ਯੋਗੀ ਸਰਕਾਰ ਦਾ ਦਾਅਵਾ: ਯੂਪੀ ਵਿੱਚ ਗੰਨਾ ਕਿਸਾਨਾਂ ਦੀ ਰਿਕਾਰਡ ਤੋੜ ਅਦਾਇਗੀ
ਲਖਨਊ। ਉੱਤਰ ਪ੍ਰਦੇਸ਼ ਸਰਕਾਰ ਨੇ ਸੂਬੇ ਦੇ ਕਿਸਾਨਾਂ ਦੇ ਬਕਾਏ ਦੀ ਹੁਣ ਤੱਕ ਦੀ ਸਭ ਤੋਂ ਵੱਧ ਅਦਾਇਗੀ ਹੋਣ ਦਾ ਦਾਅਵਾ ਕਰਦਿਆਂ ਕਿਹਾ ਹੈ ਕਿ ਮੌਜ਼ੂਦਾ ਯੋਗੀ ਸਰਕਾਰ ਦੇ ਕਾਰਜਕਾਲ ਦੌਰਾਨ ਅਦਾਇਗੀ ਦਾ ਅੰਕੜਾ ਡੇਢ ਲੱਖ ਕਰੋੜ ਰੁਪਏ ਨੂੰ ਪਾਰ ਕਰ ਗਿਆ ਹੈ। ਮੁੱਖ ਮੰਤਰੀ ਦਫ਼ਤਰ ਵੱਲੋਂ ਬੁੱਧਵਾਰ ਨੂੰ ਦਿੱਤੀ ਗਈ ਜਾਣਕਾਰੀ ਅਨੁਸਾਰ ਯੋਗੀ ਸਰਕਾਰ ਨੇ ਹੁਣ ਤੱਕ ਗੰਨਾ ਕਿਸਾਨਾਂ ਦੇ 1.51 ਲੱਖ ਕਰੋੜ ਰੁਪਏ ਦੇ ਬਕਾਏ ਦਾ ਕਿਸਾਨਾਂ ਨੂੰ ਭੁਗਤਾਨ ਕਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਯੂਪੀ ਵਿੱਚ ਗੰਨਾ ਕਿਸਾਨਾਂ ਦੇ ਬਕਾਏ ਦਾ ਭੁਗਤਾਨ ਨਾ ਹੋਣਾ ਪਿਛਲੇ ਕੁਝ ਦਹਾਕਿਆਂ ਤੋਂ ਕਿਸਾਨਾਂ ਦੀ ਸਭ ਤੋਂ ਗੰਭੀਰ ਸਮੱਸਿਆ ਬਣ ਗਈ ਸੀ। ਗੰਨਾ ਕਿਸਾਨਾਂ ਦੀ ਅਦਾਇਗੀ ਸਬੰਧੀ ਸਰਕਾਰੀ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਸਰਕਾਰ ਦਾ ਦਾਅਵਾ ਹੈ ਕਿ 2017 ਤੋਂ ਪਹਿਲਾਂ ਦੇ 10 ਸਾਲਾਂ ਵਿੱਚ ਬਸਪਾ ਅਤੇ ਸਪਾ ਸਰਕਾਰਾਂ ਮਿਲ ਕੇ ਵੀ ਇੰਨੀ ਅਦਾਇਗੀ ਨਹੀਂ ਕਰ ਸਕੀਆਂ। ਖੇਤੀਬਾੜੀ ਮੰਤਰਾਲੇ ਦੇ ਅੰਕੜਿਆਂ ਅਨੁਸਾਰ 2012 ਤੋਂ 2017 ਦਰਮਿਆਨ ਸਪਾ ਸਰਕਾਰ ਦੇ ਕਾਰਜਕਾਲ ਦੌਰਾਨ ਗੰਨਾ ਕਿਸਾਨਾਂ ਦੇ ਬਕਾਏ ਦਾ ਕੁੱਲ 95 ਹਜ਼ਾਰ ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ ਹੈ। ਇਸਦੇ ਨਾਲ ਹੀ 2007 ਤੋਂ 2012 ਤੱਕ ਬਸਪਾ ਸਰਕਾਰ ਦੇ ਕਾਰਜਕਾਲ ਦੌਰਾਨ ਇਸ ਮਦ ਵਿੱਚ ਕੁੱਲ ਭੁਗਤਾਨ 55 ਹਜ਼ਾਰ ਕਰੋੜ ਰੁਪਏ ਹੋਇਆ। ਜਦਕਿ ਯੋਗੀ ਸਰਕਾਰ ਦੀ ਹੁਣ ਤੱਕ ਕੁੱਲ ਅਦਾਇਗੀ 1,51,508 ਕਰੋੜ ਰੁਪਏ ਹੋ ਚੁੱਕੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ














