Illegal Arms Trafficking: (ਰਾਜਨ ਮਾਨ) ਅੰਮ੍ਰਿਤਸਰ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਹਥਿਆਰ ਤਸਕਰੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਸੱਤ ਆਧੁਨਿਕ ਪਿਸਤੌਲਾਂ ਜਿਹਨਾਂ ਵਿੱਚ ਤਿੰਨ 5 ਅਤੇ ਚਾਰ .30 ਬੋਰ ਦੇ ਪਿਸਤੌਲ ਸ਼ਾਮਲ ਹਨ, ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।
ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਲਵਿੰਦਰ ਸਿੰਘ (32) ਵਾਸੀ ਪਿੰਡ ਭਿੰਡੀ ਨੈਣ, ਅੰਮ੍ਰਿਤਸਰ ਅਤੇ ਜੁਗਰਾਜ ਸਿੰਘ ਉਰਫ਼ ਜੱਗਾ (29) ਵਾਸੀ ਪਿੰਡ ਮੁੱਲਾ ਬਹਿਰਾਮ, ਅੰਮ੍ਰਿਤਸਰ ਵਜੋਂ ਹੋਈ ਹੈ। ਦੱਸਣਯੋਗ ਹੈ ਕਿ ਇਹ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਉਨ੍ਹਾਂ ਖਿਲਾਫ਼ ਕਤਲ, ਅਸਲਾ ਐਕਟ ਅਤੇ ਐਨਡੀਪੀਐਸ ਐਕਟ ਨਾਲ ਸਬੰਧਤ ਮਾਮਲੇ ਦਰਜ ਹਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਪਾਕਿਸਤਾਨ ਅਧਾਰਤ ਹੈਂਡਲਰ ਜੋ ਉਨ੍ਹਾਂ ਨਾਲ ਵਟਸਐਪ ਰਾਹੀਂ ਗੱਲਬਾਤ ਕਰਦਾ ਸੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਲਈ ਪਿਕਅੱਪ ਪੁਆਇੰਟ ਅਤੇ ਡਿਲੀਵਰੀ ਰੂਟ ਨਿਰਧਾਰਤ ਕਰਦਾ ਸੀ, ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ।
ਇਹ ਵੀ ਪੜ੍ਹੋ: Exam Cheating: ਬਲੂਟੁੱਥ ਦੀ ਵਰਤੋਂ ਕਰਕੇ ਸਰਕਾਰੀ ਨੌਕਰੀ ਦੀ ਪ੍ਰੀਖਿਆ ਦੇ ਰਿਹਾ ਨੌਜਵਾਨ ਫੜਿਆ
ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖੁਫੀਆ ਜਾਣਕਾਰੀ ’ਤੇ ਕਾਰਵਾਈ ਕਰਦਿਆਂ, ਪੁਲਿਸ ਟੀਮ ਨੇ ਛਾਉਣੀ ਖੇਤਰ ਵਿੱਚ ਨਾਕਾਬੰਦੀ ਦੌਰਾਨ ਸ਼ੱਕੀ ਬਲਵਿੰਦਰ ਸਿੰਘ ਨੂੰ ਰੋਕਿਆ ਅਤੇ ਉਸਦੇ ਕਬਜ਼ੇ ਵਿੱਚੋਂ ਪੰਜ ਗੈਰ-ਕਾਨੂੰਨੀ ਪਿਸਤੌਲ ਬਰਾਮਦ ਕੀਤੇ। ਬਲਵਿੰਦਰ ਦੇ ਖੁਲਾਸੇ ਦੇ ਆਧਾਰ ’ਤੇ, ਪੁਲਿਸ ਨੇ ਛਾਪਾ ਮਾਰ ਕੇ ਉਸਦੇ ਸਾਥੀ ਜੁਗਰਾਜ ਸਿੰਘ ਉਰਫ਼ ਜੱਗਾ ਨੂੰ ਦੋ .30 ਬੋਰ ਦੇ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ। Illegal Arms Trafficking














