Ludhiana News: (ਜਸਵੀਰ ਸਿੰਘ ਗਹਿਲ) ਲੁਧਿਆਣਾ। ਪੰਜਾਬ ਅਤੇ ਚੰਡੀਗੜ੍ਹ ਕਾਲਜ ਅਧਿਆਪਕ ਯੂਨੀਅਨ (ਪੀਸੀਸੀਟੀਯੂ) ਨਾਲ ਸਬੰਧਿਤ ਜ਼ਿਲ੍ਹੇ ਭਰ ਦੇ ਕਾਲਜਾਂ ਦੇ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਅਤੇ ਉੱਚ ਸਿੱਖਿਆ ਵਿਭਾਗ ਦੇ ਵਿਰੋਧ ਵਿੱਚ ਧਰਨਾ ਦੇ ਕੇ ਰੋਸ ਪ੍ਰਗਟਾਇਆ। ਅਧਿਆਪਕ ਆਗੂਆਂ ਚੇਤਾਵਨੀ ਦਿੱਤੀ ਕਿ ਸਰਕਾਰ ਅਤੇ ਨੌਕਰਸ਼ਾਹੀ ਦੁਆਰਾ ਉਨ੍ਹਾਂ ਦੀ ਅਣਦੇਖੀ ਜਾਰੀ ਰਹੀ ਤਾਂ ਉਹ ਵਿਰੋਧ ਪ੍ਰਦਰਸ਼ਨਾਂ ਨੂੰ ਵਧਾਉਣ ਲਈ ਮਜਬੂਰ ਹੋਣਗੇ।
ਵੱਖ- ਵੱਖ ਕਾਲਜਾਂ ਦੇ ਅਧਿਆਪਕਾਂ ਨੇ ਪੀਸੀਸੀਟੀਯੂ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਵਿਭਾਗ ਵਿਰੁੱਧ ਦਿੱਤਾ ਧਰਨਾ | Ludhiana News
ਪੀਸੀਸੀਟੀਯੂ ਦੇ ਕਾਰਜਕਾਰੀ ਮੈਂਬਰ ਡਾ. ਵਰੁਣ ਗੋਇਲ ਨੇ ਕਿਹਾ ਕਿ ਯੂਨੀਅਨ ਦੀ ਲੀਡਰਸ਼ਿਪ ਨੇ 2024 ਵਿੱਚ ਉੱਚ ਸਿੱਖਿਆ ਸਕੱਤਰ ਕੇ. ਕੇ. ਯਾਦਵ ਅਤੇ ਉੱਚ ਸਿੱਖਿਆ ਨਿਰਦੇਸ਼ਕ ਸੰਯਮ ਅਗਰਵਾਲ ਨਾਲ ਮੁਲਾਕਾਤ ਕਰਕੇ ਆਪਣੀਆਂ ਅਸਲ ਅਤੇ ਕਾਨੂੰਨੀ ਚਿੰਤਾਵਾਂ ਪ੍ਰਗਟ ਕੀਤੀਆਂ ਸਨ ਪਰ ਅੱਜ ਤੱਕ ਅਧਿਕਾਰੀਆਂ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਉੱਚ ਸਿੱਖਿਆ ਵਿਭਾਗ ਦੀ ਨੌਕਰਸ਼ਾਹੀ ਦੇ ਗੈਰ- ਜਵਾਬਦੇਹ ਰਵੱਈਏ ਨੇ ਪੰਜਾਬ ਦੀ ਸਮੁੱਚੀ ਉੱਚ ਸਿੱਖਿਆ ਦਾ ਦਿਵਾਲਾ ਕੱਢਿਆ ਰੱਖਿਆ ਹੈ। ਯੂਨੀਅਨ ਦੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਡਾ. ਸੁੰਦਰ ਸਿੰਘ ਨੇ ਕਿਹਾ ਕਿ ਸਰਕਾਰ ਤੇ ਵਿਭਾਗ ਉਨ੍ਹਾਂ ਨੂੰ ਲਗਾਤਾਰ ਅਣਗੌਲਿਆ ਕਰ ਰਹੇ ਹਨ। ਜਿਸ ਕਰਕੇ ਅਧਿਆਪਕਾਂ ’ਚ ਰੋਸ ਪਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: Republic Day Function: ਡੀਸੀ ਵੱਲੋਂ ਰਾਜ ਪੱਧਰੀ ਗਣਤੰਤਰ ਦਿਵਸ ਸਮਾਗਮ ਲਈ ਫੁੱਲ ਡਰੈੱਸ ਰਿਹਰਸਲ ਦਾ ਨਿਰੀਖਣ
ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ਵਿੱਚ ਇੱਕ ਕਾਲਜ ਅਧਿਆਪਕਾਂ ਦੇ ਤਨਖਾਹ ਸਕੇਲਾਂ ਨੂੰ ਸੋਧੇ ਹੋਏ 7ਵੇਂ ਤਨਖਾਹ ਸਕੇਲਾਂ ਦੇ ਤਹਿਤ ਨਿਰਧਾਰਿਤ ਕਰਨਾ ਹੈ, ਉੱਚ ਸਿੱਖਿਆ ਵਿਭਾਗ ਵਿੱਚ ਫਾਈਲਾਂ ਇੱਕ ਸਾਲ ਤੋਂ ਵੱਧ ਸਮੇਂ ਤੋਂ ਲਟਕ ਰਹੀਆਂ ਹਨ ਅਤੇ ਇਹ ਹੈਰਾਨ ਕਰਨ ਵਾਲੀ ਗੱਲ ਹੈ ਕਿ ਵਿਭਾਗ ਨੇ ਉਨ੍ਹਾਂ ਨੂੰ ਕਲੀਅਰ ਕਰਨ ਵਿੱਚ ਇੱਕ ਸਾਲ ਤੋਂ ਵੱਧ ਸਮਾਂ ਲਿਆ ਹੈ। ਬਹੁਤ ਸਾਰੇ ਅਧਿਆਪਕਾਂ ਨੇ ਫਾਈਲ ਕਲੀਅਰਿੰਗ ਪ੍ਰਕਿਰਿਆ ਵਿੱਚ ਭ੍ਰਿਸ਼ਟਾਚਾਰ ਬਾਰੇ ਵੀ ਚਿੰਤਾਵਾਂ ਜ਼ਾਹਰ ਕੀਤੀਆਂ ਹਨ ਪਰ ਅਧਿਕਾਰੀਆਂ ਨੇ ਇਨ੍ਹਾਂ ਦੋਸ਼ਾਂ ਦਾ ਹੱਲ ਨਹੀਂ ਕੀਤਾ ਹੈ। ਯੂਨੀਅਨ ਦੇ ਆਗੂਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਸਰਕਾਰ ਅਤੇ ਨੌਕਰਸ਼ਾਹੀ ਵੱਲੋਂ ਅਣਦੇਖਾ ਕੀਤਾ ਜਾਂਦਾ ਜਾਰੀ ਰਿਹਾ, ਤਾਂ ਉਹ ਆਉਣ ਵਾਲੇ ਦਿਨਾਂ ਵਿੱਚ ਆਪਣੇ ਵਿਰੋਧ ਪ੍ਰਦਰਸ਼ਨਾਂ ਨੂੰ ਵਧਾਉਣ ਲਈ ਮਜ਼ਬੂਰ ਹੋਣਗੇ।