ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਸੰਯੁਕਤ ਸਕੱਤਰ ਵੱਲੋਂ ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦਾ ਦੌਰਾ

Shomita Biswas Sachkahoon

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਸੰਯੁਕਤ ਸਕੱਤਰ ਵੱਲੋਂ ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦਾ ਦੌਰਾ

ਸੱਚ ਕਹੂੰ ਨਿਊਜ, ਨਾਭਾ। ਭਾਰਤ ਸਰਕਾਰ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਸੰਯੁਕਤ ਸਕੱਤਰ ਸ਼ੋਮਿਤਾ ਬਿਸਵਾਸ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਪਰਾਲੀ ਨਾ ਸਾੜਨ ਵਾਲੇ ਪਿੰਡਾਂ ਅਗੇਤੀ ਅਤੇ ਮੰਡੌੜ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਇੰਜ. ਮਨਮੋਹਨ ਕਾਲੀਆ (ਨੋਡਲ ਅਫ਼ਸਰ ਸੀਆਰਐਮ) ਅਤੇ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵਿੰਦਰਪਾਲ ਸਿੰਘ ਗਰੇਵਾਲ ਵੀ ਮੌਜੂਦ ਸਨ। ਇਸ ਮੌਕੇ ਕੇਂਦਰੀ ਸੰਯੁਕਤ ਸਕੱਤਰ ਸ਼ੋਮਿਤਾ ਬਿਸਵਾਸ ਨੇ ਕਿਸਾਨਾਂ, ਸਹਿਕਾਰੀ ਸੁਸਾਇਟੀ ਦੇ ਮੈਂਬਰਾਂ ਅਤੇ ਨੌਜਵਾਨਾਂ ਨਾਲ ਗੱਲਬਾਤ ਕੀਤੀ, ਜੋ ਪਰਾਲੀ ਪ੍ਰਬੰਧਨ ਲਈ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਮੁਫ਼ਤ ਜਾਂ ਬਹੁਤ ਹੀ ਮਾਮੂਲੀ ਲਾਗਤ ’ਤੇ ਜਾਗਰੂਕ ਕਰਕੇ ਮਸ਼ੀਨਰੀ ਮੁਹੱਈਆ ਕਰਵਾਉਂਦੇ ਹੋਏ ਪਰਾਲੀ ਸਾੜਨ ਦੇ ਜ਼ੀਰੋ ਦੇ ਟੀਚੇ ਨੂੰ ਪ੍ਰਾਪਤ ਕਰਨ ਵਿੱਚ ਭੂਮਿਕਾ ਨਿਭਾਅ ਰਹੇ ਹਨ।

ਇੰਜ. ਮਨਮੋਹਨ ਕਾਲੀਆ ਨੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਮਸ਼ੀਨਰੀ ਦੀ ਵਰਤੋਂ ਬਾਰੇ ਚਾਨਣਾ ਪਾਉਂਦਿਆਂ ਆਫ਼ ਸੀਜ਼ਨ ਦੌਰਾਨ ਮਸ਼ੀਨਰੀ ਦੇ ਪ੍ਰਬੰਧਨ ਦੇ ਮੁੱਦੇ ’ਤੇ ਵੀ ਜ਼ੋਰ ਦਿੱਤਾ। ਸੀਏਓ ਪਟਿਆਲਾ ਡਾ. ਜਸਵਿੰਦਰਪਾਲ ਸਿੰਘ ਗਰੇਵਾਲ ਨੇ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਕਿਸਾਨਾਂ ਨੂੰ ਖੇਤੀਬਾੜੀ ਵਿੱਚ ਨਵੀਂਆਂ ਉਚਾਈਆਂ ਪ੍ਰਾਪਤ ਕਰਨ ਵਿੱਚ ਉਨ੍ਹਾਂ ਦੀ ਸਹਾਇਤਾ ਲਈ ਹਮੇਸ਼ਾ ਤਤਪਰ ਰਹਿੰਦਾ ਹੈ। ਪਿੰਡ ਅਗੇਤੀ ਦੇ ਸਰਪੰਚ ਜਸਦੇਵ ਸਿੰਘ ਨੇ ਦੱਸਿਆ ਕਿ ਉਹ 1997 ਤੋਂ ਆਪਣੇ ਖੇਤਾਂ ਵਿੱਚ ਪਰਾਲੀ ਦਾ ਪ੍ਰਬੰਧ ਕਰ ਰਹੇ ਹਨ ਅਤੇ ਟੈਕਨਾਲੋਜੀ ਦੀ ਤਰੱਕੀ ਦੇ ਨਾਲ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਕਰਨਾ ਹੋਰ ਵੀ ਸੌਖਾ ਹੋ ਗਿਆ ਹੈ। ਨੇੜਲੇ ਪਿੰਡ ਅਗੇਤਾ ਅਤੇ ਧਰਮਕੋਟ ਦੇ ਕਿਸਾਨਾਂ ਨੇ ਵੀ ਇਨ੍ਹਾਂ ਪਿੰਡਾਂ ਤੋਂ ਪ੍ਰੇਰਨਾ ਪ੍ਰਾਪਤ ਕੀਤੀ ਅਤੇ ਝੋਨੇ ਦੀ ਪਰਾਲੀ ਨੂੰ ਸਾੜਨਾ ਬੰਦ ਕਰ ਦਿੱਤਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ