ਮੋਹਾਲੀ (ਐੱਮ ਕੇ ਸ਼ਾਇਨਾ)। ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਸ਼ੁੱਕਰਵਾਰ ਨੂੰ ਬਲਬੀਰ ਕੁਮਾਰ ਬਿਰਦੀ, ਜੁਆਇੰਟ ਡਾਇਰੈਕਟਰ, ਜੀਐਸਟੀ, ਆਬਕਾਰੀ ਵਿਭਾਗ ਪੰਜਾਬ, ਵਾਸੀ ਲੰਮਾ ਪਿੰਡ, ਜਲੰਧਰ ਵੱਲੋਂ ਸਰਕਾਰੀ ਅਧਿਕਾਰੀ ਹੁੰਦਿਆਂ ਭ੍ਰਿਸ਼ਟਾਚਾਰ ਰਾਹੀਂ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਨੇ 01.04.2007 ਤੋਂ 11.09.2020 ਤੱਕ ਦੇ ਜਾਂਚ ਸਮੇਂ ਦੌਰਾਨ ਕੁੱਲ 5,12,51,688.37 ਰੁਪਏ ਖਰਚ ਕੀਤੇ ਜਦੋਂ ਕਿ ਸਾਰੇ ਸਰੋਤਾਂ ਤੋਂ ਉਸਦੀ ਅਸਲ ਆਮਦਨ 2,08,84,863.37 ਰੁਪਏ ਬਣਦੀ ਸੀ। ਜਾਂਚ ਦੌਰਾਨ ਪਾਇਆ ਗਿਆ ਕਿ ਉਕਤ ਅਧਿਕਾਰੀ ਨੇ ਇਸ ਸਮੇਂ ਦੌਰਾਨ ਆਪਣੀ ਅਸਲ ਆਮਦਨ ਤੋਂ 3,03,66,825 ਰੁਪਏ ਵੱਧ ਖਰਚ ਕੀਤੇ ਜੋ ਕਿ ਉਸਦੀ ਕੁੱਲ ਆਮਦਨ ਤੋਂ ਲਗਭਗ 145.40 ਫੀਸਦੀ ਵੱਧ ਹੈ।
ਗ੍ਰਿਫ਼ਤਾਰ ਕਰਨ ਲਈ ਵਿਜੀਲੈਂਸ ਬਿਊਰੋ ਵੱਲੋਂ ਛਾਪੇਮਾਰੀ (Punjab Vigilance Bureau)
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਕੀਤੀ ਜਾਂਚ ਦੌਰਾਨ ਇਹ ਸਾਹਮਣੇ ਆਇਆ ਕਿ ਪੰਜਾਬ ਆਬਕਾਰੀ ਵਿਭਾਗ ਦੇ ਉਕਤ ਅਧਿਕਾਰੀ ਨੇ ਆਪਣੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰਕੇ ਆਪਣੀ ਅਸਲ ਆਮਦਨ ਨਾਲੋਂ ਵੱਧ ਚੱਲ ਅਤੇ ਅਚੱਲ ਜਾਇਦਾਦ ਬਣਾਈ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 13(1) (ਬੀ) ਅਤੇ 13(2) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਵਿਜੀਲੈਂਸ ਬਿਊਰੋ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। (Punjab Vigilance Bureau)
ਇਹ ਵੀ ਪੜ੍ਹੋ : RBI : 2000 ਦੇ ਨੋਟ ਹੋਣਗੇ ਬੰਦ
ਵਧੇਰੇ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਉਕਤ ਬਲਬੀਰ ਕੁਮਾਰ ਬਿਰਦੀ ਅਤੇ ਆਬਕਾਰੀ ਵਿਭਾਗ ਦੇ ਹੋਰ ਅਧਿਕਾਰੀਆਂ/ਕਰਮਚਾਰੀਆਂ ਨੇ ਕੁਝ ਟਰਾਂਸਪੋਰਟਰਾਂ ਅਤੇ ਉਦਯੋਗਪਤੀਆਂ ਦੀ ਮਿਲੀਭੁਗਤ ਨਾਲ ਜੀ.ਐਸ.ਟੀ. ਉਗਰਾਹੀ ਵਿੱਚ ਘਪਲਾ ਕੀਤਾ ਸੀ। ਇਸ ਸਬੰਧੀ 21.08.2020 ਨੂੰ ਧਾਰਾ 420, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀਆਂ ਧਾਰਾਵਾਂ 7, 7-ਏ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਥਾਣਾ, ਫਲਾਇੰਗ ਸਕੁਐਡ-1, ਮੋਹਾਲੀ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਸੀ।