ਸਿਸਟਮ ਨੂੰ ਪਾਰਦਰਸ਼ੀ ਬਣਾਉਣ ਲਈ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਮਾਲ ਅਤੇ ਸਥਾਨਕ ਸਰਕਾਰਾਂ ਵਿਭਾਗ ਮਿਲ ਕੇ ਕਰ ਰਹੇ ਕੰਮ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ (Aman Arora) ਨੇ ਦੱਸਿਆ ਕਿ ਸ਼ਹਿਰੀ ਖੇਤਰਾਂ ਵਿੱਚ ਗੈਰ-ਕਾਨੂੰਨੀ ਅਤੇ ਬੇਤਰਤੀਬੇ ਵਿਕਾਸ ਨੂੰ ਰੋਕਣ ਲਈ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਜਲਦੀ ਵਿਆਪਕ ਰੀਅਲ ਅਸਟੇਟ ਨੀਤੀ ਲਿਆਂਦੀ ਜਾਵੇਗੀ। ਉਹ ਅੱਜ ਇੱਥੇ ਪੰਜਾਬ ਭਵਨ ਵਿਖੇ ਮਾਲ ਤੇ ਮੁੜ ਵਸੇਬਾ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਰੀਅਲ ਅਸਟੇਟ ਡਿਵੈੱਲਪਰਾਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।
ਉਨਾਂ ਰੀਅਲ ਅਸਟੇਟ ਡਿਵੈੱਲਪਰਾਂ ਨੂੰ ਕਿਹਾ ਕਿ ਉਹ ਆਪਣੇ ਸਵਾਲਾਂ ਅਤੇ ਸਮੱਸਿਆਵਾਂ ਬਾਰੇ ਵਧੀਕ ਮੁੱਖ ਸਕੱਤਰ-ਕਮ-ਐਫ.ਸੀ.ਆਰ. ਸ੍ਰੀ ਅਨੁਰਾਗ ਅਗਰਵਾਲ ਨੂੰ ਰੀਪ੍ਰੈਜੈਂਟੇਸਨ ਦੇਣ। ਕੈਬਨਿਟ ਮੰਤਰੀ ਨੇ ਰੀਅਲ ਅਸਟੇਟ ਡਿਵੈੱਲਪਰਾਂ ਨੂੰ ਭਰੋਸਾ ਦਿੱਤਾ ਕਿ ਉਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ ਅਤੇ ਉਹ ਇਸ ਸਬੰਧੀ ਮੁੱਖ ਮੰਤਰੀ ਨਾਲ ਗੱਲਬਾਤ ਕਰਨਗੇ, ਜੋ ਇਸ ਮੁੱਦੇ ਦੀ ਖੁਦ ਨਿਗਰਾਨੀ ਕਰ ਰਹੇ ਹਨ। ਉਨਾਂ ਨੇ ਡਿਵੈੱਲਪਰਾਂ ਨੂੰ ਜਾਇਦਾਦ ਖਰੀਦਦਾਰਾਂ ਦੇ ਹਿੱਤਾਂ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ।
ਸੂਬੇ ਵਿੱਚ 14000 ਦੇ ਕਰੀਬ ਗੈਰ-ਕਾਨੂੰਨੀ ਕਾਲੋਨੀਆਂ ਹੋਂਦ ਵਿੱਚ ਆਈਆਂ
ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਅਮਨ ਅਰੋੜਾ (Aman Arora) ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਹਿਰੀ ਵਿਕਾਸ ਦੇ ਨਾਂ ‘ਤੇ ਸਭ ਗੜਬੜ ਕਰ ਦਿੱਤਾ ਹੈ, ਜਿਸ ਕਾਰਨ ਸੂਬੇ ਵਿੱਚ 14000 ਦੇ ਕਰੀਬ ਗੈਰ-ਕਾਨੂੰਨੀ ਕਾਲੋਨੀਆਂ ਹੋਂਦ ਵਿੱਚ ਆਈਆਂ ਹਨ। ਮਾਨ ਸਰਕਾਰ ਆਮ ਆਦਮੀ ਨੂੰ ਦਰਪੇਸ ਸਾਰੀਆਂ ਮੁਸਕਲਾਂ ਤੋਂ ਪੂਰੀ ਤਰਾਂ ਜਾਣੂ ਹੈ ਪਰ ਸਿਸਟਮ ਨੂੰ ਸਾਫ ਕਰਨ ਲਈ ਇੱਕ ਵਿਆਪਕ ਨੀਤੀ ਲਿਆਂਦੀ ਜਾਵੇਗੀ ਤਾਂ ਜੋ ਸੂਬੇ ਵਿੱਚ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਲੋਕਾਂ ਦੀ ਹੋ ਰਹੀ ਲੁੱਟ ਨੂੰ ਰੋਕਿਆ ਜਾ ਸਕੇ।
ਜਾਇਦਾਦ ਦੀ ਰਜਿਸਟ੍ਰੇਸਨ ਲਈ ਐਨ.ਓ.ਸੀ. ਲਾਜਮੀ ਕਰਨ ਦੇ ਸਵਾਲ ‘ਤੇ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਮੁੱਦੇ ਨੂੰ ਵੀ ਜਲਦ ਹੱਲ ਕਰ ਲਿਆ ਜਾਵੇਗਾ ਕਿਉਂਕਿ ਪੰਜਾਬ ਸਰਕਾਰ ਦੇ ਤਿੰਨ ਵਿਭਾਗ ਮਕਾਨ ਉਸਾਰੀ ਅਤੇ ਸਹਿਰੀ ਵਿਕਾਸ, ਮਾਲ ਅਤੇ ਸਥਾਨਕ ਸਰਕਾਰਾਂ ਇਸ ਮਸਲੇ ਨੂੰ ਜਲਦੀ ਹੱਲ ਕਰਨ ਲਈ ਮਿਲ ਕੇ ਕੰਮ ਕਰ ਰਹੇ ਹਨ। ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ-ਕਮ-ਐਫ.ਸੀ.ਆਰ. ਸ੍ਰੀ ਅਨੁਰਾਗ ਅਗਰਵਾਲ, ਡਿਪਟੀ ਕਮਿਸਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਅਤੇ ਮਾਲ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ