ਵਿਜੀਲੈਂਸ ਵੱਲੋਂ ਭਰਤਇੰਦਰ ਸਿੰਘ ਚਾਹਲ ਖ਼ਿਲਾਫ ਆਮਦਨ ਤੋਂ ਵੱਧ ਜਾਇਦਾਦ ਦਾ ਕੇਸ ਦਰਜ

Bharatinder Singh Chahal
ਭਰਤ ਇੰਦਰ ਚਾਹਲ ਵਿਰੁੱਧ ਲੁੱਕ ਆਊਟ ਨੋਟਿਸ ਜਾਰੀ 

ਸਾਬਕਾ ਮੀਡੀਆ ਸਲਾਹਕਾਰ ਨੇ ਆਪਣੀ ਆਮਦਨ ਦੇ ਜਾਹਰਾ ਸਰੋਤਾਂ ਨਾਲੋਂ 305 ਫ਼ੀਸਦ ਵੱਧ ਕੀਤਾ ਖਰਚ | Bharatinder Singh Chahal

ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਮੀਡੀਆ ਸਲਾਹਕਾਰ ਭਰਤਇੰਦਰ ਸਿੰਘ ਚਾਹਲ (Bharatinder Singh Chahal) ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ ਕੀਤਾ ਗਿਆ ਹੈ। ਅੱਜ ਇੱਥੇ ਇਸ ਕੇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਭਰਤਇੰਦਰ ਸਿੰਘ ਚਹਿਲ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮਾਰਚ 2017 ਤੋਂ ਸਤੰਬਰ 2021 ਤੱਕ ਸਾਬਕਾ ਮੀਡੀਆ ਸਲਾਹਕਾਰ ਚਾਹਲ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਆਮਦਨ 7,85,16,905 ਰੁਪਏ ਸੀ ਜਦੋਂਕਿ 31,79,89,011 ਰੁਪਏ ਖਰਚ ਕੀਤੇ ਗਏ, ਜੋ ਕਿ ਆਮਦਨ ਦੇ ਜਾਹਰਾ ਸਰੋਤਾਂ ਤੋਂ ਲਗਭਗ 305 ਫ਼ੀਸਦ ਵੱਧ ਹਨ।

ਇਹ ਵੀ ਪੜ੍ਹੋ : ਮਣੀਪੁਰ ਦੇ ਬਿਸ਼ਨੂਪੁਰ ‘ਚ ਹਿੰਸਕ ਝੜਪਾਂ, 17 ਜਖਮੀ

ਮੁਲਜਮ ਭਰਤਇੰਦਰ ਸਿੰਘ ਚਾਹਲ ਨੇ ਆਪਣੇ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਂਅ ’ਤੇ ਕਈ ਜਾਇਦਾਦਾਂ ਬਣਾਈਆਂ, ਜਿਨ੍ਹਾਂ ਵਿੱਚ ਸਰਹਿੰਦ ਰੋਡ ਪਟਿਆਲਾ ਉਤੇ ਸਥਿਤ ਦਸ਼ਮੇਸ਼ ਲਗਜਰੀ ਵੈਡਿੰਗ ਰਿਜੋਰਟ (ਅਲਕਾਜਾਰ), ਮਿੰਨੀ ਸਕੱਤਰੇਤ ਰੋਡ ਪਟਿਆਲਾ ’ਤੇ 2595 ਗਜ ਦੀ ਪੰਜ ਮੰਜਲਾ ਕਮਰਸ਼ੀਅਲ ਇਮਾਰਤ (ਪਸ਼ੂ ਪਾਲਣ ਵਿਭਾਗ ਦੀ ਸਾਈਟ), ਨਾਭਾ ਰੋਡ ’ਤੇ ਟੋਲ ਪਲਾਜ਼ਾ ਨੇੜੇ ਪਿੰਡ ਕਲਿਆਣ ਵਿਖੇ 72 ਕਨਾਲ 14 ਮਰਲੇ ਜ਼ਮੀਨ ਸ਼ਾਮਲ ਹੈ। ਇਸ ਤੋਂ ਇਲਾਵਾ ਉਸ ਨੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਮਾਲਾਹੇੜੀ ਅਤੇ ਹਰਬੰਸਪੁਰਾ ਵਿਖੇ ਵੀ ਜਮੀਨ ਖਰੀਦੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।