ਆਮਦਨ ਤੋਂ ਵੱਧ ਜਾਇਦਾਦ ਮਾਮਲੇ ਦੀ ਕੀਤੀ ਜਾ ਰਹੀ ਹੈ ਜਾਂਚ
ਪਟਿਆਲਾ (ਖੁਸ਼ਵੀਰ ਸਿੰਘ ਤੂਰ) ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਾਰਤ ਇੰਦਰ ਸਿੰਘ ਚਾਹਲ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜਾਂਚ ਸ਼ੁਰੂ ਕਰ ਦਿੱਤੀ ਹੈ। ਅੱਜ ਵਿਜੀਲੈਂਸ ਦੀ ਟੀਮ ਵੱਲੋਂ ਭਾਰਤ ਇੰਦਰ ਚਾਹਲ ਦੇ ਕਈ ਟਿਕਾਣਿਆਂ ‘ਤੇ ਛਾਪੇ ਮਾਰੇ ਹਨ। ਚਾਹਲ ਦੇ ਜੇਲ੍ਹ ਰੋਡ ‘ਤੇ ਮਿੰਨੀ ਸਕੱਤਰੇਤ ਦੇ ਨਜ਼ਦੀਕ ਸਥਿਤ ਮਾਲ ਗਰੈਂਡ ਰੀਗੇਲ ਨਾਮਕ ਕੰਪਲੈਕਸ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪਤਾ ਚੱਲ ਸਕੇ ਕਿ ਇਸ ‘ਤੇ ਕਿੰਨੀ ਰਕਮ ਖਰਚ ਹੋਈ ਹੈ। ਵਿਜੀਲੈਂਸ ਦੀ ਟੀਮ ਇਸ ਤੋਂ ਪਹਿਲਾਂ ਸਰਹਿੰਦ ਰੋਡ ‘ਤੇ ਸਥਿਤ ਅਲਕਾਜ਼ਾਰ ਨਾਮਕ ਪੈਲੇਸ ‘ਤੇ ਵੀ ਗਈ ਸੀ, ਪਰ ਉਥੇ ਤਾਲਾ ਲੱਗਿਆ ਹੋਇਆ ਸੀ। ਟੀਮ ਦੀ ਅਗਵਾਈ ਵਿਜੀਲੈਂਸ ਦੇ ਡੀਐੱਸਪੀ ਸਤਪਾਲ ਸ਼ਰਮਾ ਕਰ ਰਹੇ ਹਨ।
ਕੁਝ ਦਿਨ ਪਹਿਲਾਂ ਵੀ ਚਾਹਲ ਦੇ ਘਰ ਵਿਜੀਲੈਂਸ ਦੀ ਛਾਪੇਮਾਰੀ ਦੀ ਚਰਚਾ ਸਾਹਮਣੇ ਆਈ ਸੀ ਪਰ ਕੋਈ ਵੀ ਪੁਖਤਾ ਜਾਣਕਾਰੀ ਨਹੀਂ ਮਿਲ ਸਕੀ ਸੀ।ਜ਼ਿਕਰਯੋਗ ਹੈ ਕਿ ਭਾਰਤਇੰਦਰ ਚਾਹਲ 2017-21 ਦੌਰਾਨ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਸਨ। ਉਹ ਕੈਪਟਨ ਅਮਰਿੰਦਰ ਦੇ ਨਾਲ ਜੁਲਾਈ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਚਾਹਲ ਦੇ ਪੁੱਤਰ ਬਿਕਰਮਜੀਤ ਸਿੰਘ ਚਾਹਲ ਵੱਲੋਂ ਲੰਘੀਆਂ ਵਿਧਾਨ ਸਭਾ ਚੋਣਾਂ ਵਿਚ ਹਲਕਾ ਸਨੌਰ ਤੋਂ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦੇ ਨਿਸ਼ਾਨ ਤੇ ਚੋਣ ਲੜੇ ਸਨ ਅਤੇ ਉਨ੍ਹਾਂ ਦੀ ਜਮਾਨਤ ਜਬਤ ਹੋ ਗਈ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ