ਭਾਰਤ-ਸ਼੍ਰੀਲੰਕਾ ਵਿਚਕਾਰ ਇੱਕ ਪਾਸੜ ਤੇ ਕੈਨੇਡਾ-ਨਿਊਜ਼ੀਲੈਂਡ ‘ਚ ਹੋਇਆ ਰੋਮਾਂਚਕ ਮੁਕਾਬਲਾ
ਮੁਕਾਬਲਿਆਂ ਦੌਰਾਨ ਪੰਜਾਬੀ ਕਲਾਕਾਰਾਂ ਨੇ ਬੰਨਿਆ ਰੰਗ
ਸਤਪਾਲ ਥਿੰਦ/ਵਿਜੈ ਹਾਂਡਾ/ਫਿਰੋਜ਼ਪੁਰ/ਗੁਰੂਹਰਸਹਾਏ। ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਦੇ ਤੀਜੇ ਦਿਨ ਗੁਰੂ ਰਾਮਦਾਸ ਸਟੇਡੀਅਮ ਗੁਰੂਹਰਸਹਾਏ ਵਿਖੇ ਹੋਏ 3 ਮੁਕਾਬਲੇ ਭਾਰਤ ਬਨਾਮ ਸ੍ਰੀਲੰਕਾ, ਅਸਟ੍ਰੇਲੀਆ ਬਨਾਮ ਇੰਗਲੈਂਡ ਅਤੇ ਕੈਨੇਡਾ ਬਨਾਮ ਨਿਊਜੀਲੈਂਡ ਦੀਆਂ ਟੀਮਾਂ ਵਿਚਕਾਰ ਹੋਏ, ਇਸ ਦਾ ਉਦਘਾਟਨ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਕੀਤਾ ਗਿਆ। ਪਹਿਲਾ ਮੈਚ ਭਾਰਤ ਅਤੇ ਸ਼੍ਰੀਲੰਕਾ ਦੀਆਂ ਟੀਮਾਂ ਵਿਚਾਲੇ ਹੋਇਆ, ਜਿਸ ਵਿੱਚ ਭਾਰਤ ਨੇ ਇੱਕ ਪਾਸੜ ਮੁਕਾਬਲੇ ਵਿੱਚ ਸ਼੍ਰੀਲੰਕਾ ਨੂੰ 63-22 ਨਾਲ ਮਾਤ ਦਿੱਤੀ।ਦੂਜਾ ਮੈਚ ਅਸਟ੍ਰੇਲੀਆ ਅਤੇ ਇੰਗਲੈਂਡ ਦਰਮਿਆਨ ਹੋਇਆ, ਜਿਸ ਵਿਚ ਇੰਗਲੈਂਡ ਨੇ ਅਸਟਰੇਲੀਆ ਨੂੰ 44-33 ਅੰਕਾਂ ਦੇ ਫਰਕ ਨਾਲ ਹਰਾਇਆ। ਇਸੇ ਤਰ੍ਹਾਂ ਕੈਨੇਡਾ ਅਤੇ ਨਿਊਜ਼ੀਲੈਂਡ ਵਿਚਾਲੇ ਹੋਏ ਬੇਹੱਦ ਰੋਮਾਂਚਕਾਰੀ ਮੁਕਾਬਲੇ ਵਿੱਚ ਕੈਨੇਡਾ ਨੇ ਨਿਊਜ਼ੀਲੈਂਡ ਨੂੰ 43-34 ਅੰਕਾਂ ਦੇ ਫਰਕ ਨਾਲ ਮਾਤ ਦਿੱਤੀ।
ਮੁਕਾਬਲਿਆਂ ਦੀ ਸ਼ੁਰੂਆਤ ਤੋਂ ਪਹਿਲਾਂ ਵਿਧਾਇਕ ਰਮਿੰਦਰ ਸਿੰਘ ਆਵਲਾ, ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਅਜਾਇਬ ਸਿੰਘ ਭੱਟੀ, ਡਿਪਟੀ ਕਮਿਸ਼ਨਰ ਚੰਦਰ ਗੈਂਦ ਦੀ ਹਾਜ਼ਰੀ ਵਿਚ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸ਼ਿਰਕਤ ਕਰ ਰਹੀਆਂ 6 ਟੀਮਾਂ ਦੇ ਮਾਰਚ ਪਾਸਟ ਤੋਂ ਸਲਾਮੀ ਲਈ ਅਤੇ ਉਨ੍ਹਾਂ ਨਾਲ ਜਾਣ-ਪਛਾਣ ਵੀ ਕੀਤੀ। ਇਸ ਦੌਰਾਨ ਪ੍ਰਸਿੱਧ ਪੰਜਾਬੀ ਗਾਇਕਾ ਮਿਸ ਪੂਜਾ ਅਤੇ ਸੰਦੀਪ ਬਰਾੜ ਨੇ ਆਪਣੇ ਗੀਤਾਂ ਨਾਲ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕੀਤਾ। ਮੁਕਾਬਲਿਆਂ ਦੌਰਾਨ ਗੁਰੂਹਰਸਹਾਏ ਤੋਂ ਇਲਾਵਾ ਆਲੇ-ਦੁਆਲੇ ਦੇ ਲੋਕਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ ਤੇ ਉਨ੍ਹਾਂ ਵਿਚ ਮੈਚ ਦੇਖਣ ਦਾ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਕਬੱਡੀ ਟੂਰਨਾਮੈਂਟ ਦਾ ਸਾਰਾ ਪ੍ਰੋਗਰਾਮ ਏਡੀਸੀ (ਜ)ਰਵਿੰਦਰ ਸਿੰਘ ਦੀ ਦੇਖ-ਰੇਖ ਵਿਚ ਹੋਇਆ।
ਗੁਰੂਹਰਸਹਾਏ ਦੀ ਧਰਤੀ ‘ਤੇ ਪਹਿਲੀ ਵਾਰ ਵਿਸ਼ਵ ਕਬੱਡੀ ਕੱਪ
ਗੁਰੂਹਰਸਹਾਏ ਦੇ ਗੁਰੂ ਰਾਮਦਾਸ ਸਟੇਡੀਅਮ ਵਿਖੇ ਹੋਏ ਵਿਸ਼ਵ ਕਬੱਡੀ ਕੱਪ ਦੇ ਉਦਘਾਟਨ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਨੇ ਦੱਸਿਆ ਕਿ 10 ਦਸੰਬਰ ਤੱਕ ਚੱਲਣ ਵਾਲੇ ਇਸ ਟੂਰਨਾਮੈਂਟ ਦੌਰਾਨ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਮੈਚ ਖੇਡੇ ਜਾਣਗੇ, ਜਿਨ੍ਹਾਂ ਦੇ ਮੈਚ ਕਪੂਰਥਲਾ, ਅੰਮ੍ਰਿਤਸਰ ਹੋਣ ਤੋਂ ਬਾਅਦ ਅੱਜ ਗੁਰੂਹਰਸਹਾਏ ਵਿਖੇ ਹੋਣ ਤੋਂ ਇਲਾਵਾ ਬਠਿੰਡਾ, ਪਟਿਆਲਾ, ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣਗੇ, ਜਦਕਿ ਫਾਈਨਲ ਮੈਚ 10 ਦਸੰਬਰ ਨੂੰ ਡੇਰਾ ਬਾਬਾ ਨਾਨਕ (ਗੁਰਦਾਸਪੁਰ) ਵਿਖੇ ਹੋਵੇਗਾ। ਇਸ ਦੌਰਾਨ ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਕਿਹਾ ਕਿ ਗੁਰੂਹਰਸਹਾਏ ਦੀ ਧਰਤੀ ‘ਤੇ ਇਹ ਮੁਕਾਬਲੇ ਕਰਵਾ ਕੇ ਇੱਕ ਇਤਿਹਾਸ ਰਚਿਆ ਜਾ ਰਿਹਾ ਹੈ, ਜਿਸ ਵਿਚ ਇੰਨਾ ਵੱਡਾ ਇੱਕਠ ਅਤੇ ਖਿਡਾਰੀਆਂ ਦੇ ਨਾਲ-ਨਾਲ ਦਰਸ਼ਕਾਂ ਵਿਚ ਵੀ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।