ਕਿਸਾਨ ਜਥੇਬੰਦੀਆਂ ਨੇ ਸੂਬੇ ਭਰ ’ਚ ਕੀਤੇ ਵਹੀਕਲ ਮਾਰਚ

Vehicle Marches by Farmers sachkahoon

ਵਿਧਾਇਕਾਂ ਨੂੰ ਦਿੱਤੇ ਮੰਗ-ਪੱਤਰ

  • ਮੰਗਾਂ ਨਾ ਮੰਨਣ ’ਤੇ ਤਿੱਖੇ ਸੰਘਰਸ਼ ਦੀ ਚਿਤਾਵਨੀ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸੰਯੁਕਤ ਕਿਸਾਨ ਮੋਰਚਾ (Vehicle Marches by Farmers) ’ਚ ਸ਼ਾਮਿਲ ਪੰਜਾਬ ਦੀਆਂ 16 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵੱਲੋਂ ਸੂਬੇ ਭਰ ’ਚ ਟਰੈਕਟਰਾਂ, ਮੋਟਰਸਾਈਕਲਾਂ ਸਮੇਤ ਵਿਧਾਇਕਾਂ ਦੇ ਦਫ਼ਤਰਾਂ ਅਤੇ ਘਰਾਂ ਵੱਲ ਵਹੀਕਲ-ਮਾਰਚ ਕਰਦਿਆਂ 92 ਵਿਧਾਇਕਾਂ ਨੂੰ ਮੰਗ-ਪੱਤਰ ਦਿੱਤੇ ਗਏ। ਵੱਖ-ਵੱਖ ਥਾਵਾਂ ’ਤੇ ਸੰਬੋਧਨ ਕਰਨ ਵਾਲੇ ਆਗੂਆਂ ’ਚ ਭਾਰਤੀ ਯੂਨੀਅਨ-ਏਕਤਾ(ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ, ਬੀਕੇਯੂ-ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ, ਜਮਹੂਰੀ ਕਿਸਾਨ ਸਭਾ ਦੇ ਪ੍ਰਧਾਨ ਸਤਨਾਮ ਸਿੰਘ ਅਜਨਾਲਾ, ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਕੁੱਲ ਹਿੰਦ ਕਿਸਾਨ ਸਭਾ ਦੇ ਜਨਰਲ ਸਕੱਤਰ ਬਲਦੇਵ ਸਿੰਘ ਨਿਹਾਲਗੜ੍ਹ, ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ, ਬੀਕੇਯੂ-ਦੋਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ, ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਬਲਵਿੰਦਰ ਸਿੰਘ ਔਲਖ਼, ਆਲ ਇੰਡੀਆ ਕਿਸਾਨ ਸੰਘਰਸ਼ ਕਮੇਟੀ ਦੇ ਸਤਨਾਮ ਸਿੰਘ ਬਹਿਰੂ, ਭਾਰਤੀ ਕਿਸਾਨ ਮੰਚ ਦੇ ਬੂਟਾ ਸਿੰਘ ਸ਼ਾਦੀਪੁਰ, ਦੋਆਬਾ ਕਿਸਾਨ ਕਮੇਟੀ ਦੇ ਜੰਗਬੀਰ ਚੌਹਾਨ, ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਮੁਕੇਸ਼ ਚੰਦਰ, ਕਿਸਾਨ ਬਚਾਓ ਮੋਰਚਾ ਦੇ ਕਿਰਪਾ ਸਿੰਘ, ਕੁੱਲ ਹਿੰਦ ਕਿਸਾਨ ਫੈਡਰੇਸ਼ਨ ਦੇ ਕਿਰਨਜੀਤ ਸਿੰਘ ਸੇਖ਼ੋਂ, ਦੋਆਬਾ ਕਿਸਾਨ ਯੂਨੀਅਨ ਦੇ ਕੁਲਦੀਪ ਸਿੰਘ ਵਜ਼ੀਦਪੁਰ ਅਤੇ ਬੀਕੇਯੂ-ਪੰਜਾਬ ਦੇ ਫੁਰਮਾਨ ਸਿੰਘ ਸੰਧੂ ਸ਼ਾਮਿਲ ਸਨ।

ਕਿਸਾਨ ਆਗੂ ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ ਮੰਗ-ਪੱਤਰਾਂ ਰਾਹੀਂ ਮੁੱਖ ਮੰਤਰੀ ਪੰਜਾਬ ਸਰਕਾਰ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਕਿ ਫਸਲਾਂ ਦੇ ਅੱਗ ਲੱਗਣ, ਮੌਸਮ ਦੀ ਮਾਰ ਅਤੇ ਕਣਕ ਦਾ ਝਾੜ ਘਟਣ ਕਾਰਨ ਹੋਏ ਨੁਕਸਾਨ ਦਾ ਮੁਆਵਜਾ ਪਹਿਲ ਦੇ ਆਧਾਰ ’ਤੇ ਮੁਆਵਜਾ ਦਿੱਤਾ ਜਾਵੇ। ਗੰਨੇ ਦਾ ਬਣਦਾ 900 ਕਰੋੜ ਰੁਪਏ ਜਾਰੀ ਕੀਤਾ ਜਾਵੇ। ਫਸਲੀ ਵਿਭਿੰਨਤਾ ਦੇ ਮੱਦੇਨਜਰ ਮੱਕੀ, ਮੂੰਗੀ, ਸੂਰਜਮੁਖੀ ਸਮੇਤ ਸਬਜੀਆਂ ਦੀ ਕਾਸਤ ਦੇ ਨਾਲ ਐਮਐਸਪੀ ’ਤੇ ਸਰਕਾਰੀ ਖਰੀਦ ਦੀ ਗਰੰਟੀ ਕੀਤੀ ਜਾਵੇ।

ਬਿਜਲੀ ਸਪਲਾਈ ਝੋਨਾ ਲਾਉਣ ਲਈ ਇੱਕ ਜੂਨ ਤੋਂ ਅੱਠ ਘੰਟੇ ਨਿਰਵਿਘਨ ਦਿਤੀ ਜਾਵੇ। ਜਮੀਨ ਹੇਠਲੇ ਪਾਣੀ ਦੇ ਪ੍ਰਬੰਧ, ਨਹਿਰੀ ਪਾਣੀ ਦੀ ਵਿਵਸਥਾ ਸਬੰਧੀ ਢੁੱਕਵੀਂ ਨੀਤੀ ਬਣਾਈ ਜਾਵੇ। ਦਰਿਆਵਾਂ ’ਚ ਡਿੱਗਦੇ ਪਰਦੂਸ਼ਿਤ ਅਤੇ ਜਹਿਰੀਲੇ ਪਾਣੀ ਦੀ ਰੋਕਥਾਮ ਲਈ ਕਦਮ ਚੁੱਕੇ ਜਾਣ। ਕਿਸਾਨ ਅੰਦੋਲਨ ਦੇ ਸ਼ਹੀਦਾਂ ਨੂੰ ਮੁਆਵਜਾ ਅਤੇ ਸਰਕਾਰੀ ਨੌਕਰੀ ਦੇ ਰਹਿੰਦੇ ਕੇਸਾਂ ਦਾ ਨਿਪਟਾਰਾ ਕੀਤਾ ਜਾਵੇ। ਹਰ ਤਰ੍ਹਾਂ ਦੇ ਕਿਸਾਨੀ ਕਰਜ਼ੇ ਰੱਦ ਕੀਤੇ ਜਾਣ। ਆਬਾਦ ਕਾਰ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਿਕਾਨਾ ਹੱਕ ਦਿੱਤੇ ਜਾਣ। ਹਾਈਵੇਅ ਲਈ ਜਮੀਨਾਂ ਐਕਵਾਇਰ ਕਰਨ ਦੇ ਵੱਖ-ਵੱਖ ਮਸਲਿਆਂਦਾ ਯੋਗ ਨਿਪਟਾਰਾ ਕੀਤਾ ਜਾਵੇ। ਮੰਗ ਪੱਤਰ ਰਾਹੀਂ 25 ਮਈ ਤਕ ਦਾ ਸਮਾਂ ਦਿੰਦੇ ਹੋਏ ਕਿਸਾਨੀ ਸੰਘਰਸ ਤਿੱਖਾ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ