ਬੇਰੁਜਗਾਰ ਸਾਂਝਾ ਮੋਰਚਾ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ

ਸਾਲ ਦੇ ਆਖ਼ਰੀ ਦਿਨ ਵੀ ਰੁਜ਼ਗਾਰ ਪ੍ਰਾਪਤੀ ਲਈ ਡਟੇ ਰਹੇ ਬੇਰੁਜ਼ਗਾਰ ਨੌਜਵਾਨ

ਸੰਗਰੂਰ, (ਗੁਰਪ੍ਰੀਤ ਸਿੰਘ) ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ, ਆਲ ਪੰਜਾਬ 873 ਡੀਪੀਈ ਅਧਿਆਪਕ ਯੂਨੀਅਨ, 646 ਪੀਟੀਆਈ ਅਧਿਆਪਕ ਯੂਨੀਅਨ ਪੰਜਾਬ , ਬੇਰੁਜ਼ਗਾਰ ਆਰਟ ਐਂਡ ਕਰਾਫਟ ਯੂਨੀਅਨ ਪੰਜਾਬ ਅਤੇ ਬੇਰੁਜਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਪੰਜਾਬ ਵੱਲੋਂ ਗਠਿਤ ਬੇਰੁਜ਼ਗਾਰ ਸਾਂਝੇ ਮੋਰਚੇ ਵੱਲੋਂ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ ਕੀਤਾ ਗਿਆ ਅਤੇ ਕੋਠੀ ਅੱਗੇ ਪੱਕਾ ਮੋਰਚਾ ਸ਼ੁਰੂ ਕੀਤਾ ਗਿਆ। ਬੇਰੁਜਗਾਰ ਨੌਜਵਾਨਾਂ ਨੇ ਸ਼ਾਂਤੀਪੂਰਵਕ ਸਿੱਖਿਆ ਮੰਤਰੀ ਦੇ ਘਰ ਅੱਗੇ ਪੰਜਾਬ ਸਰਕਾਰ ਖਿਲਾਫ ਜ਼ਬਰਦਸਤ ਨਾਅਰੇਬਾਜ਼ੀ ਕੀਤੀ।

ਬੇਰੁਜਗਾਰ ਸਾਂਝਾ ਮੋਰਚਾ ’ਚ ਸ਼ਾਮਲ 873 ਡੀ.ਪੀ.ਈ. ਦੇ ਸੂਬਾ ਪ੍ਰਧਾਨ ਜਗਸੀਰ ਸਿੰਘ ਨੇ ਕਿਹਾ ਕਿ ਬੇਰੁਜ਼ਗਾਰ ਡੀ.ਪੀ.ਈ. ਅਧਿਆਪਕਾਂ ਦੀਆਂ 873 ਅਸਾਮੀਆਂ ’ਚ 1000 ਪੋਸਟਾਂ ਦਾ ਵਾਧਾ ਕੀਤਾ ਜਾਵੇ ਬੇਰੁਜ਼ਗਾਰ ਬੀਐੱਡ ਟੈੱਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮਾਸਟਰ ਕੇਡਰ ਦਾ ਪੰਜਾਬੀ (62), ਹਿੰਦੀ (52) ਅਤੇ ਅੰਗਰੇਜੀ ਦਾ ਪੇਪਰ ਪਿਛਲੇ ਦਿਨ ਲੈ ਚੁੱਕੀ ਹੈ।

ਮਾਸਟਰ ਕਾਡਰ ਦੀਆਂ ਕੁੱਲ ਅਸਾਮੀਆਂ ਤਹਿਤ ਸਮਾਜਿਕ ਸਿੱਖਿਆ ਦੀਆਂ 54, ਪੰਜਾਬੀ ਦੀਆਂ 62 ਅਤੇ ਹਿੰਦੀ ਦੀਆਂ ਮਹਿਜ਼ 52 ਅਸਾਮੀਆਂ ਹੀ ਕੱਢੀਆਂ ਗਈਆਂ ਹਨ, ਜਦੋਂਕਿ ਇਹਨਾਂ ਵਿਸ਼ਿਆਂ ਦੇ ਕਰੀਬ 30-35 ਹਜ਼ਾਰ ਉਮੀਦਵਾਰ ਟੈੱਟ ਪਾਸ ਹਨ। ਇਹਨਾਂ ਵਿਸ਼ਿਆਂ ਦੀਆਂ ਅਸਾਮੀਆ ’ਚ ਵਾਧਾ ਕਰਨ, ਰਹਿੰਦੇ ਵਿਸ਼ਿਆਂ ਦੀਆਂ ਅਸਾਮੀਆਂ ਦਾ

ਇਸ਼ਤਿਹਾਰ ਜਾਰੀ ਕਰਨ ਅਤੇ ਉਮਰ-ਹੱਦ 37 ਤੋਂ 42 ਸਾਲ ਕਰਨ ਦੀ ਪੰਜਾਬ ਸਰਕਾਰ ਤੋਂ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨਵੀਆਂ ਅਸਾਮੀਆਂ ’ਚ ਸਿੱਖਿਆ -ਪ੍ਰੋਵਾਈਡਰਾਂ ਨੂੰ ਟੈੱਟ , ਉਮਰ ਦੀ ਛੋਟ ਅਤੇ 10 ਨੰਬਰਾਂ ਦਾ ਤਜਰਬਾ – ਅੰਕ ਦੇ ਕੇ ਪਾੜੋ ਅਤੇ ਰਾਜ ਕਰੋ ਵਾਲੀ ਨੀਤੀ ’ਤੇ ਚੱਲ ਰਹੀ ਹੈ । ਬੇਰੁਜਗਾਰ ਅਧਿਆਪਕਾਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਸਿੱਖਿਆ ਪ੍ਰੋਵਾਈਡਰਾਂ ਨੂੰ ਬਿਨਾਂ ਸ਼ਰਤ ਰੈਗੂਲਰ ਕਰੇ ਅਤੇ ਨਵੀਆਂ ਅਸਾਮੀਆਂ ’ਚ ਸਿੱਖਿਆ ਪ੍ਰੋਵਾਈਡਰਾਂ ਨੂੰ ਵਿਸ਼ੇਸ਼ ਛੋਟ ਦੇ ਕੇ ਉੱਚ-ਯੋਗਤਾਵਾਂ ਵਾਲੇ ਉਮੀਦਵਾਰਾਂ ਨੂੰ ਅੱਖੋਂ-ਪਰੋਖੇ ਨਾ ਕਰੇ।

ਬੇਰੁਜ਼ਗਾਰ ਪੀ.ਟੀ.ਈ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਕਿ੍ਰਸ਼ਨ ਨਾਭਾ ਨੇ ਕਿਹਾ ਕਿ ਪੀ.ਟੀ.ਆਈ. (646) ਅਧਿਆਪਕਾਂ ਲਈ ਨੋਟੀਫਿਕੇਸ਼ਨ ਅਨੁਸਾਰ ਨਿਰੋਲ ਮੇੈਰਿਟ ਦੇ ਅਧਾਰ ’ਤੇ ਭਰਤੀ ਕੀਤਾ ਜਾਵੇ। ਬੇਰੁਜ਼ਗਾਰ ਆਰਟ ਐਂਡ ਕਰਾਫਟ ਯੂਨੀਅਨ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਝੁਨੀਰ ਨੇ ਕਿਹਾ ਕਿ ਉਮਰ ਹੱਦ ਵਿੱਚ ਛੋਟ ਦੇ ਕੇ 5000 ਆਰਟ ਐਂਡ ਕਰਾਫਟ ਦੇ ਅਧਿਆਪਕਾਂ ਦੀ ਭਰਤੀ ਕੀਤੀ ਜਾਵੇ ਅਤੇ ਆਰਟ ਐਂਡ ਕਰਾਫਟ ਵਿਸ਼ੇ ਨੂੰ ਜਰੂਰੀ ਵਿਸ਼ੇ ਵਜੋਂ ਮਾਨਤਾ ਦਿੱਤੀ ਜਾਵੇ।

ਬੇਰੁਜਗਾਰ ਮਲਟੀਪਰਪਜ ਹੈਲਥ ਵਰਕਰ ਯੂਨੀਅਨ ਦੇ ਸੂਬਾਈ ਆਗੂ ਸੁਖਦੇਵ ਜਲਾਲਾਬਾਦ ਨੇ ਕਿਹਾ ਕਿ ਮਲਟੀਪਰਪਜ ਹੈਲਥ ਵਰਕਰਾਂ ਦੀ ਚੱਲ ਰਹੀ ਭਰਤੀ ਪ੍ਰਕਿਰਿਆ ਨੂੰ ਪੂਰਾ ਕੀਤਾ ਜਾਵੇ ਅਤੇ ਖਾਲੀ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕੀਤਾ ਜਾਵੇ। ਬੇਰੁਜ਼ਗਾਰ ਸਾਂਝਾ ਮੋਰਚਾ ਦੇ ਸੁੂਬਾਈ ਆਗੂ ਸੁਖਵਿੰਦਰ ਸਿੰਘ ਢਿੱਲਵਾਂ, ਜਗਸੀਰ ਸਿੰਘ ਘੁਮਨ, ਕਿ੍ਰਸਨ ਸਿੰਘ ਨਾਭਾ, ਹਰਜਿੰਦਰ ਸਿੰਘ ਝੁਨੀਰ ਅਤੇ ਸੁਖਦੇਵ ਸਿੰਘ ਜਲਾਲਾਬਾਦ ਨੇ ਚੱਲ ਰਹੇ ਕਿਸਾਨੀ ਸੰਘਰਸ਼ ਦੀ ਹਮਾਇਤ ਕੀਤੀ ਅਤੇ ਰੁਜਗਾਰ ਲਈ ਚੱਲ ਰਹੇ ਸੰਘਰਸ ਨੂੰ ਹੋਰ ਤੇਜ਼ ਕਰਨ ਦੀ ਚਿਤਾਵਨੀ ਦਿੱਤੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.