ਪਰਿਵਾਰ ਨੇ ਕਤਲ ਦਾ ਸ਼ੱਕ ਜਤਾਉਂਦਿਆਂ ਸਰਕਾਰੀ ਹਸਪਤਾਲ ‘ਚ ਕੀਤਾ ਹੰਗਾਮਾ
ਬਰਨਾਲਾ, (ਜਸਵੀਰ ਸਿੰਘ ਗਹਿਲ) ਬਰਨਾਲਾ ਜ਼ਿਲ੍ਹੇ ਦੇ ਤਪਾ ਮੰਡੀ ਵਿਖੇ ਦੇਰ ਰਾਤ ਵਾਪਰੇ ਇੱਕ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੇ ਵਾਰਸਾਂ ਨੇ ਤਪਾ ਦੇ ਇੱਕ ਸ਼ਰਾਬ ਕਾਰੋਬਾਰੀ ‘ਤੇ ਨੌਜਵਾਨ ਨੂੰ ਆਪਣੀ ਗੱਡੀ ਹੇਠਾਂ ਕੁਚਲ ਕੇ ਉਸਦੀ ਹੱਤਿਆ ਕਰਨ ਦਾ ਦੋਸ਼ ਲਗਾਇਆ ਹੈ। ਇਸ ਮਾਮਲੇ ‘ਚ ਪੁਲਿਸ ਵਲੋਂ ਕੇਸ ਦਰਜ਼ ਨਾ ਕਰਨ ਦੇ ਵਿਰੋਧ ਵਿੱਚ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਸਥਾਨਕ ਸਰਕਾਰੀ ਹਸਪਤਾਲ ‘ਚ ਧਰਨਾ ਲਾਇਆ।
ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਜੋਨੀ, ਦਲਜੀਤ ਕੁਮਾਰ ਅਤੇ ਜਸਪਾਲ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਦੇਰ ਰਾਤ ਉਹਨਾਂ ਦੇ ਭਰਾ ਨੂੰ ਤਪਾ ਦੇ ਸ਼ਰਾਬ ਦੇ ਠੇਕੇਦਾਰਾਂ ਨੇ ਫ਼ੋਨ ਕਰਕੇ ਸੜਕ ‘ਤੇ ਬੁਲਾਇਆ ਅਤੇ ਕਿਹਾ ਕਿ ਨਜ਼ਾਇਜ਼ ਸ਼ਰਾਬ ਦੀ ਇੱਕ ਗੱਡੀ ਇਲਾਕੇ ‘ਚ ਆਈ ਹੋਈ ਹੈ। ਜਿਸ ਪਿੱਛੋਂ ਉਨ੍ਹਾਂ ਦਾ ਭਰਾ ਕਾਰ ਲੈ ਕੇ ਦੋਸ਼ੀਆਂ ਵਲੋਂ ਦੱਸੇ ਪਤੇ ‘ਤੇ ਪੁੱਜ ਗਿਆ, ਜਿੱਥੇ ਸ਼ਰਾਬ ਦੇ ਕਾਰੋਬਾਰੀਆਂ ਨੇ ਉਸਨੂੰ ਕਾਰ ਤੋਂ ਬਾਹਰ ਨਿਕਲਣ ਲਈ ਕਿਹਾ।
ਜਿੱਥੇ ਕਾਰ ‘ਚੋਂ ਨਿਕਲਦਿਆਂ ਹੀ ਸ਼ਰਾਬ ਦੇ ਕਾਰੋਬਾਰੀਆਂ ਨੇ ਉਨਾਂ ਦੇ ਭਰਾ ਉਪਰ ਕਥਿੱਤ ਕਾਰ ਚੜਾ ਕੇ ਉਸਦੀ ਹੱਤਿਆ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਕੁੱਝ ਦਿਨ ਪਹਿਲਾਂ ਮੁਲਜ਼ਮਾਂ ਵਿੱਚੋਂ ਇੱਕ ਵਿਅਕਤੀ ਨੇ ਮ੍ਰਿਤਕ ਨੂੰ 4 ਪੇਟੀਆਂ ਅੰਗਰੇਜ਼ੀ ਸ਼ਰਾਬ ਸਮੇਤ ਕਾਬੂ ਕੀਤਾ ਸੀ। ਇਸੇ ਗੱਲ ਨੂੰ ਲੈ ਕੇ ਉਸਦੇ ਭਰਾ ਦੀ ਹੱਤਿਆ ਕੀਤੀ ਗਈ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਹਾਦਸਾ ਗ੍ਰਸਤ ਗੱਡੀ ਰਾਤ ਦੀ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਖੜੀ ਹੈਪਰ ਪੁਲਿਸ ਵਲੋਂ ਅਜੇ ਤੱਕ ਸਬੰਧਿਤ ਗੱਡੀ ਨੂੰ ਆਪਣੇ ਕਬਜ਼ੇ ਵਿੱਚ ਨਹੀਂ ਲਿਆ ਗਿਆ। ਉਨਾਂ ਕਿਹਾ ਕਿ ਉਹ ਦਲਿਤ ਹਨ, ਜਿਸ ਕਾਰਨ ਪੁਲਿਸ ਦੁਆਰਾ ਮੁਲਜ਼ਮਾਂ ਵਿਰੁੱਧ ਧਾਰਾ 302 ਦੀ ਜਗਾ 304 ਦਾ ਕੇਸ ਦਰਜ਼ ਕਰਕੇ ਉਨ੍ਹਾਂ ਨਾਲ ਨਾਇਨਸਾਫ਼ੀ ਕੀਤੀ ਜਾ ਰਹੀ ਹੈ। ਪੁਲੀਸ ਅਧਿਕਾਰੀਆਂ ਦੁਆਰਾ ਮਾਮਲੇ ਦੀ ਜਾਂਚ ਦਾ ਭਰੋਸਾ ਦਿਵਾਏ ਜਾਣ ਪਿੱਛੋਂ ਧਰਨਾਕਾਰੀਆਂ ਵੱਲੋਂ ਧਰਨਾ ਸਮਾਪਤ ਕਰ ਦਿੱਤਾ ਗਿਆ।
ਮਾਮਲੇ ਸਬੰਧੀ ਸੰਪਰਕ ਕਰਨ ‘ਤੇ ਡੀਐਸਪੀ ਵਰਿੰਦਰਪਾਲ ਸਿੰਘ ਨੇ ਕਿਹਾ ਕਿ ਰਾਤ ਇੱਕ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋਈ ਹੈ ਅਤੇ ਇੱਕ ਜ਼ਖ਼ਮੀ ਹੈ। ਜਿਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਪੜਤਾਲ ਉਪਰੰਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।