ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਕੀਤਾ ਖੁਲਾਸਾ
- ਤਿੰਨ ਮੈਂਬਰੀ ਕਮੇਟੀ ਇੱਕ ਹਫ਼ਤੇ ਵਿੱਚ ਦੇਵੇਗੀ ਰਿਪੋਰਟ
(ਸੱਚ ਕਹੂੰ ਨਿਊਜ਼) ਅੰਮਿ੍ਰਤਸਰ/ਚੰਡੀਗੜ੍ਹ। ਪਿੰਡ ਭਗਤੂਪੁਰਾ ਜ਼ਿਲ੍ਹਾ ਅੰਮਿ੍ਰਤਸਰ ਵਿੱਚ ਪੰਚਾਇਤੀ ਰਸਤਿਆਂ ਅਤੇ ਖਾਲਿਆਂ ਨੂੰ ਵੇਚਣ ਦੀ ਪ੍ਰਵਾਨਗੀ ਮੌਜ਼ੂਦਾ ਸਰਕਾਰ ਵੱਲੋਂ ਨਹੀਂ, ਸਗੋਂ ਪੁਰਾਣੀ ਸਰਕਾਰ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ (Tripat Rajinder Bajwa) ਨੇ 11 ਮਾਰਚ 2022 ਨੂੰ ਜਾਰੀ ਕੀਤੀ ਸੀ, ਜਦੋਂਕਿ ਉਸ ਸਮੇਂ ਕੋਡ ਆਫ਼ ਕੰਡਟਕਟ ਲੱਗਾ ਹੋਇਆ ਸੀ ਅਤੇ 10 ਮਾਰਚ ਦੇ ਚੋਣ ਨਤੀਜਿਆਂ ਵਿੱਚ ਕਾਂਗਰਸ ਪਾਰਟੀ ਬੁਰੀ ਤਰ੍ਹਾਂ ਹਾਰ ਚੁੱਕੀ ਸੀ। ਉਸ ਸਮੇਂ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ (Tripat Rajinder Bajwa) ਨੂੰ ਮਿਸਲ ’ਤੇ ਪ੍ਰਵਾਨਗੀ ਦੇਣ ਦਾ ਕੋਈ ਅਧਿਕਾਰ ਨਹੀਂ ਸੀ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੁਲਦੀਪ ਸਿੰਘ ਧਾਲੀਵਾਲ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸ: ਧਾਲੀਵਾਲ ਨੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਲਫਾ ਵਨ ਸਿਟੀ, ਜੋ ਕਿ ਮਾਨਾਂਵਾਲਾ ਵਿਖੇ ਬਣਾਈ ਗਈ ਹੈ, ਵਿੱਚ ਪੰਚਾਇਤੀ ਰਸਤਿਆਂ ਅਤੇ ਖਾਲਿਆਂ ਨੂੰ ਵੇਚਣ ਸਬੰਧੀ 2015 ਵਿੱਚ ਅਕਾਲੀ ਦਲ ਦੇ ਸਰਪੰਚ ਵਲੋਂ ਮਤਾ ਪਾਇਆ ਸੀ ਪਰ ਇਸ ਨੂੰ ਅਮਲੀ ਜਾਮਾ ਬਾਜਵਾ ਨੇ 2022 ਵਿੱਚ ਚੋਣ ਜਾਬਤੇ ਦੌਰਾਨ ਪਾਇਆ ।
ਉਨ੍ਹਾਂ ਦੱਸਿਆ ਕਿ ਅਲਫਾ ਇੰਟਰਨੈਸ਼ਨਲ ਸਿਟੀ ਕਲੋਨੀ ਦਾ ਕੁੱਲ ਰਕਬਾ ਲਗਭਗ 150 ਏਕੜ ਹੈ ਅਤੇ ਇਸ ਜ਼ਮੀਨ ਵਿੱਚ ਪੰਚਾਇਤੀ ਰਸਤੇ ਅਤੇ ਖਾਲ ਪੈਂਦੇ ਸਨ, ਜੋ ਕਿ ਉਸ ਪ੍ਰੋਜੈਕਟ ਵਿੱਚ ਅੜਚਨ ਸਨ। ਉਨ੍ਹਾਂ ਦੱਸਿਆ ਕਿ ਉਸ ਸਮੇਂ ਦੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਸ਼ਰੇਆਮ ਕਲੋਨਾਈਜ਼ਰ ਨਾਲ ਮਿਲੀਭੁਗਤ ਕਰਕੇ ਪੰਚਾਇਤੀ ਰਸਤਿਆਂ ਅਤੇ ਖਾਲਾਂ ਦੀ ਪ੍ਰਵਾਨਗੀ ਕੇਵਲ 43 ਲੱਖ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਜਾਰੀ ਕਰ ਦਿੱਤੇ, ਜਦੋਂਕਿ ਇਸਦੀ ਮਾਰਕੀਟ ਰੇਟ 7.5 ਕਰੋੜ ਰੁਪਏ ਪ੍ਰਤੀ ਏਕੜ ਸੀ।
ਰਿਪੋਰਟ ਦੇ ਆਧਾਰ ਤੇ ਜੋ ਵੀ ਦੋਸ਼ੀ ਪਾਇਆ ਗਿਆ ਹੋਵੇਗੀ ਸਖ਼ਤ ਕਾਰਵਾਈ
ਉਨ੍ਹਾਂ ਦੱਸਿਆ ਕਿ ਰਸਤਿਆਂ ਅਤੇ ਖਾਲਿਆਂ ਦਾ ਕੁੱਲ ਰਕਬਾ 32 ਕਨਾਲ 16 ਮਰਲੇ ਬਣਦਾ ਸੀ ਅਤੇ ਇਸ ਤਰਾਂ ਕਰਨ ਨਾਲ ਸਰਕਾਰ ਨੂੰ 28 ਕਰੋੜ ਰੁਪਏ ਦਾ ਭਾਰੀ ਨੁਕਸਾਨ ਹੋਇਆ ਹੈ। ਉਨਾਂ ਕਿਹਾ ਕਿ ਸਾਡੀ ਸਰਕਾਰ ਨੇ ਇਸ ਸਾਰੇ ਸਕੈਂਡਲ ਦੀ ਘੋਖ ਕਰਕੇ ਤਿੰਨ ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਹੈ, ਜੋ ਇਕ ਹਫ਼ਤੇ ਦੇ ਅੰਦਰ ਆਪਣੀ ਰਿਪੋਰਟ ਪੇਸ਼ ਕਰੇਗੀ ਅਤੇ ਉਸ ਰਿਪੋਰਟ ਦੇ ਆਧਾਰ ਤੇ ਜੋ ਵੀ ਦੋਸ਼ੀ ਹੋਇਆ ਚਾਹੇ ਉਹ ਅਧਿਕਾਰੀ ਹੋਵੇ ਜਾਂ ਨੇਤਾ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨਾਂ ਦੱਸਿਆ ਕਿ ਇਸ ਤਿੰਨ ਮੈਂਬਰੀ ਕਮੇਟੀ ਵਿੱਚ ਸ੍ਰੀ ਅਮਿਤ ਕੁਮਾਰ ਆਈ ਏ ਐਸ. ਸੰਯੁਕਤ ਵਿਕਾਸ ਕਮਿਸ਼ਨਰ, ਸ਼੍ਰੀ ਸਰਬਜੀਤ ਸਿੰਘ ਸੰਯੁਕਤ ਡਾਇਰੈਕਟਰ ਪੇਂਡੂ ਵਿਕਾਸ ਅਤੇ ਸ੍ਰੀ ਜੋਹਰਇੰਦਰ ਸਿੰਘ ਆਹਲੂਵਾਲੀਆ ਸੀਨੀਅਰ ਕਾਨੂੰਨ ਅਫ਼ਸਰ ਸ਼ਾਮਲ ਕੀਤੇ ਗਏ ਹਨ, ਜੋ ਸਾਰੇ ਮਾਮਲੇ ਦੀ ਜਾਂਚ ਕਰਨਗੇ। ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਧਾਲੀਵਾਲ ਨੇ ਕਿਹਾ ਕਿ ਪਿਛਲੇ 15 ਸਾਲਾਂ ਦੌਰਾਨ ਜਿੰਨੀਆਂ ਵੀ ਕਾਲੋਨੀਆਂ ਕੱਟੀਆਂ ਗਈਆਂ ਹਨ, ਉਨਾਂ ਦੀ ਮੁਕੰਮਲ ਜਾਂਚ ਕਰਵਾਈ ਜਾਵੇਗੀ ਅਤੇ ਸਰਕਾਰੀ ਰਸਤਿਆਂ ਤੋਂ ਕਬਜ਼ਾ ਛੁਡਵਾਇਆ ਜਾਵੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ