ਸੀਨੀਅਰ ਸਿਟੀਜ਼ਨ ਸਮਾਜ ਦਾ ਅਨਮੋਲ ਸਰਮਾਇਆ : ਡਾ. ਸੋਨਾ ਥਿੰਦ
Senior Citizens News: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਸ਼ਹੀਦੀ ਸਭਾ-2024 ਦੌਰਾਨ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਕੀਤੇ ਗਏ ਸ਼ਲਾਘਾਯੋਗ ਪ੍ਰਬੰਧਾਂ ਤੋਂ ਪ੍ਰਭਾਵਿਤ ਹੋ ਕੇ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ (ਰਜ਼ਿ) ਸਰਹਿੰਦ-ਫ਼ਤਹਿਗੜ੍ਹ ਸਾਹਿਬ ਵੱਲੋਂ ਸਰਹਿੰਦ ਵਿਖੇ ਰੱਖੇ ਇੱਕ ਸਾਦੇ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਤੇ ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।
ਇਹ ਵੀ ਪੜ੍ਹੋ: Lohri 2025: ਪਿੰਡ ਪੱਬਰਾ ’ਚ ਪਹਿਲੀ ਵਾਰ ਮਨਾਈ ਧੀਆਂ ਦੀ ਲੋਹੜੀ, ਮੁੱਖ ਮੰਤਰੀ ਦੀ ਪਤਨੀ ਵਿਸ਼ੇਸ਼ ਤੌਰ ’ਤੇ ਪੁੱਜੇ
ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਕਿਹਾ ਕਿ ਸੀਨੀਅਰ ਸਿਟੀਜ਼ਨ ਸਮਾਜ ਦਾ ਅਨਮੋਲ ਸਰਮਾਇਆ ਹੁੰਦੇ ਹਨ ਅਤੇ ਉਨ੍ਹਾਂ ਨੂੰ ਸਮਾਜ ਵਿੱਚ ਬਣਦਾ ਮਾਣ ਸਨਮਾਨ ਦੇਣਾ ਸਾਡਾ ਮੁੱਢਲਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਸੀਨੀਅਰ ਸਿਟੀਜ਼ਨਾਂ ਦੇ ਤਜ਼ਰਬਿਆਂ ਤੋਂ ਸਾਨੂੰ ਸੇਧ ਲੈਣੀ ਚਾਹੀਦੀ ਹੈ ਕਿਉਂਕਿ ਸੀਨੀਅਰ ਸਿਟੀਜ਼ਨਾਂ ਨੇ ਆਪਣੀ ਜਿੰਦਗੀ ਦੇ ਹਰੇਕ ਖੇਤਰ ਵਿੱਚ ਬੇਮਿਸਾਲ ਪ੍ਰਾਪਤੀਆਂ ਕੀਤੀਆਂ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਵਿਖੇ ਬਤੌਰ ਡਿਪਟੀ ਕਮਿਸ਼ਨਰ ਉਨ੍ਹਾਂ ਨੂੰ ਜੋ ਪਿਆਰ ਤੇ ਸਤਿਕਾਰ ਇੱਥੋਂ ਦੇ ਲੋਕਾਂ ਵੱਲੋਂ ਦਿੱਤਾ ਗਿਆ ਹੈ ਉਹ ਹਮੇਸ਼ਾਂ ਯਾਦ ਰਹੇਗਾ ਅਤੇ ਸੀਨੀਅਰ ਸਿਟੀਜ਼ਨਾਂ ਵੱਲੋਂ ਉਨ੍ਹਾਂ ਨੂੰ ਦਿੱਤੇ ਆਸ਼ੀਰਵਾਦ ਸਦਕਾ ਹੀ ਉਹ ਆਪਣੀ ਬਤੌਰ ਡੀ.ਸੀ. ਪਹਿਲੀ ਪੋਸਟਿੰਗ ਦੌਰਾਨ ਪੇਸ਼ ਆਈਆਂ ਚੁਣੌਤੀਆਂ ਦਾ ਸਫਲਤਾ ਪੂਰਬਕ ਸਾਹਮਣਾ ਕਰ ਚੁੱਕੇ ਹਨ।
ਜ਼ਿਲ੍ਹਾ ਪੁਲਿਸ ਸੀਨੀਅਰ ਸਿਟੀਜ਼ਨਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ : ਜ਼ਿਲ੍ਹਾ ਪੁਲਿਸ ਮੁਖੀ
ਡਾ. ਸੋਨਾ ਥਿੰਦ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਸੀਨੀਅਰ ਸਿਟੀਜਨਾਂ ਦੇ ਕੰਮਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਂਦਾ ਹੈ ਅਤੇ ਸਰਕਾਰੀ ਦਫ਼ਤਰਾਂ ਵਿੱਚ ਆਪਣੇ ਕੰਮਾਂ ਲਈ ਆਉਣ ਵਾਲੇ ਸੀਨੀਅਰ ਸਿਟੀਜ਼ਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਸੀਨੀਅਰ ਸਿਟੀਜ਼ਨਾਂ ਨੂੰ ਕਿਹਾ ਕਿ ਜਿਸ ਤਰ੍ਹਾਂ ਤੁਸੀਂ ਹੁਣ ਤੱਕ ਆਪਣੀ ਉਸਾਰੂ ਸੇਧ ਦਿੱਤੀ ਹੈ ਉਸ ਨੂੰ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇ ਅਤੇ ਉਨ੍ਹਾਂ ਦੀਆਂ ਇੱਛਾਵਾਂ ’ਤੇ ਉਹ ਖਰਾ ਉਤਰਨ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਤਕਰੀਬਨ 30 ਲੱਖ ਸ਼ਰਧਾਲੂ ਨਤਮਸਤਕ ਹੋਣ ਲਈ ਪਹੁੰਚੇ ਸਨ ਅਤੇ ਏਨੇ ਵੱਡੇ ਇਕੱਠ ਲਈ ਸੁਚੱਜੇ ਪ੍ਰਬੰਧ ਪ੍ਰਮਾਤਮਾ ਦੇ ਆਸ਼ੀਰਵਾਦ ਸਦਕਾ ਹੀ ਨੇਪਰੇ ਚੜ੍ਹੇ ਹਨ।
ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਪੁਲਿਸ ਮੁਖੀ ਨੇ ਇਸ ਮੌਕੇ ਸੀਨੀਅਰ ਸਿਟੀਜ਼ਨ ਅਨਿਲ ਅੱਤਰੀ ਵੱਲੋਂ ਤਿਆਰ ਕੀਤੇ ਗਏ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦਾ ਬਣਾਇਆ ਚਿੱਤਰ ਵੀ ਜਾਰੀ ਕੀਤਾ। ਸੀਨੀਅਰ ਸਿਟੀਜਨਾਂ ਨੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੇ ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਦੇ ਕੰਮ ਦੀ ਸ਼ਲਾਘਾ ਵੀ ਕੀਤੀ। ਇਸ ਮੌਕੇ ਸੀਨੀਅਰ ਸਿਟੀਜ਼ਨ ਤਰਸੇਮ ਖੁੱਲਰ ਤੇ ਸੱਤਪਾਲ ਪੁਰੀ ਨੇ ਗੀਤ ਵੀ ਪੇਸ਼ ਕੀਤੇ। ਇਸ ਮੌਕੇ ਐਸ.ਪੀ. (ਡੀ) ਰਾਕੇਸ਼ ਯਾਦਵ, ਜ਼ਿਲ੍ਹਾ ਲੋਕ ਸੰਪਰਕ ਅਫਸਰ ਰਾਜ ਕੁਮਾਰ, ਸੰਸਥਾ ਦੇ ਪ੍ਰਧਾਨ ਆਰ.ਐਨ. ਸ਼ਰਮਾ, ਬਸੀ ਪਠਾਣਾ ਦੇ ਪ੍ਰਧਾਨ ਐਮ.ਐਲ. ਵਰਮਾ, ਪ੍ਰੋ: ਅਸੋਕ ਸੂਦ, ਸੁਰਿੰਦਰ ਭਾਰਦਵਾਜ, ਸੰਸਥਾ ਦੇ ਸਕੱਤਰ ਨਕੇਸ਼ ਜਿੰਦਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੀਨੀਅਰ ਸਿਟੀਜ਼ਨ ਮੌਜੂਦ ਸਨ। Senior Citizens News