ਚੰਡੀਗੜ੍ਹ ਵੱਲ ਜਾਂਦੇ ਕੱਚੇ ਅਧਿਆਪਕਾਂ ਉਤੇ ਪਾਣੀ ਦੀਆਂ ਵਾਛੜਾਂ
ਪੁਲਿਸ ਨੇ ਅਧਿਆਪਕਾਂ ਨੂੰ ਲਿਆ ਹਿਰਾਸਤ ’ਚ
(ਕੁਲਵੰਤ ਕੋਟਲੀ) ਮੋਹਾਲੀ। ਸਿੱਖਿਆ ਵਿਭਾਗ ਵਿੱਚ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਕੱਚੇ ਅਧਿਆਪਕ ਯੂਨੀਅਨ ਵੱਲੋਂ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਦੀ ਰਿਹਾਇਸ਼ ਚੰਡੀਗੜ੍ਹ ਵੱਲ ਮਾਰਚ ਕੀਤਾ ਗਿਆ। ਚੰਡੀਗੜ੍ਹ ਦੇ ਬਾਰਡਰ ਉਤੇ ਪਹੁੰਚੇ ਸੰਘਰਸ਼ਕਾਰੀ ਅਧਿਆਪਕਾਂ ਨੂੰ ਰੋਕਣ ਦੇ ਲਈ ਚੰਡੀਗੜ੍ਹ ਪੁਲਿਸ ਵੱਲੋਂ ਕੱਚੇ ਅਧਿਆਪਕਾਂ ਉਤੇ ਪਾਣੀ ਦੀਆਂ ਵਾਛੜਾਂ ਅਤੇ ਲਾਠੀਚਾਰਜ ਕੀਤਾ ਗਿਆ।
ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੰਘਰਸ਼ਕਾਰੀ ਅਧਿਆਪਕਾਂ ਦੀ ਮੀਟਿੰਗ ਸਿੱਖਿਆ ਸਕੱਤਰ ਨਾਲ ਕਰਾਉਣ ਦੀ ਗੱਲ ਕੀਤੀ ਗਈ ਤਾਂ ਕੱਚੇ ਅਧਿਆਪਕ ਯੂਨੀਅਨ ਦੇ ਆਗੂਆਂ ਨੇ ਇਹ ਕਹਿੰਦੇ ਹੋਏ ਮੀਟਿੰਗ ਤੋਂ ਨਾਂਹ ਕਰ ਦਿੱਤੀ ਕਿ ਉਹ ਫੈਸਲਾਕੁੰਨ ਮੀਟਿੰਗ ਕਰਨਗੇ ਜਿਸ ਵਿੱਚ ਮਸਲਾ ਹੱਲ ਹੋ ਸਕੇ। ਕੱਚੇ ਅਧਿਆਪਕ ਮੁੱਖ ਮੰਤਰੀ ਨਾਲ ਮੀਟਿੰਗ ਨੂੰ ਲੈ ਕੇ ਬੇਜ਼ਿੱਦ ਰਹੇ। ਕੱਚੇ ਅਧਿਆਪਕ ਜਦੋਂ ਚੰਡੀਗੜ੍ਹ ਵਿੱਚ ਦਾਖਲ ਹੋਏ ਤਾਂ ਪੁਲਿਸ ਵੱਲੋਂ ਉਨ੍ਹਾਂ ਉਤੇ ਪਾਣੀ ਦੀਆਂ ਬੁਛਾੜਾ ਕੀਤੀਆਂ ਗਈਆਂ। ਸੰਘਰਸ਼ਕਾਰੀ ਅਧਿਆਪਕਾਂ ਨੇ ਠੰਢ ਦੀ ਪ੍ਰਵਾਹ ਨਾ ਕਰਦੇ ਹੋਏ ਆਪਣਾ ਸੰਘਰਸ਼ ਲਗਾਤਾਰ ਜਾਰੀ ਰੱਖਿਆ। ਕਾਫੀ ਸਮੇਂ ਬਾਅਦ ਕੱਚੇ ਅਧਿਆਪਕਾਂ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਪੁਲਿਸ ਕੱਚੇ ਅਧਿਆਪਕਾਂ ਨੂੰ ਆਪਣੀਆਂ ਬੱਸਾਂ ਵਿੱਚ ਬੈਠਾ ਕੇ ਲਈ ਗਈ। ਹਿਰਾਸਤ ਵਿੱਚ ਲਏ ਗਏ ਕੱਚੇ ਅਧਿਆਪਕਾਂ ਵਿੱਚ ਜ਼ਿਆਦਾਤਰ ਮਹਿਲਾ ਅਧਿਆਪਕ ਸ਼ਾਮਲ ਸਨ।
ਜ਼ਿਕਰਯੋਗ ਹੈ ਕਿ ਪਿਛਲੇ ਲੰਮੇ ਸਮੇਂ ਤੋਂ ਕੱਚੇ ਅਧਿਆਪਕ ਆਪਣੀਆਂ ਸੇਵਾਵਾਂ ਪੱਕੀਆਂ ਕਰਾਉਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰਦੇ ਆ ਰਹੇ ਹਨ। ਸਿੱਖਿਆ ਭਵਨ ਅੱਗੇ ਪੱਕਾ ਮੋਰਚਾ ਲਗਾਇਆ ਹੋਇਆ। ਇਸ ਦੌਰਾਨ ਸਰਕਾਰ ਨਾਲ ਕਈ ਗੇੜ ਦੀਆਂ ਮੀਟਿੰਗਾਂ ਵੀ ਹੋਈਆਂ, ਪ੍ਰੰਤੂ ਮਸਲੇ ਦਾ ਅਜੇ ਤੱਕ ਕੋਈ ਹੱਲ ਨਹੀਂ ਨਿਕਲਿਆ। ਅਧਿਆਪਕਾਂ ਨੇ ਕਿਹਾ ਕਿ ਜਦੋਂ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਸੰਘਰਸ਼ ਲਗਾਤਾਰ ਜਾਰੀ ਰਹੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ