ਐੱਸਡੀਐੱਮ ਰਾਹੀਂ ਕੇਂਦਰ ਸਰਕਾਰ ਦੇ ਨਾਂਅ 23 ਨੂੰ ਮੰਗ ਪੱਤਰ ਦੇਣਗੇ
MGNREGA Protest: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਡੈਮੋਕਰੇਟਿਕ ਮਨਰੇਗਾ ਫਰੰਟ ਬਲਾਕ ਸੁਨਾਮ ਦੀ ਆਗੂ ਹਰਪਾਲ ਕੌਰ ਟਿੱਬੀ ਨੇ ਪਿੰਡ ਸੇਰੋਂ ਦੇ ਮਨਰੇਗਾ ਵਰਕਰਾਂ ਨਾਲ ਮੀਟਿੰਗ ਕੀਤੀ। ਮਨਰੇਗਾ ਵਰਕਰਾਂ ਨੂੰ ਜਾਣਕਾਰੀ ਦਿੰਦੇ ਕਿਹਾ ਕਿ ਕੇਂਦਰ ਸਰਕਾਰ ਨੇ ਪਾਰਲੀਮੈਂਟ ਵਿੱਚ ਮਨਰੇਗਾ ਕਾਨੂੰਨ ਖਤਮ ਕਰਕੇ ਦੇਸ਼ ਦੇ ਹੇਠਲੇ ਵਰਗ ਦਾ ਸੰਵਿਧਾਨਕ ਹੱਕ ਖੋਹ ਲਿਆ ਹੈ, ਨਵੇਂ ਲਿਆਂਦੇ ਕਾਨੂੰਨ ਵਿਕਸਤ ਭਾਰਤ ਜੀ ਰਾਮ ਜੀ ਲਿਆ ਕੇ ਸੂਬਿਆਂ ਦਾ ਹੱਕ ਮਾਰਿਆ ਹੈ। ਡੈਮੋਕ੍ਰੇਟਿਕ ਮਨਰੇਗਾ ਫਰੰਟ ਦੇ ਸੂਬਾ ਪ੍ਰਧਾਨ ਰਾਜ ਕੁਮਾਰ ਕਨਸੂਹਾ ਨੇ ਕਿਹਾ ਪੰਜਾਬ ਵਰਗਾ ਸੂਬਾ ਜੋ ਪਹਿਲਾਂ ਹੀ ਕਰਜ਼ੇ ਵਿੱਚ ਡੁੱਬਿਆ ਹੋਇਆ ਹੈ ਉਹ 40 ਫੀਸਦੀ ਪੈਸਾ ਕਿਵੇਂ ਪਾ ਸਕਦਾ ਹੈ ਕਿਉਂਕਿ ਪਹਿਲਾਂ ਕੇਂਦਰ 90 ਫੀਸਦੀ ਹਿੱਸਾ ਤੇ ਸੂਬਾ 10 ਫੀਸਦੀ ਹਿੱਸਾ ਪਾਉਂਦਾ ਸੀ। ਹੁਣ ਉਹ ਰੇਸੋ 60:40 ਕਰ ਦਿੱਤੀ ਹੈ।
ਇਹ ਵੀ ਪੜ੍ਹੋ: ‘ਪਿੰਡਾਂ ਦੀ ਪਾਰਟੀ ਕਹਾਉਣ ਵਾਲੀ ਤੀਜੇ ਨੰਬਰ ’ਤੇ ਰਹੀ ਐ ਤਾਂ ਕਿਵੇਂ ਆ ਗਿਐ ‘ਡਾਇਨਾਸੌਰ’’
ਦੂਸਰਾ ਜੋ ਮਟੀਰੀਅਲ ਕਾਸਟ ਵਿੱਚੋਂ ਪਿੰਡਾਂ ਦੇ ਵਿਕਾਸ ਲਈ ਪੈਸਾ ਆਉਂਦਾ ਸੀ ਉਹ ਨਾ ਆਉਣ ਕਰਕੇ ਪਿੰਡਾਂ ਦੇ ਵਿਕਾਸ ਕਾਰਜ ਵੀ ਪ੍ਰਭਾਵਿਤ ਹੋਣਗੇ। ਜਦੋਂਕਿ ਮਨਰੇਗਾ ਕਾਨੂੰਨ ਦੀ ਅਸਲ ਭਾਵਨਾ ਤਹਿਤ ਪਹਿਲਾਂ ਵੀ ਇਸ ਨੂੰ ਪੰਜਾਬ ਵਿੱਚ ਕਿਸੇ ਵੀ ਸਰਕਾਰ ਵੱਲੋਂ ਲਾਗੂ ਨਹੀਂ ਕੀਤਾ ਗਿਆ। ਵਿਕਸਤ ਭਾਰਤ ਰਾਮ ਜੀ ਰਾਮ ਨਾਂਅ ਰੱਖ ਕੇ ਪਬਲਿਕ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
ਮਨਰੇਗਾ ਕਾਨੂੰਨ ਖਤਮ ਕਰਕੇ ਕੇਂਦਰ ਸਰਕਾਰ ਨੇ ਸਭ ਤੋਂ ਹੇਠਲੇ ਵਰਗ ਦਾ ਹੱਕ ਖੋਹਿਆ : ਡੀਐਮਐਫ
ਉਨ੍ਹਾਂ ਕਿਹਾ ਕਿ 125 ਦਿਨ ਕਰਕੇ ਇਸ ਦੇ ਵਿਰੋਧ ਨੂੰ ਮੱਠਾ ਕਰਨ ਦੀ ਕੋਸ਼ਿਸ਼ ਹੈ ਜਦੋਂਕਿ ਪਹਿਲਾਂ ਹੀ ਔਸਤ 38 ਦਿਨ ਤੋਂ ਵੱਧ ਕੰਮ ਨਹੀਂ ਦਿੱਤਾ, ਇਸ ਸਾਲ ਵਿੱਚ ਹੁਣ ਤੱਕ ਔਸਤ 26 ਦਿਨ ਹੀ ਕੰਮ ਦਿੱਤਾ ਹੈ। ਸਿਰਫ ਨਾਮ ਬਦਲਣ ਨਾਲ ਵਿਕਾਸ ਨਹੀਂ ਹੋਣਾ, ਉਲਟਾ ਕਰੋੜਾਂ ਰੁਪਏ ਦਾ ਨੁਕਸਾਨ ਹੀ ਹੋਵੇਗਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡੀ.ਐਮ.ਐਫ ਦੇ ਆਗੂ ਜੀਤ ਸਿੰਘ ਟਿੱਬੀ, ਹਰਜੀਤ ਸਿੰਘ, ਭਗਵਾਨਪੁਰਾ, ਸੁਖਪਾਲ ਕੌਰ ਸੇਰੋਂ ਨੇ ਕਿਹਾ ਕਿ ਬੀ.ਜੇ.ਪੀ ਦੀ ਕੇਂਦਰ ਸਰਕਾਰ ਵਲੋਂ ਮਨਰੇਗਾ ਕਾਨੂੰਨ ਨੂੰ ਖਤਮ ਕਰਨ ਦੇ ਵਿਰੋਧ ਵਿੱਚ 22 ਦਸੰਬਰ ਤੋਂ 5 ਜਨਵਰੀ ਤੱਕ ਪੰਦਰਵਾੜੇ ਤਹਿਤ ਬਲਾਕ ਪੱਧਰੀ ਰੋਸ ਪ੍ਰਦਰਸ਼ਨ, ਰੈਲੀਆਂ ਜਨਤਕ ਮੀਟਿੰਗਾਂ ਕੀਤੀਆਂ ਜਾਣਗੀਆਂ।
ਸੁਨਾਮ ਤਹਿਸੀਲ ਦੇ ਵਿੱਚ ਐਸਡੀਐਮ ਰਾਹੀਂ ਕੇਂਦਰ ਸਰਕਾਰ ਦੇ ਨਾਮ 23 ਦਸੰਬਰ ਨੂੰ ਮੰਗ ਪੱਤਰ ਦਿੱਤਾ ਜਾਵੇਗਾ, ਉਹਨਾਂ ਕਿਹਾ ਕਿ ਵੱਖ-ਵੱਖ ਕਿਸਾਨ ਮਜ਼ਦੂਰ ਅਤੇ ਹੋਰ ਸੰਘਰਸ਼ ਕਰਦੀਆਂ ਧਿਰਾਂ ਨਾਲ ਜਲਦੀ ਹੀ ਸਾਂਝੀ ਮੀਟਿੰਗ ਕਰਕੇ ਇਸ ਦੀ ਰੂਪ ਰੇਖਾ ਤਿਆਰ ਕਰਕੇ ਕੇਂਦਰ ਸਰਕਾਰ ਖਿਲਾਫ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਭੋਲਾ ਸਿੰਘ, ਰੂਪ ਸਿੰਘ, ਗੁਰਮੀਤ ਸਿੰਘ, ਜਸਵਿੰਦਰ ਸਿੰਘ ਭਗਵਾਨਪੁਰਾ ਨੇ ਸ਼ਮੂਲੀਅਤ ਕੀਤੀ। MGNREGA Protest














