ਕਿਸਾਨਾਂ ਨਾਲ ਕੀਤਾ ਵਾਅਦਾ ਹੋਵੇਗਾ ਪੂਰਾ : ਅਮਰਿੰਦਰ 

Anti Drug Campaign, Punjab Govt, CM, Amrinder Singh

ਮੁੱਖ ਮੰਤਰੀ ਨੇ ਕੀਤੀ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ

ਅਸ਼ਵਨੀ ਚਾਵਲਾ, ਚੰਡੀਗੜ: ਪੰਜਾਬ ਦੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਸਬੰਧੀ ਵਿਧਾਨ ਸਭਾ ਵਿੱਚ ਐਲਾਨ ਕਰਨ ਅਤੇ 1500 ਕਰੋੜ ਰੁਪਏ ਦਾ ਫੰਡ ਵੀ ਬਜਟ ਵਿੱਚ ਰਾਖਵਾਂ ਰੱਖਣ ਤੋਂ ਬਾਅਦ ਵੀ ਕਿਸਾਨ ਜਥੇਬੰਦੀਆਂ ਅਮਰਿੰਦਰ ਸਿੰਘ ਦੀ ਸਰਕਾਰ ਤੋਂ ਖੁਸ਼ ਨਹੀਂ ਹਨ। ਅਮਰਿੰਦਰ ਸਿੰਘ ਨੇ ਇਸ ਸਬੰਧੀ ਸਥਿਤੀ ਸਾਫ਼ ਕਰਨ ਲਈ ਪੰਜਾਬ ਦੀਆਂ ਇੱਕ ਦਰਜਨ ਤੋਂ ਵੱਧ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰਨ ਲਈ ਅੱਜ ਉਨ੍ਹਾਂ ਨੂੰ ਚੰਡੀਗੜ ਵਿਖੇ ਸੱਦ ਲਿਆ ਪਰ ਉਨਾਂ ਨੂੰ ਸੰਤੁਸ਼ਟ ਨਹੀਂ ਕਰ ਸਕੇ।

ਜਿਸ ਕਾਰਨ ਇੱਕ ਵਾਰ ਫਿਰ ਤੋਂ ਨਰਾਜ਼ਗੀ ਜ਼ਾਹਰ ਕਰਦੇ ਹੋਏ ਕਿਸਾਨ ਜਥੇਬੰਦੀਆਂ ਨੇ ਅਮਰਿੰਦਰ ਸਿੰਘ ਨੂੰ ਆਪਣੇ ਚੋਣ ਮਨੋਰਥ ਪੱਤਰ ਅਨੁਸਾਰ ਹੀ ਵਾਅਦਾ ਪੂਰਾ ਕਰਨ ਲਈ ਕਿਹਾ ਹੈ।

ਚੰਡੀਗੜ ਵਿਖੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਜ਼ਾ ਮੁਆਫ਼ੀ ਬਾਰੇ ਫੈਸਲੇ ਨੂੰ ਅਮਲ ਵਿਚ ਲਿਆਉਣ ਲਈ ਕਿਸਾਨ ਜਥੇਬੰਦੀਆਂ ਨੂੰ ਨੋਟੀਫਿਕੇਸ਼ਨ ਛੇਤੀ ਜਾਰੀ ਕਰਨ ਦਾ ਭਰੋਸਾ ਦਿੰਦਿਆਂ ਅੱਜ ਸਪੱਸ਼ਟ ਕੀਤਾ ਕਿ ਜਿਨਾਂ ਕਿਸਾਨਾਂ ਦਾ ਕਰਜ਼ਾ ਮੁਆਫ਼ ਹੋ ਚੁੱਕਾ ਹੈ, ਉਨਾਂ ਨੂੰ ਕਰਜ਼ੇ ਦੀ ਮੁੜ ਅਦਾਇਗੀ ਕਰਨ ਤੋਂ ਫੌਰੀ ਤੌਰ ‘ਤੇ ਮੁਕਤ ਕੀਤਾ ਜਾਂਦਾ ਹੈ।

ਅੱਜ ਇੱਥੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ਉਨਾਂ ਦੀ ਸਰਕਾਰ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਲਾਗੂ ਕਰਨ ਲਈ ਕੇਂਦਰ ਸਰਕਾਰ ‘ਤੇ ਆਪਣਾ ਦਬਾਅ ਜਾਰੀ ਰੱਖੇਗੀ। ਮੀਟਿੰਗ ਵਿਚ ਸ਼ਾਮਲ ਸਾਰੀਆਂ ਹੀ ਕਿਸਾਨ ਜਥੇਬੰਦੀਆਂ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਪੱਕਾ ਹੱਲ ਕੱਢਣ ਲਈ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਮਲ ਵਿਚ ਲਿਆਉਣ ‘ਤੇ ਇਕਸੁਰ ਪਹੁੰਚ ਅਪਣਾਈ।