ਕੇਂਦਰੀ ਰੱਖਿਆ ਮੰਤਰੀ Rajnath Singh ਜਲਾਲਾਬਾਦ ਪਹੁੰਚੇ
- ਕਾਂਗਰਸ ਤੇ ਕੇਜਰੀਵਾਲ ’ਤੇ ਕੀਤੇ ਸ਼ਬਦੀ ਹਮਲੇ
(ਰਜਨੀਸ਼ ਰਵੀ) ਜਲਾਲਾਬਾਦ। ਭਾਜਪਾ ਦੇ ਸੀਨੀਅਰ ਨੇਤਾ ਅਤੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ (Rajnath Singh) ਮੰਗਲਵਾਰ ਨੂੰ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਦੇ ਹੱਕ ’ਚ ਪ੍ਰਚਾਰ ਲਈ ਜਲਾਲਾਬਾਦ ਪਹੁੰਚੇ ਜਿੱਥੇ ਉਹਨਾਂ ਭਾਜਪਾ ਵੱਲੋਂ ਕਰਵਾਈ ਚੋਣ ਰੈਲੀ ਨੂੰ ਸੰਬੋਧਨ ਕੀਤਾ। ਜਲਾਲਾਬਾਦ ਦੀ ਅਨਾਜ ਮੰਡੀ ’ਚ ਹੋਈ ਚੋਣ ਰੈਲੀ ਲਈ ਅਨਾਜ ਮੰਡੀ ਵਿਖੇ ਸਪੈਸ਼ਲ ਹੈਲੀਪੈਡ ਤਿਆਰ ਕੀਤਾ ਗਿਆ ਸੀ ਜਿੱਥੇ ਹੈਲੀਕਾਪਟਰ ਰਾਹੀਂ ਕੇਂਦਰੀ ਮੰਤਰੀ ਪੁੱਜੇ ।
ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਾਂਗਰਸ ਅਤੇ ਆਮ ਆਦਮੀ ਪਾਰਟੀ ’ਤੇ ਨਿਸ਼ਾਨਾ ਸਾਧਿਆ। ਰੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ, ਵੀਰਾਂ, ਸ਼ਹੀਦਾਂ ਅਤੇ ਕਿਸਾਨਾਂ ਦੀ ਧਰਤੀ ਹੈ। ਉਨ੍ਹਾਂ ਭਾਜਪਾ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਬਣਾਉਣ ਦੇ ਨਾਲ-ਨਾਲ ਭਾਜਪਾ ਸਰਕਾਰ ਨੇ ਐੱਫਸੀਆਰਏ ਵਿੱਚ ਸੋਧ ਕਰਕੇ ਦੁਨੀਆਂ ਭਰ ਦੇ ਸ਼ਰਧਾਲੂਆਂ ਲਈ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਯੋਗਦਾਨ ਪਾਉਣਾ ਆਸਾਨ ਕਰ ਦਿੱਤਾ ਹੈ। ਇਸ ਤੋਂ ਇਲਾਵਾ ਚਾਰ ਸਾਹਿਬਜ਼ਾਦਿਆਂ ਦੀ ਯਾਦ ਵਿੱਚ 26 ਦਸੰਬਰ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣ ਦਾ ਵੀ ਫੈਸਲਾ ਕੀਤਾ ਗਿਆ। Rajnath Singh
ਇਹ ਵੀ ਪੜ੍ਹੋ: ਰਬੜ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਕਈ ਕਰਮਚਾਰੀ ਝੁਲਸੇ, ਕਈ ਫਾਇਰ ਬ੍ਰਿਗੇਡ ਮੌਕੇ ‘ਤੇ ਪਹੁੰਚੀ
ਉਨ੍ਹਾਂ ਆਮ ਆਦਮੀ ਪਾਰਟੀ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਸ਼ਰਾਬ ਘੁਟਾਲੇ ਦੇ ਮਾਮਲੇ ’ਚ ਜੇਲ੍ਹ ’ਚ ਹਨ ਉਨ੍ਹਾਂ ਕਿਹਾ ਕਿ ਜੇਕਰ ਕਿਸੇ ਆਗੂ ’ਤੇ ਕੋਈ ਗੰਭੀਰ ਦੋਸ਼ ਲੱਗੇ ਤਾਂ ਉਸ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ ਪਰ ਦਿੱਲੀ ਦੇ ਮੁੱਖ ਮੰਤਰੀ ਜੇਲ੍ਹ ਜਾਣ ਦੇ ਬਾਵਜੂਦ ਮੁੱਖ ਮੰਤਰੀ ਦੇ ਅਹੁਦੇ ’ਤੇ ਕਾਬਜ਼ ਹਨ।
ਰਾਜਨਾਥ ਸਿੰਘ ਨੇ ਇਹ ਵੀ ਕਿਹਾ ਕਿ ਦਿੱਲੀ ’ਚ ਅੰਦੋਲਨ ਦੌਰਾਨ ਕੇਜਰੀਵਾਲ ਨੇ ਆਪਣੇ ਗੁਰੂ ਅੰਨਾ ਹਜ਼ਾਰੇ ਨੂੰ ਕਿਹਾ ਸੀ ਕਿ ਉਹ ਕੋਈ ਸਿਆਸੀ ਪਾਰਟੀ ਨਹੀਂ ਬਣਾਉਣਗੇ ਪਰ ਕੇਜਰੀਵਾਲ ਨੇ ਆਮ ਆਦਮੀ ਪਾਰਟੀ ਦੇ ਨਾਂਅ ’ਤੇ ਸਿਆਸੀ ਪਾਰਟੀ ਬਣਾਈ। ਕੇਜਰੀਵਾਲ ਨੇ ਮੁੱਖ ਮੰਤਰੀ ਬਣਨ ਤੋਂ ਬਾਅਦ ਸਰਕਾਰੀ ਬੰਗਲੇ ’ਚ ਨਾ ਰਹਿਣ ਦੀ ਗੱਲ ਵੀ ਕੀਤੀ ਸੀ ਪਰ ਅਜਿਹਾ ਕੁਝ ਨਹੀਂ ਹੋਇਆ। ਉਹਨਾਂ ਪੰਜਾਬ ਵਿੱਚ ਕਾਨੂੰਨ ਵਿਵਸਥਾ ਲਈ ਪੰਜਾਬ ਸਰਕਾਰ ’ਤੇ ਵੀ ਸਵਾਲ ਖੜ੍ਹੇ ਕੀਤੇ।
ਬੇਰੁਜ਼ਗਾਰੀ ਖਤਮ ਕਰਨ ਲਈ ਇੱਕ ਵੱਡੀ ਇੰਡਸਟਰੀ ਸਥਾਪਿਤ ਕਰਨ ਦੀ ਕੀਤੀ ਮੰਗੀ
ਇਸ ਮੌਕੇ ਲੋਕ ਸਭਾ ਹਲਕਾ ਫਿਰੋਜ਼ਪੁਰ ਤੇ ਭਾਜਪਾ ਦੇ ਉਮੀਦਵਾਰ ਰਾਣਾ ਸੋਢੀ ਨੇ ਸੰਬੋਧਨ ਕਰਦਿਆਂ ਕਿਹਾ ਕਿ 1971 ਤੋਂ ਪਹਿਲਾਂ ਹੁਸੈਨੀ ਵਾਲਾ ਬਾਰਡਰ ਚਲਦਾ ਸੀ, ਨੂੰ ਦੁਬਾਰਾ ਚਾਲੂ ਕੀਤਾ ਜਾਵੇ ਉਸਦੇ ਨਾਲ ਹਲਕੇ ਵਿੱਚ ਬੇਰੁਜ਼ਗਾਰੀ ਖਤਮ ਕਰਨ ਲਈ ਇੱਕ ਵੱਡੀ ਇੰਡਸਟਰੀ ਸਥਾਪਿਤ ਕਰਨ ਦੀ ਵੀ ਮੰਗ ਕੀਤੀ। ਉਹਨਾਂ ਕਿਹਾ ਕਿ ਫੌਜ ਨਾਲ ਸੰਬੰਧਿਤ ਜਾਂ ਖੇਤੀਬਾੜੀ ਨਾਲ ਸਬੰਧਿਤ ਵੱਡਾ ਉਦਯੋਗ ਸਥਾਪਿਤ ਕੀਤਾ ਜਾਵੇ ਤਾਂ ਜੋ ਹਲਕੇ ਦੇ 15 ਤੋਂ 20 ਹਜਾਰ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮਿਲ ਸਕੇ। ਇਸ ਮੌਕੇ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਵੀ ਸੰਬੋਧਨ ਕੀਤਾ ਅਤੇ ਭਾਜਪਾ ਦੇ ਹੱਕ ਦੀ ਵੋਟ ਪਾਉਂਦੀਆਂ ਅਪੀਲ ਕੀਤੀ ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ, ਅਬੋਹਰ ਤੋਂ ਵਿਧਾਇਕ ਸੰਦੀਪ ਜਾਖੜ ਆਦਿ ਨੇ ਵੀ ਸੰਬੋਧਨ ਕੀਤਾ।
ਦੂਜੇ ਪਾਸੇ ਕਿਸਾਨ ਜਥੇਬੰਦੀਆਂ ਆਪਣਾ ਵਿਰੋਧ ਦਰਜ ਕਰਾਉਣ ਲਈ ਸਰਗਰਮ ਸਨ ਪਰ ਪੁਲਿਸ ਤੇ ਸੁਰੱਖਿਆ ਦੇ ਸਖ਼ਤ ਇੰਤਜਾਮ ਹੋਣ ਕਾਰਨ ਉਹਨਾਂ ਨੂੰ ਰੈਲੀ ਦੇ ਨੇੜੇ ਨਹੀਂ ਆਉਣ ਦਿੱਤਾ ਗਿਆ। ਇਸ ਦੇ ਬਾਵਜੂਦ ਕਿਸਾਨ ਜਥੇਬੰਦੀਆਂ ਵੱਲੋਂ ਅਨਾਜ ਮੰਡੀ ਦੇ ਬਾਹਰ ਸੋਨੀਆ ਪੈਟਰੋਲ ਪੰਪ ਦੇ ਸਾਹਮਣੇ ਧਰਨਾ ਦੇ ਕੇ ਭਾਜਪਾ ਖਿਲਾਫ ਆਪਣਾ ਰੋਸ ਪ੍ਰਗਟਾਇਆ।