ਕਿਹਾ ਕੋਰਟ ਕੰਪਲੈਕਸ ਧਮਾਕੇ ਦੀ ਹੋਵੇਗੀ ਸਾਂਝੀ ਜਾਂਚ
(ਸੱਚ ਕਹੂੰ ਨਿਊਜ਼) ਲੁਧਿਆਣਾ। ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਅੱਜ ਲੁਧਿਆਣਾ ਵਿਖੇ ਜਖਮੀਆਂ ਨੂੰ ਮਿਲਣ ਪਹੁੰਚੇ। ਉਨਾਂ ਕਿਹਾ ਕਿ ਉਹ ਜਖਮੀਆਂ ਨੂੰ ਮਿਲਣ ਲਈ ਲੁਧਿਆਣਾ ਹਸਪਤਾਲ ਆਏ ਹਨ ਤੇ ਪੀੜਤਾਂ ਦੇ ਨਾਲ ਖੜੇ ਹਨ ਤੇ ਉਨਾਂ ਜਖਮੀਆਂ ਨੂੰ ਹਰ ਸੰਭਵ ਮੱਦਦ ਦਾ ਭਰੋਸਾ ਦਿੱਤਾ। ਇਸ ਤੋਂ ਪਹਿਲਾਂ ਉਨ੍ਹਾਂ ਲੁਧਿਆਣਾ ਵਿੱਚ ਹੋਏ ਧਮਾਕੇ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਤੋਂ ਰਿਪੋਰਟ ਵੀ ਲਈ। ਕੇਂਦਰੀ ਕਿਰਨ ਰਿਜਿਜੂ ਨੇ ਕਿਹਾ ਕਿ ਉਹ ਭਰੋਸਾ ਦਿੰਦੇ ਹਨ ਕਿ ਲੁਧਿਆਣਾ ਬੰਬ ਧਮਾਕਾ ਕਾਂਡ ਅਤੇ ਅਜਿਹੀਆਂ ਹੋਰ ਘਟਨਾਵਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਸੂਬਾ ਤੇ ਕੇਂਦਰ ਸਰਕਾਰ ਇਨਾਂ ਮਾਮਲਿਆਂ ’ਤੇ ਵੱਖ-ਵੱਖ ਦਿਸ਼ਾਵਾਂ ਵਿੱਚ ਕੰਮ ਨਹੀਂ ਕਰੇਗੀ ਸਗੋਂ ਮਿਲ ਕੇ ਕੰਮ ਕਰੇਗੀ। ਕੇਂਦਰ ਸਰਕਾਰ ਪੰਜਾਬ ਦੀ ਖੁਸ਼ਹਾਲੀ ਤੇ ਸ਼ਾਂਤੀ ਲਈ ਇਕਜੁੱਟ ਹੋ ਕੇ ਕੰਮ ਕਰਨਗੀਆਂ।
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਇਸ ਨੂੰ ਡਰੱਗ ਮਾਫੀਆ ਨਾਲ ਜੋੜਨ ਦੇ ਬਿਆਨ, ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਦੇ ਬਾਹਰੀ ਤਾਕਤਾਂ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਇਸ ਨੂੰ ਧਰਮ ਨਾਲ ਜੋੜਨ ਵਾਲੇ ਬਿਆਨ ‘ਤੇ ਉਨ੍ਹਾਂ ਕਿਹਾ ਕਿ ਇਹ ਸਿਆਸਤ ਕਰਨ ਦਾ ਸਮਾਂ ਨਹੀਂ ਹੈ। ਜਦੋਂ ਅਜਿਹੀ ਘਟਨਾ ਵਾਪਰੀ ਹੈ ਤਾਂ ਸਾਨੂੰ ਕੋਈ ਹੋਰ ਮੁੱਦਾ ਨਹੀਂ ਉਠਾਉਣਾ ਚਾਹੀਦਾ।
ਕੇਂਦਰੀ ਮੰਤਰੀ ਰਿਜਿਜੂ ਨੇ ਕਿਹਾ ਕਿ ਦੇਸ਼ ਭਰ ਦੀਆਂ ਅਦਾਲਤਾਂ ਦੀ ਸੁਰੱਖਿਆ ਦੀ ਸਮੀਖਿਆ ਕੀਤੀ ਜਾ ਰਹੀ ਹੈ। ਹਾਈ ਕੋਰਟ ਦੇ ਚੀਫ਼ ਜਸਟਿਸ ਦੀ ਪ੍ਰਧਾਨਗੀ ਹੇਠ ਇਸ ਮਾਮਲੇ ਵਿੱਚ ਪਹਿਲਾਂ ਹੀ ਇੱਕ ਕਮੇਟੀ ਬਣਾਈ ਜਾ ਚੁੱਕੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਕਮੇਟੀ ਦੀ ਮੀਟਿੰਗ ਹੋ ਰਹੀ ਹੈ। ਉਹ ਇਸ ਮੁੱਦੇ ਨੂੰ ਲੈ ਕੇ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਨੂੰ ਵੀ ਮਿਲਣਗੇ। ਉਨ੍ਹਾਂ ਦੇ ਨਾਲ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਅਤੇ ਰਾਸ਼ਟਰੀ ਅਨੁਸੂਚਿਤ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਵੀ ਮੌਜੂਦ ਸਨ।
ਕੇਂਦਰੀ ਗ੍ਰਹਿ ਮੰਤਰਾਲੇ ਦੀ ਨਜ਼ਰ ਪੰਜਾਬ ‘ਤੇ ਹੈ
ਪੰਜਾਬ ਵਿੱਚ ਕੁਝ ਮਹੀਨਿਆਂ ਬਾਅਦ ਚੋਣਾਂ ਹੋਣੀਆਂ ਹਨ। ਅਜਿਹੇ ‘ਚ ਦੇਸ਼ ਦਾ ਗ੍ਰਹਿ ਮੰਤਰਾਲਾ ਵੀ ਬੇਅਦਬੀ, ਲਿੰਚਿੰਗ ਅਤੇ ਹੁਣ ਬੰਬ ਧਮਾਕਿਆਂ ਤੋਂ ਚਿੰਤਤ ਹੈ। ਪੰਜਾਬ ਦੀ ਲਗਭਗ 600 ਕਿਲੋਮੀਟਰ ਸਰਹੱਦ ਪਾਕਿਸਤਾਨ ਨਾਲ ਲੱਗਦੀ ਹੈ। ਇਸ ਦੇ ਨਾਲ ਹੀ ਪੰਜਾਬ ਨੇ ਅੱਤਵਾਦ ਦਾ ਭਿਆਨਕ ਦੌਰ ਵੀ ਦੇਖਿਆ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇਹ ਯਕੀਨੀ ਬਣਾਉਣ ਲਈ ਨਜ਼ਰ ਰੱਖੀ ਹੋਈ ਹੈ ਕਿ ਇੱਥੇ ਸਥਿਤੀ ਵਿਗੜ ਨਾ ਜਾਵੇ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਇਸ ਬਾਰੇ ਪੰਜਾਬ ਦੇ ਮੁੱਖ ਮੰਤਰੀ ਚੰਨੀ ਨਾਲ ਗੱਲ ਕੀਤੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ