ਵਜੈ ਇੰਦਰ ਸਿੰਗਲਾ ਨੇ ਪੰਜਾਬ ਭਾਜਪਾ ਦੇ ਲੀਡਰਾਂ ਨੂੰ ਕਿਸਾਨ ਬਿੱਲਾਂ ‘ਤੇ ਸਥਿਤੀ ਸਪੱਸ਼ਟ ਕਰਨ ਲਈ ਵੰਗਾਰਿਆ
ਸੰਗਰੂਰ, (ਗੁਰਪ੍ਰੀਤ ਸਿੰਘ /ਨਰੇਸ਼ ਕੁਮਾਰ) ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਸੂਬੇ ਦੀ ਵਿਧਾਨ ਸਭਾ ਵਿਚ ਕਾਂਗਰਸ ਸਰਕਾਰ ਵੱਲੋਂ ਪਾਸ ਕੀਤੇ ਗਏ ਕਿਸਾਨ ਪੱਖੀ ਬਿੱਲਾਂ ‘ਤੇ ਪੰਜਾਬ ਨਾਲ ਸਬੰਧਤ ਭਾਜਪਾ ਲੀਡਰਾਂ ਵੱਲੋਂ ਵੱਟੀ ਚੁੱਪ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਨੂੰ ਇਨ੍ਹਾਂ ਬਿੱਲਾਂ ‘ਤੇ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਵੰਗਾਰਿਆ। ਸਿੰਗਲਾ ਨੇ ਪੁੱਛਿਆ ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਪਾਸ ਕੀਤੇ ਇਨ੍ਹਾਂ ਬਿੱਲਾਂ ‘ਤੇ ਪੰਜਾਬ ਦੀ ਭਾਜਪਾ ਯੂਨਿਟ ਦੇ ਲੀਡਰਾਂ ਨੇ ਚੁੱਪ ਕਿਉਂ ਵੱਟੀ ਹੋਈ ਹੈ? ਉਨ੍ਹਾਂ ਕਿਹਾ ਕਿ ਇਨ੍ਹਾਂ ਲੀਡਰਾਂ ਨੂੰ ਇਸੇ ਵੇਲੇ ਇਨ੍ਹਾਂ ਬਿੱਲਾਂ ‘ਤੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕੀ ਉਹ ਇਨ੍ਹਾਂ ਬਿੱਲਾਂ ਦੀ ਹਮਾਇਤ ਕਰਦੇ ਹਨ ਜਾਂ ਵਿਰੋਧ ‘ਚ ਖੜੇ ਹਨ ਤਾਂ ਜੋ ਪੰਜਾਬ ਦੇ ਲੋਕਾਂ ਸਾਹਮਣੇ ਉਨ੍ਹਾਂ ਦਾ ਅਸਲੀ ਚਿਹਰਾ ਨੰਗਾ ਹੋ ਸਕੇ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੀ ਸਿੰਗਲਾ ਨੇ ਸੰਗਰੂਰ ਦੀ ਅਨਾਜ ਮੰਡੀ ਦੇ ਦੌਰੇ ਦੌਰਾਨ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਨਵੇਂ ਬਿੱਲਾਂ ਦੇ ਪੱਖਾਂ ਦੀ ਜਾਣਕਾਰੀ ਦੇਣ ਮੌਕੇ ਕੀਤਾ। ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਵੱਲੋਂ ਦਿੱਤੇ ਕਿਸਾਨ ਵਿਰੋਧੀ ਬਿਆਨ ਦਾ ਵੀ ਸਖ਼ਤ ਵਿਰੋਧ ਕਰਦਿਆਂ ਕਿਹਾ ਕਿ ਨੱਢਾ ਦੇ ਬਿਆਨ ਤੋਂ ਇਹ ਸਾਫ਼ ਜਾਪਦਾ ਹੈ ਕਿ ਕੇਂਦਰ ਵੱਲੋਂ ਪਾਸ ਕੀਤੇ ਗਏ ਕਾਲੇ ਕਾਨੂੰਨਾਂ ਵਿਰੁੱਧ ਦਿਨ ਰਾਤ ਧਰਨਿਆਂ ‘ਤੇ ਬੈਠੇ ਕਿਸਾਨਾਂ ਦੇ ਸੰਘਰਸ਼ ਨੂੰ ਮੁੱਢੋਂ ਹੀ ਅਣਗੌਲਿਆ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਸੰਘਰਸ਼ੀਲ ਕਿਸਾਨਾਂ ਨੇ ਤਾਂ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਆਪਣੀ ਜਾਨ ਤੱਕ ਦੀ ਪਰਵਾਹ ਨਹੀਂ ਕੀਤੀ ਅਤੇ ਬੀ.ਜੇ.ਪੀ. ਦਾ ਕੌਮੀ ਪ੍ਰਧਾਨ ਬਿਨਾ ਜ਼ਮੀਨੀ ਹਕੀਕਤ ਜਾਣੇ ਇਨ੍ਹਾਂ ਨੂੰ ‘ਵਿਚੋਲੇ’ ਦੱਸ ਰਿਹਾ ਹੈ। ਸ਼੍ਰੀ ਸਿੰਗਲਾ ਨੇ ਕਿਹਾ ਕਿ ਕਿਸਾਨਾਂ ਦੇ ਸੰਘਰਸ਼ ਬਾਰੇ ਜਾਣਕਾਰੀ ਹੋਣਾ ਤਾਂ ਇੱਕ ਪਾਸੇ ਭਾਜਪਾ ਦੇ ਕੌਮੀ ਪੱਧਰ ਦੇ ਆਗੂਆਂ ਨੂੰ ਤਾਂ ਇੱਥੋਂ ਤੱਕ ਨਹੀਂ ਪਤਾ ਕਿ ਪੰਜਾਬ ਵਿੱਚ ਸਾਡੀ ਖੇਤੀਬਾੜੀ ਦਾ ਪਹੀਆ ਕਿਸ ਤਰਾਂ ਘੁੰਮਦਾ ਹੈ। ਉਨ੍ਹਾਂ ਕਿਹਾ ਕਿ ਹੁਣ ਤਾਂ ਪੰਜਾਬ ਭਾਜਪਾ ਦੇ ਲੀਡਰਾਂ ਲਈ ਆਪਣਾ ਸਟੈਂਡ ਸਪੱਸ਼ਟ ਕਰਨਾ ਹੋਰ ਵੀ ਜ਼ਰੂਰੀ ਹੋ ਗਿਆ ਹੈ ਕਿ ਕੀ ਉਹ ਵੀ ਆਪਣੇ ਆਕਾਵਾਂ ਵਾਂਗ ਆੜਤੀਆਂ ਨੂੰ ‘ਸ਼ਰਾਰਤੀ ਅਨਸਰ’ ਮੰਨਦੇ ਹਨ। ਕੈਬਨਿਟ ਮੰਤਰੀ ਨੇ ਕਿਹਾ ਭਾਜਪਾ ਦੇ ਸੂਬਾਈ ਆਗੂ ਇਹ ਵੀ ਸਪੱਸ਼ਟ ਕਰਨ ਕਿ ਕੀ ਉਨ੍ਹਾਂ ਨੇ ਪੰਜਾਬ ਅਤੇ ਸਾਡੇ ਕਿਸਾਨਾਂ ਨਾਲ ਸਬੰਧਤ ਮੁੱਦਿਆਂ ‘ਤੇ ਟਿੱਪਣੀਆਂ ਕਰਨ ਦਾ ਠੇਕਾ ਆਪਣੇ ਹਰਿਆਣੇ ਵਾਲੇ ਸਾਥੀਆਂ ਨੂੰ ਦੇ ਦਿੱਤਾ ਹੈ?
ਉਨ੍ਹਾਂ ਕਿਹਾ ਕਿ ਹੁਣ ਤਾਂ ਪੰਜਾਬ ਭਾਜਪਾ ਦੇ ਆਗੂਆਂ ਨੂੰ ਆਪਣੀ ਆਰਾਮਗਾਹ ਵਿਚੋਂ ਨਿਕਣ ਕੇ ਬਾਹਰ ਆਉਣਾ ਹੀ ਪਵੇਗਾ ਅਤੇ ਧਰਨਿਆਂ ਵਾਲੀਆਂ ਥਾਂਵਾਂ ‘ਤੇ ਆਪ ਪਹੁੰਚ ਕੇ ਪੰਜਾਬ ‘ਚ ਚੱਲ ਰਹੇ ਸੰਘਰਸ਼ ਦੀ ਜ਼ਮੀਨੀ ਹਕੀਕਤ ਦੀ ਸਹੀ ਜਾਣਕਾਰੀ ਆਪਣੀ ਸਿਆਸੀ ਆਕਾਵਾਂ ਤੱਕ ਪੁੱਜਦੀ ਕਰਨੀ ਹੋਵੇਗੀ। ਸ਼੍ਰੀ ਸਿੰਗਲਾ ਨੇ ਕਿਹਾ ਕਿ ਹਰਿਆਣਾ ਦੇ ਬੀ.ਜੇ.ਪੀ. ਲੀਡਰ ਪੰਜਾਬ ਨਾਲ ਸਬੰਧਤ ਮੁੱਦਿਆਂ ‘ਤੇ ਤਾਂ ਰੱਟਿਆ-ਰੱਟਾਇਆ ਪਾਠ ਪੜ ਰਹੇ ਹਨ ਪਰ ਆਪਣੇ ਸੂਬੇ ‘ਚ ਝੋਨੇ ਦੀ ਖਰੀਦ ਦੌਰਾਨ ਤਕਰੀਬਨ 20 ਫੀਸਦ ਪਾੜੇ ਬਾਰੇ ਵੀ ਸਥਿਤੀ ਸਪੱਸ਼ਟ ਕਰਨ ਮੌਕੇ ਚੁੱਪੀ ਕਿਉਂ ਸਾਧ ਲੈਂਦੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡੀ.ਐਫ਼.ਐਸ.ਸੀ. ਤਰਵਿੰਦਰ ਸਿੰਘ ਚੋਪੜਾ, ਚੇਅਰਮੈਨ ਮਾਰਕਿਟ ਕਮੇਟੀ ਅਨਿਲ ਕੁਮਾਰ ਘੀਚਾ, ਪੰਜਾਬ ਸਮਾਲ ਇੰਡਸਟਰੀਜ਼ ਕਾਰਪੋਰੇਸ਼ਨ ਦੇ ਵਾਇਸ ਚੇਅਰਮੈਨ ਮਹੇਸ਼ ਕੁਮਾਰ ਮੇਸ਼ੀ, ਜ਼ਿਲਾ ਮੰਡੀ ਅਫ਼ਸਰ, ਆੜਤੀਏ, ਕਿਸਾਨ ਤੇ ਮਜ਼ਦੂਰ ਸ਼ਾਮਲ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.