ਵੱਡੀ ਗਿਣਤੀ ਹਲਕਿਆਂ ਵਿੱਚ ਕਾਂਗਰਸੀਆਂ ਨੇ ਰੱਜ ਕੇ ਕੀਤੀ ਧੱਕੇਸ਼ਾਹੀ
ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ
ਸੰਗਰੂਰ, 17 ਦਸੰਬਰ।
ਕੇਂਦਰੀ ਰਾਜ ਮੰਤਰੀ ਤੇ ਭਾਜਪਾ ਦੇ ਸੂਬਾ ਪ੍ਰਧਾਨ ਵਿਜੇ ਸਾਂਪਲਾ ਨੇ ਦੋਸ਼ ਲਾਇਆ ਕਿ ਪੰਜਾਬ ‘ਚ ਕਾਂਗਰਸ ਪਾਰਟੀ ਵੱਲੋਂ ਮਿਊਂਸਪਲ ਕਾਰਪੋਰੇਸ਼ਨ ਦੀਆਂ ਚੋਣਾਂ ਵਿੱਚ ਬੂਥਾਂ ‘ਤੇ ਕਬਜ਼ੇ ਕਰਕੇ ਵੱਡੇ ਪੱਧਰ ‘ਤੇ ਗੁੰਡਾਗਰਦੀ ਕਰਕੇ ਲੋਕਤੰਤਰ ਦਾ ਘਾਣ ਕਰਕੇ ਰੱਖ ਦਿੱਤਾ ਹੈ।
ਅੱਜ ਸੰਗਰੂਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਪਲਾ ਨੇ ਕਿਹਾ ਕਿ ਅੱਜ ਸਵੇਰ ਤੋਂ ਹੀ ਸਾਨੂੰ ਚੋਣਾਂ ਦੌਰਾਨ ਅਜਿਹੀਆਂ ਘਟਨਾਵਾਂ ਬਾਰੇ ਚਾਰੇ ਪਾਸਿਓਂ ਫੋਨ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪਟਿਆਲਾ ਵਿੱਚ ਤਾਂ ਹਲਾਤ ਇਹ ਹਨ ਕਿ ਪੰਜਾਬ ਪੁਲਿਸ ਦੇ ਮੁਲਾਜ਼ਮ ਸਿਵਲ ਵਰਦੀ ਵਿੱਚ ਜਾ ਕੇ ਵੋਟਾਂ ਭੁਗਤਾ ਰਹੇ ਹਨ, ਦੂਜੀਆਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਧੱਕੇ ਮਾਰ-ਮਾਰ ਪੋਲਿੰਗ ਬੂਥਾਂ ਵਿੱਚੋਂ ਬਾਹਰ ਕੱਢਿਆ ਜਾ ਰਿਹਾ ਹੈ।
ਪਟਿਆਲਾ ‘ਚ ਕਾਂਗਰਸ ਦੇ ਤਿੰਨ ਕਾਂਗਰਸੀ ਵਿਧਾਇਕ 60-60 ਗੱਡੀਆਂ ਦੇ ਕਾਫ਼ਲਿਆਂ ਨਾਲ ਸ਼ਰੇਆਮ ਘੁੰਮ ਰਹੇ ਹਨ। ਉਨ੍ਹਾਂ ਦੱÎਸਿਆ ਕਿ ਬਰਨਾਲਾ ‘ਚ ਸਾਡੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਾ ਮੋਬਾਇਲ ਫੋਨ ਪੁਲਿਸ ਵੱਲੋਂ ਖੋਹ ਲਿਆ ਗਿਆ ਹੈ, ਮੀਡੀਆ ਵਾਲਿਆਂ ਨੂੰ ਵੀ ਕਾਂਗਰਸੀਆਂ ਦੀ ਕੁੱਟ ਦਾ ਸ਼ਿਕਾਰ ਹੋਣਾ ਪਿਆ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਤੰਤਰ ਦਾ ਘਾਣ ਕਰਕੇ ਵੋਟਾਂ ਵਿੱਚ ਜਿੱਤ ਹਾਸਲ ਕਰਨਾ ਚਾਹੁੰਦੀ ਹੈ ਪਰ ਇਹ ਧੱਕੇਸ਼ਾਹੀ ਉਸ ਦੇ ਪਤਨ ਦਾ ਕਾਰਨ ਬਣੇਗੀ।
ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਅਸੀਂ ਇਸ ਧੱਕੇਸ਼ਾਹੀ ਦੀ ਸੂਚਨਾ ਰਾਜ ਦੇ ਚੋਣ ਕਮਿਸ਼ਨਰ ਨੂੰ ਵੀ ਦਿੱਤੀ ਹੈ ਅਤੇ ਜ਼ਿਲ੍ਹਾ ਪੱਧਰ ‘ਤੇ ਪੁਲਿਸ ਨੂੰ ਵੀ ਸੂਚਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਬੂਥ ਕੈਪਚਰਿੰਗ ਬਾਰੇ ਦੂਜੇ ਸੂਬਿਆਂ ਵਿੱਚ ਹੁੰਦੀ ਸੁਣਦੇ ਹੁੰਦੇ ਸੀ ਪਰ ਪੰਜਾਬ ਵਿੱਚ ਇਹ ਪਹਿਲੀ ਵਾਰ ਹੋ ਰਿਹਾ ਹੈ। ਭਾਰਤੀ ਜਨਤਾ ਪਾਰਟੀ ਇਸ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕਰਦੇ ਹਾਂ।
ਇਸ ਮੌਕੇ ਉਨ੍ਹਾਂ ਨਾਲ ਅਮਨਦੀਪ ਸਿੰਘ ਪੂਨੀਆ, ਸਤਵੰਤ ਸਿੰਘ ਪੂਨੀਆ, ਹਰਜੀਤ ਸਿੰਘ ਗਰੇਵਾਲ, ਐਡਵੋਕੇਟ ਲਲਿਤ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਮੌਜ਼ੂਦ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।