ਜਲ ਸਰੋਤ ਮੰਤਰੀ ਬਰਿੰਦਰ ਗੋਇਲ ਵੱਲੋਂ ਸੈਕੰਡ ਪਟਿਆਲਾ ਫੀਡਰ ਦੇ 36 ਕਰੋੜ ਰੁਪਏ ਦੀ ਲਾਗਤ ਨਾਲ ਪੱਕੇ ਹੋਏ 24 ਕਿਲੋਮੀਟਰ ਹਿੱਸੇ ਦਾ ਉਦਘਾਟਨ
Farmers Big News: ਮਾਲੇਰਕੋਟਲਾ,(ਗੁਰਤੇਜ ਜੋਸ਼ੀ) ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਨਹਿਰੀ ਪਾਣੀ ਪਹੁੰਚਾਉਣ ਵੱਲ ਇੱਕ ਹੋਰ ਵੱਡੀ ਪੁਲਾਂਘ ਪੁੱਟਦਿਆਂ ਸੂਬੇ ਦੇ ਚਾਰ ਜ਼ਿਲ੍ਹਿਆਂ ਮਾਲੇਰਕੋਟਲਾ , ਸੰਗਰੂਰ, ਪਟਿਆਲਾ ਤੇ ਮਾਨਸਾ ਦੇ ਖੇਤਾਂ ਨੂੰ ਪਾਣੀ ਪਹੁੰਚਾਉਣ ਵਾਲੀ ਸੈਕੰਡ ਪਟਿਆਲਾ ਫੀਡਰ ਨਹਿਰ ਦੇ 24 ਕਿਲੋਮੀਟਰ ਹਿੱਸੇ ਨੂੰ ਰਿਕਾਰਡ ਸਮੇਂ (ਸਵਾ ਮਹੀਨਾ) ਵਿੱਚ ਪੂਰਾ ਕਰਕੇ ਸੂਬਾ ਵਾਸੀਆਂ ਨੂੰ ਵੱਡੀ ਸੌਗਾਤ ਦਿੱਤੀ ਹੈ। ਜਿਸ ਦਾ ਮਾਲੇਰਕੋਟਲਾ ਦੇ ਨਜ਼ਦੀਕੀ ਜੌੜੇਪੁਲ ਵਿਖੇ ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਸੈਕੰਡ ਪਟਿਆਲਾ ਫੀਡਰ ਨਹਿਰ ਦੇ ਮੁਕੰਮਲ ਹੋਏ (ਲਾਇਨਿੰਗ/ਰੀਹੈਬਲੀਟੇਸ਼ਨ) ਕੰਮ ਦਾ ਉਦਘਾਟਨ ਕੀਤਾ।
ਨਹਿਰੀ ਪਾਣੀ ਦੀ ਵਰਤੋਂ 68 ਪ੍ਰਤੀਸ਼ਤ ਤੋਂ ਵਧਾਕੇ 84 ਪ੍ਰਤੀਸ਼ਤ ਤੱਕ ਕੀਤੀ, ਜਲਦੀ 100 ਫ਼ੀਸਦੀ ਤੱਕ ਕੀਤੀ ਜਾਵੇਗੀ
ਇਸ ਮੌਕੇ ਸੰਬੋਧਨ ਕਰਦਿਆਂ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਇਸ ਨਹਿਰ ਦੇ ਪੱਕਾ ਹੋਣ ਨਾਲ ਮਾਲੇਰਕੋਟਲਾ ਸਮੇਤ ਸੰਗਰੂਰ ਪਟਿਆਲਾ ਤੇ ਮਾਨਸਾ ਜ਼ਿਲ੍ਹਿਆਂ ਦੇ 10 ਬਲਾਕਾਂ ਦੀ ਕਰੀਬ 4 ਲੱਖ ਏਕੜ ਜ਼ਮੀਨ ਨੂੰ 1617 ਕਿਊਸਿਕ ਪਾਣੀ ਮਿਲਣਾ ਸ਼ੁਰੂ ਹੋ ਗਿਆ ਹੈ, ਜੋ ਕਿ ਪਹਿਲਾਂ 900 ਕਿਊਸਿਕ ਪਾਣੀ ਮਿਲਦਾ ਸੀ। ਉਨ੍ਹਾਂ ਕਿਹਾ 42 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲਾ ਇਹ ਕੰਮ ਮਾਨ ਸਰਕਾਰ ਵੱਲੋਂ 36 ਕਰੋੜ ਰੁਪਏ ਵਿੱਚ ਹੀ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਦਿਨਾਂ ਦੇ ਕੰਮਾਂ ਨੂੰ ਸਾਲਾਂ ਵਿੱਚ ਕਰਵਾਉਂਦੀਆਂ ਸਨ ਤੇ ਲਾਗਤ ਅੰਦਾਜ਼ੇ ਨਾਲੋਂ ਕਈ ਗੁਣਾਂ ਵੱਧ ਬਣਾਉਂਦੀਆਂ ਸਨ, ਉਥੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਲਾਂ ਵਿੱਚ ਹੋਣ ਵਾਲਾ ਕੰਮ ਸਵਾ ਮਹੀਨੇ ਵਿੱਚ ਅਤੇ ਖਰਚ ਵੀ ਅੰਦਾਜ਼ਨ ਲਾਗਤ ਨਾਲੋਂ 6 ਕਰੋੜ ਘੱਟ ਕਰਕੇ ਸੂਬਾ ਵਾਸੀਆਂ ਦੀਆਂ ਆਸਾ ਨੂੰ ਪੂਰਾ ਕੀਤਾ ਹੈ।
ਇਹ ਵੀ ਪੜ੍ਹੋ: Bijapur Encounter: ਬੀਜਾਪੁਰ ਮੁਕਾਬਲੇ ’ਚ 31 ਨਕਸਲੀ ਢੇਰ, ਦੋ ਜਵਾਨ ਸ਼ਹੀਦ
ਜਲ ਸਰੋਤ, ਖਨਣ ਤੇ ਜੀਓਲੋਜੀ ਅਤੇ ਭੂਮੀ ਤੇ ਜਲ ਰੱਖਿਆ ਵਿਭਾਗਾਂ ਦੇ ਮੰਤਰੀ ਬਰਿੰਦਰ ਗੋਇਲ ਨੇ ਪੱਤਰਕਾਰਾਂ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਦੱਸਿਆ ਕਿ ਜਿਥੇ ਸੂਬੇ ਦੇ ਕਈ ਖੇਤਰਾਂ ਵਿੱਚ ਪਿਛਲੇ 40 ਸਾਲਾਂ ਤੋਂ ਨਹਿਰੀ ਪਾਣੀ ਨਹੀਂ ਲੱਗਿਆ ਸੀ, ਉਥੇ ਕਿਸਾਨ ਹਿਤਾਇਸ਼ੀ ਸਰਕਾਰ ਨੇ ਕੁਝ ਮਹੀਨਿਆਂ ਅੰਦਰ ਹੀ ਪਾਣੀ ਪਹੁੰਚਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ, ਸੂਬੇ ਦੇ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਕਿਸਾਨੀ ਨੂੰ ਮਜ਼ਬੂਤ ਕਰ ਰਹੀ ਹੈ। Farmers Big News
ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਕੀਤਾ ਧੰਨਵਾਦ
ਉਨ੍ਹਾਂ ਕਿਹਾ ਕਿ ਪਹਿਲਾਂ ਡੈਮਾਂ ਤੋਂ ਮਿਲਣ ਵਾਲੇ ਪਾਣੀ ਵਿੱਚੋਂ ਅਸੀਂ ਕਰੀਬ 68 ਪ੍ਰਤੀਸ਼ਤ ਵਰਤੋਂ ਕਰਦੇ ਸੀ ਅਤੇ 38 ਫ਼ੀਸਦੀ ਪਾਣੀ ਵਿਅਰਥ ਜਾ ਰਿਹਾ ਸੀ, ਜੋ ਸਾਡੀ ਸਰਕਾਰ ਵੱਲੋਂ ਪਿਛਲੇ ਕਰੀਬ ਤਿੰਨ ਸਾਲਾਂ ਵਿੱਚ ਇਹ 84 ਫ਼ੀਸਦੀ ਵਰਤੋਂ ਵਿੱਚ ਲਿਆਂਦਾ ਗਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਨੂੰ 100 ਪ੍ਰਤੀਸ਼ਤ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਦੀ ਵਰਤੋਂ ਕਰਨ ਨਾਲ ਜ਼ਮੀਨੀ ਪਾਣੀ ਦਾ ਪੱਧਰ ਉੱਪਰ ਉਠਦਾ ਹੈ, ਇਸ ਲਈ ਕਿਸਾਨ ਵੀ ਵੱਧ ਤੋਂ ਵੱਧ ਨਹਿਰੀ ਪਾਣੀ ਦੀ ਵਰਤੋਂ ਕਰਨ ਕਿਉਂਕਿ ਇਸ ਨਾਲ ਹੋਣ ਵਾਲੀ ਫ਼ਸਲ ਤੰਦਰੁਸਤ ਹੋਣ ਸਮੇਤ ਬਿਜਲੀ ਦੀ ਖਪਤ ਵੀ ਨਹੀਂ ਕਰਨੀ ਪੈਂਦੀ। ਇਸ ਮੌਕੇ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ ਜਸਵੰਤ ਸਿੰਘ ਗੱਜਣਮਾਜਰਾ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਕਿਸਾਨ ਦੇ ਖੇਤ ਨੂੰ ਨਹਿਰੀ ਪਾਣੀ ਮਿਲਣਾ ਕਿਸਾਨ ਲਈ ਸਭ ਤੋਂ ਵੱਡਾ ਤੋਹਫ਼ਾ ਹੈ। ਉਨ੍ਹਾਂ ਕਿਹਾ ਕਿ ਸਾਲਾ ਤੋਂ ਬੰਦ ਪਏ ਰਜਵਾਹੇ ਆਪ ਦੀ ਸਰਕਾਰ ਬਣਨ ਤੋਂ ਬਾਅਦ ਚੱਲਣ ਲੱਗੇ ਹਨ।