇ ਪੀਡ਼ਤ ਪਰਿਵਾਰਾਂ ਨੂੰ ਇਨਸਾਫ ਦਿਵਾਉਣਾਂ, ਜੇਲ੍ਹਾਂ ਵਿੱਚ ਬੰਦ ਬੇਦੋਸ਼ੇ ਕਿਸਾਨਾਂ ਨੂੰ ਬਾਹਰ ਕਢਵਾਉਣਾ, ਲਖੀਮਪੁਰ ਖੀਰੀ ਕਤਲਕਾਂਡ ਦੇ ਮੁੱਖ ਦੋਸ਼ੀ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਨੂੰ ਬਰਖਾਸਤ ਕਰਨਾਂ ਅਤੇ ਜੇਲ੍ਹ ਭੇਜਣਾਂ,ਕਿਸਾਨੀ ਸੰਘਰਸ਼ ਦੌਰਾਨ ਸਾਰੇ ਭਾਰਤ ਵਿੱਚ ਕਿਸਾਨਾਂ ਉੱਪਰ ਦਰਜ ਹੋਏ ਪਰਚੇ ਰੱਦ ਕਰਵਾਉਣਾ , ਸ਼ਹੀਦ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਮੁਆਵਜ਼ਾ , WTO ਵਿੱਚੋਂ ਬਾਹਰ ਨਿਕਲਣ ਲਈ ਭਾਰਤ ਸਰਕਾਰ ਉੱਤੇ ਦਬਾਅ ਬਣਾਉਣਾ, ਕਿਸਾਨਾਂ ਅਤੇ ਮਜ਼ਦੂਰਾਂ ਦੀ ਕੁੱਲ ਕਰਜ਼ ਮੁਕਤੀ ਅਤੇ ਮੋਰਚੇ ਦੀਆਂ ਹੋਰ ਰਹਿੰਦੀਆਂ ਮੰਗਾਂ ਨੂੰ ਲਾਗੂ ਕਰਵਾਉਣਾ ਆਦਿ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਮਾਣਯੋਗ ਰਾਸ਼ਟਰਪਤੀ ਜੀ ਨੂੰ ਮੰਗ ਪੱਤਰ ਦਿੱਤਾ ਜਾਵੇਗਾ।

ਉਹਨਾਂ ਸਾਰੇ ਕਿਸਾਨ ਮਜ਼ਦੂਰ ਭੈਣ ਭਰਾ ਇਸ ਹੱਕ ਸੱਚ ਦੇ ਸੰਘਰਸ਼ ਵਿਚ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣ ਅਤੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਤਾਂ ਮੋਰਚੇ ਦੀਆਂ ਬਾਕੀ ਰਹਿੰਦੀਆਂ ਮੰਗਾਂ ਨੂੰ ਪੂਰਾ ਕਰਵਾਇਆ ਜਾ ਸਕੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ